ਜਲੰਧਰ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਵੋਟਿੰਗ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਅਧੀਨ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ
- ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਦਾ ਸੱਦਾ
ਜਲੰਧਰ, 6 ਅਪ੍ਰੈਲ 2023: ਨੌਜਵਾਨ ਵੋਟਰਾਂ ਵਿੱਚ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਪ੍ਰਸ਼ਾਸਨ ਵੱਲੋਂ 'ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ' (ਸਵੀਪ) ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਬਹੁ-ਪੱਖੀ ਰਣਨੀਤੀ ਅਪਣਾਈ ਗਈ ਹੈ ਤਾਂ ਜੋ 10 ਮਈ 2023 ਨੂੰ ਵੋਟਾਂ ਵਾਲੇ ਦਿਨ ਵੱਧ ਤੋਂ ਵੱਧ ਵੋਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕਈ ਵਿੱਦਿਅਕ ਸੰਸਥਾਵਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਕੈਂਪ ਲਾਉਣ ਦੇ ਨਾਲ-ਨਾਲ, ਵੋਟ ਦੀ ਮਹੱਤਤਾ ਵਿਸ਼ੇ ’ਤੇ ਸੈਮੀਨਾਰ, ਨੈਤਿਕ ਵੋਟਿੰਗ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।
ਇਸੇ ਕੜੀ ਵਿੱਚ ਅੱਜ ਸਥਾਨਕ ਸਰਕਾਰੀ ਕਾਲਜ ਆਫ਼ ਐਜੂਕੇਸ਼ਨ (ਬੀ.ਐੱਡ) ਵਿਖੇ ਨੈਤਿਕ ਵੋਟਿੰਗ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਬਿਨ੍ਹਾਂ ਕਿਸੇ ਲਾਲਚ ਅਤੇ ਡਰ ਭੈਅ ਤੋਂ ਆਪਣੀ ਮਰਜ਼ੀ ਨਾਲ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਵੋਟਰ ਰਜਿਸਟ੍ਰੇਸ਼ਨ ਕੈਂਪ ਲਾ ਕੇ ਯੋਗ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਕੀਤੀ ਗਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰ ਤੋਂ ਬੂਥ ਪੱਧਰ ਤੱਕ ਸਵੀਪ ਮੁਹਿੰਮ ਤਹਿਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਹਸਤਾਖਰ ਮੁਹਿੰਮ, ਡੋਰ-ਟੂ-ਡੋਰ ਮੁਹਿੰਮ, ਸਟਿੱਕਰ ਲਾਉਣੇ ਆਦਿ ਗਤੀਵਿਧੀਆਂ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਸਰਗਰਮੀਆਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ, ਜਿਸ ਦੇ ਲਈ ਪ੍ਰਸ਼ਾਸਨ ਵੱਲੋਂ ਨੁੱਕੜ ਨਾਟਕ, ਵੋਟਿੰਗ ਮਸ਼ੀਨਾਂ ਸਬੰਧੀ ਜਾਗਰੂਕਤਾ, ਵੋਟਰ ਪ੍ਰਣ, ਵਾਲ ਪੇਟਿੰਗ, ਸਾਈਕਲ ਰੈਲੀ, ਸਵੀਪ ਰੈਲੀ ਸਮੇਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਗਈਆਂ ਹਨ।
ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਲਈ ਗੈਰ ਸਰਕਾਰੀ ਸੰਸਥਾਵਾਂ ਅਤੇ ਵਿੱਦਿਅਕ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਇਸ ਜਾਗਰੂਕਤਾ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।