ਅਸ਼ਵਨੀ ਸ਼ਰਮਾ ਨੇ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਸੰਪਰਕ, ਅਟਵਾਲ ਦੇ ਹੱਕ 'ਚ ਮੰਗਿਆ ਸਮਰਥਨ
- ਅਸ਼ਵਨੀ ਸ਼ਰਮਾ ਨੇ ਮਹਾ ਜਨ ਸੰਪਰਕ ਮੁਹਿੰਮ ਦੀ ਫਿਲੌਰ ਤੋਂ ਕੀਤੀ ਸ਼ੁਰੂਆਤ।
ਜਲੰਧਰ, 23 ਅਪ੍ਰੈਲ 2023 - ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਦੀ ਫਿਲੌਰ ਵਿਧਾਨ ਸਭਾ ਤੋਂ ਲੋਕ ਸਭਾ ਜ਼ਿਮਨੀ ਚੋਣ ਲਈ ਸ਼ੁਰੂ ਕੀਤੀ ਮਹਾ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸੇ ਕੜੀ ਵਿੱਚ ਅਸ਼ਵਨੀ ਸ਼ਰਮਾ ਨੇ ਵਰਕਰਾਂ ਦੇ ਨਾਲ ਪਿੰਡ ਕੂੜਕੀ ਅਧੀਨ ਪੈਂਦੇ ਗੁਰਾਇਆ ਮੰਡਲ ਵਿੱਚ ਮਹਾਂ ਜਨ ਸੰਪਰਕ ਅਭਿਆਨ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਲੋਕ ਪਖੀ ਨੀਤੀਆਂ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਪੰਜਾਬ ਤੇ ਲੋਕ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਲੋਕਾਂ ਨੂੰ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕੀਤਾ।
ਅਸ਼ਵਨੀ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਇਸ ਵੇਲੇ ਹਵਾ ਪੂਰੀ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਹੈ ਅਤੇ ਭਾਜਪਾ ਗਠਜੋੜ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਉਪ ਚੋਣ ਵਿੱਚ ਭਾਰੀ ਬਹੁਮਤ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ। ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਸਾਫ਼ ਸੁਥਰੇ ਅਕਸ ਵਾਲੇ ਉਮੀਦਵਾਰ ਹਨ ਅਤੇ ਲੋਕਾਂ ਦੇ ਹਰਮਨ ਪਿਆਰੇ ਆਗੂ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦਾ ਵੱਖ-ਵੱਖ ਥਾਵਾਂ 'ਤੇ ਸਵਾਗਤ ਅਤੇ ਸਨਮਾਨ ਕਰ ਰਹੇ ਹਨ, ਉਸ ਤੋਂ ਸਾਫ਼ ਹੋ ਗਿਆ ਹੈ ਕਿ ਉਨ੍ਹਾਂ ਦੀ ਜਿੱਤ ਯਕੀਨੀ ਹੈ ਅਤੇ ਲੋਕ ਉਨ੍ਹਾਂ ਨੂੰ ਪੂਰਾ ਸਮਰਥਨ ਦੇ ਰਹੇ ਹਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸ਼ਾਸਨ ਦੌਰਾਨ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਢਹਿ ਢੇਰੀ ਹੋ ਚੁੱਕੀ ਹੈ ਅਤੇ ਅਪਰਾਧਿਕ ਗਤੀਵਿਧੀਆਂ ਦਿਨੋਂ-ਦਿਨ ਵੱਧਿਆਂ ਹਨ, ਜਿਸ ਕਾਰਨ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਪਹਿਲਾਂ ਲੋਕਾਂ ਨੇ ਭਾਰੀ ਬਹੁਮਤ ਨਾਲ ਸੂਬੇ ਦੀ ਸੱਤਾ ਆਮ ਆਦਮੀ ਪਾਰਟੀ ਨੂੰ ਸੌਂਪੀ ਸੀ, ਪਰ ਹੁਣ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।
ਜਨਤਾ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਖਾਸ ਬੰਦਿਆਂ ਦੀ ਸਰਕਾਰ ਬਣ ਚੁੱਕੀ ਹੈ। ਅੱਜ ਕੇਜਰੀਵਾਲ, ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਸਖ਼ਤ ਸੁਰੱਖਿਆ ਹੇਠ ਰਹਿ ਰਹੇ ਹਨ ਅਤੇ ਵੀਵੀਆਈਪੀ ਟ੍ਰੀਟਮੇੰਟ ਦਾ ਆਨੰਦ ਮਾਣ ਰਹੇ ਹਨ। ਪਿਛਲੇ ਇੱਕ ਸਾਲ ਦੌਰਾਨ ਆਮ ਆਦਮੀ ਪਾਰਟੀ ਦੇ ਸ਼ਾਸਨ ਵਿੱਚ ਪੂਰੇ ਸੂਬੇ ਵਿੱਚ ਤੇਜ਼ੀ ਨਾਲ ਵੱਧ ਰਹੀ ਗੁੰਡਾਗਰਦੀ, ਹਰ ਗਲੀ-ਮੁਹੱਲੇ ਵਿੱਚ ਚੱਲ ਰਹੇ ਭ੍ਰਿਸ਼ਟਾਚਾਰ ਅਤੇ ਨਸ਼ੇ ਨੂੰ ਨੱਥ ਪਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਜਨਤਾ ਉਨ੍ਹਾਂ ਦੇ ਝੂਠ ਅਤੇ ਉਨ੍ਹਾਂ ਦੇ ਇਰਾਦਿਆਂ ਨੂੰ ਚੰਗੀ ਤਰ੍ਹਾਂ ਜਾਣ ਚੁੱਕੀ ਹੈ ਅਤੇ ਉਨ੍ਹਾਂ ਨੇ ਭਾਜਪਾ ਨੂੰ ਪੰਜਾਬ ਦੇ ਬਦਲ ਵਜੋਂ ਚੁਣ ਲਿਆ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦੇਸ਼ ਵਾਸੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਲੋਕ ਭਲਾਈ ਨੀਤੀਆਂ ਲਾਗੂ ਕੀਤੀਆਂ ਹਨ, ਜਿਸ ਕਾਰਨ ਦੇਸ਼ ਦੀ ਜਨਤਾ ਖੁਸ਼ ਅਤੇ ਸੰਤੁਸ਼ਟ ਹੈ ਅਤੇ ਲੋਕ ਪੱਖੀ ਨੀਤੀਆਂ ਦਾ ਲੋਕਾਂ ਨੂੰ ਭਾਰੀ ਲਾਭ ਮਿਲ ਰਿਹਾ ਹੈI ਭਾਜਪਾ ਸ਼ਾਸਤ ਰਾਜਾਂ ਉੱਤਰ ਪ੍ਰਦੇਸ਼, ਹਰਿਆਣਾ, ਗੁਜਰਾਤ ਦੇ ਵਿਕਾਸ ਨੂੰ ਦੇਖ ਕੇ ਜਲੰਧਰ ਦੇ ਲੋਕਾਂ ਨੂੰ ਹੁਣ ਪਤਾ ਲੱਗ ਗਿਆ ਹੈ ਕਿ ਭਾਜਪਾ ਹੀ ਪੰਜਾਬ, ਉਨ੍ਹਾਂ ਦੇ ਪਰਿਵਾਰਾਂ ਅਤੇ ਕਾਰੋਬਾਰਾਂ ਦਾ ਭਵਿੱਖ ਸੁਰੱਖਿਅਤ ਕਰ ਸਕਦੀ ਹੈ। ਇਸ ਲਈ ਲੋਕਾਂ ਨੇ ਭਾਜਪਾ ਨੂੰ ਆਪਣਾ ਸਮਰਥਨ ਦੇਣ ਦਾ ਮਨ ਬਣਾ ਲਿਆ ਹੈ ਅਤੇ ਇਸ ਲਈ ਉਹ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਜੇਤੂ ਬਣਾਉਣਗੇ।