ਪ੍ਰਾਈਵੇਟ ਸਕੂਲ ਬੱਸ ਆਪ੍ਰੇਟਰਜ਼ ਯੂਨੀਅਨ ਨੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
...ਸਕੂਲ ਬੱਸ ਆਪ੍ਰੇਟਰਾਂ ਦੀ ਸਮੱਸਿਆਵਾਂ ਦਾ ਜਲਦ ਕੀਤਾ ਜਾਵੇਗਾ ਹੱਲ -ਹਰਚੰਦ ਸਿੰਘ ਬਰਸਟ
...ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਉਠਾਏ ਬੇਮਿਸਾਲ ਕਦਮ- ਹਰਚੰਦ ਸਿੰਘ ਬਰਸਟ
ਜਲੰਧਰ 11 ਅਪ੍ਰੈਲ 2023 - ਆਮ ਆਦਮੀ ਪਾਰਟੀ (ਆਪ) ਨੇ ਜਲੰਧਰ 'ਚ ਹੋਣ ਜਾ ਰਹੀਆਂ ਉਪ ਚੋਣਾਂ ਨੂੰ ਲੈ ਕੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਜਿਸ ਕਾਰਨ ਅੱਜ ਪ੍ਰਾਈਵੇਟ ਸਕੂਲ ਬੱਸ ਆਪਰੇਟਰਜ਼ ਯੂਨੀਅਨ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ।
‘ਆਪ’ ਦੇ ਅਹੁਦੇਦਾਰ ਆਈ.ਐਸ.ਬੱਗਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਪ੍ਰਾਈਵੇਟ ਸਕੂਲ ਬੱਸ ਆਪਰੇਟਰਜ਼ ਯੂਨੀਅਨ ਦੇ ਅਹੁਦੇਦਾਰਾਂ ਨੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ‘ਆਪ’ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਭਰੋਸਾ ਦਿੱਤਾ ਕਿ ਉਹ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨਗੇ ਅਤੇ ਪਾਰਟੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਭਾਰੀ ਵੋਟਾਂ ਨਾਲ ਜਿਤਾਉਣਗੇ।
‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਯੂਨੀਅਨ ਦੇ ਅਹੁਦੇਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਬਰਸਟ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਕਦਮ ਚੁੱਕੇ ਹਨ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ ’ਤੇ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਆਪਣਾ ਵਾਅਦਾ ਪੂਰਾ ਕਰ ਚੁੱਕੀ ਹੈ।
ਇਸ ਮੌਕੇ ਬੈਠਕ ਵਿਚ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਆਤਮ ਪ੍ਰਕਾਸ਼ ਬੱਬਲੂ, ਪ੍ਰਾਈਵੇਟ ਸਕੂਲ ਬੱਸ ਆਪਰੇਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਕੁਲਵੰਤ ਸਿੰਘ ਬਿੱਟਾ, ਕੁਲਦੀਪ ਸਿੰਘ, ਸੰਦੀਪ ਸਿੰਘ, ਬਲਬੀਰ ਸਿੰਘ, ਕੁਲਬੀਰ ਸਿੰਘ, ਗੁਰਮੀਤ ਸਿੰਘ ਅਤੇ ਐਸੋਸੀਏਸ਼ਨ ਦੇ ਹੋਰ ਆਗੂ ਵੀ ਸ਼ਾਮਲ ਸਨ।