ਪਰਿਵਾਰਾਂ ਨੂੰ ਜਲਦ ਹੀ ਡਿਬਰੂਗੜ੍ਹ ਜੇਲ੍ਹ ਦੇ ਵਿੱਚ ਬੰਦ ਸਿੱਖ ਕੈਦੀਆਂ ਨੂੰ ਮਿਲਾਉਣ ਵਾਸਤੇ ਲਿਜਾਵਾਂਗੇ: ਭਗਵੰਤ ਸਿੰਘ ਸਿਆਲਕਾ
- ਅੰਮ੍ਰਿਤਪਾਲ ਦੀ ਧਰਮ ਪਤਨੀ ਨੂੰ ਵਿਦੇਸ਼ ਜਾਣ ਨੂੰ ਰੋਕ ਨੂੰ ਲੈ ਕੇ ਵੀ ਚੁੱਕੇ ਸਵਾਲ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 23 ਅਪ੍ਰੈਲ 2023 - ਜਿੱਥੇ ਇੱਕ ਪਾਸੇ ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅੱਜ ਪੁਲਿਸ ਗ੍ਰਿਫ਼ਤਾਰੀ ਦਿੱਤੀ ਗਈ ਉਥੇ ਹੀ ਹੁਣ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਦੇ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋਂ ਵੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਮਿਲ ਕੇ ਉਹਨਾਂ ਨੂੰ ਸ਼੍ਰੋਮਣੀ ਕਮੇਟੀ ਅਤੇ ਆਪਣੇ ਵੱਲੋਂ ਸਾਰੀ ਸਹਾਇਤਾ ਦੇਣ ਦੀ ਗੱਲ ਕੀਤੀ ਗਈ ਅਤੇ ਉਹਨਾਂ ਵੱਲੋਂ ਕਿਹਾ ਗਿਆ ਕਿ ਉਹ ਜਲਦੀ ਹੀ ਜੇਲ੍ਹ ਵਿੱਚ ਉਨ੍ਹਾਂ ਦੇ ਪੁੱਤਰ ਦੀ ਅਤੇ ਉਨ੍ਹਾਂ ਦੀ ਮੁਲਾਕਾਤ ਜ਼ਰੂਰ ਕਰਵਾਉਣਗੇ।
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਅੱਜ ਪੁਲਿਸ ਨੂੰ ਸਰੰਡਰ ਕਰ ਦਿੱਤਾ ਹੈ ਉੱਥੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅੰਮ੍ਰਿਤਪਾਲ ਸਿੰਘ ਦੇ ਪਰਵਾਰਕ ਮੈਂਬਰਾਂ ਦੇ ਨਾਲ ਮੁਲਾਕਾਤ ਕੀਤੀ ਗਈ ਹੈ, ਉੱਥੇ ਹੀ ਸਿਆਲਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜੋ ਕੁਛ ਵੀ ਹਕੂਮਤ ਵੱਲੋਂ ਪੰਜਾਬ ਦੇ ਨੌਜਵਾਨਾਂ ਨਾਲ ਕੀਤਾ ਜਾ ਰਿਹਾ ਹੈ ਧੱਕਾ ਹੈ।
ਸਿਆਲਕਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਵਿੱਚ ਛੱਤੀ ਦਿਨਾਂ ਤੋਂ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਲੇਕਿਨ ਅੰਮ੍ਰਿਤਪਾਲ ਸਿੰਘ ਵੱਲੋਂ ਖੁਦ ਹੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਪਿੰਡ ਰੋਡੇ ਵਿੱਚ ਆਪਣੀ ਗ੍ਰਿਫਤਾਰੀ ਦਿੱਤੀ ਹੈ। ਓਥੇ ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਣਬੁੱਝ ਕੇ ਪੰਜਾਬ ਦੇ ਨੌਜਵਾਨਾਂ ਦੇ ਉੱਪਰ ਤਸ਼ੱਦਦ ਢਾਹਿਆ ਜਾ ਰਿਹਾ ਹੈ ਅਤੇ ਉਹਨਾਂ ਨੂੰ ਡਿਬਰੂਗੜ ਜੇਲ੍ਹ ਵਿੱਚ ਭੇਜਿਆ ਜਾ ਰਿਹਾ ਹੈ ਅਤੇ ਸਾਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅੰਗਰੇਜ਼ ਹਕੂਮਤ ਦੇ ਸਮੇਂ ਤੇ ਸਾਡੇ ਨੌਜਵਾਨਾਂ ਨੂੰ ਕਾਲੇ ਪਾਣੀ ਦੀਆ ਜੇਲ੍ਹਾ ਵਿੱਚ ਰੱਖਿਆ ਜਾਂਦਾ ਸੀ ਓਸੇ ਤਰ੍ਹਾਂ ਹੀ ਪੰਜਾਬ ਦੀ ਹੁਣ ਹਕੂਮੱਤ ਸਾਨੂੰ ਪੰਜਾਬ ਤੋਂ ਬਾਹਰਲੀਆਂ ਸਟੇਟਾਂ ਦੇ ਵਿੱਚ ਰੱਖ ਰਹੀ ਹੈ ਜੋ ਕਿ ਸਾਡਾ ਵਜੂਦ ਖਤਮ ਕੀਤਾ ਜਾ ਸਕੇ। ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਧਰਮ ਪਤਨੀ ਨੂੰ ਵੀ ਜਾਣ ਬੁੱਝ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਵੀ ਰੋਕਿਆ ਗਿਆ ਹੈ। ਉਹਨਾਂ ਅੱਗੇ ਬੋਲਦੇ ਹੋਏ ਕਿਹਾ ਕਿ ਸਾਡੇ ਦੇਸ਼ ਦਾ ਸਵਿਧਾਨ ਸਾਨੂੰ ਕਹਿੰਦਾ ਹੈ ਕਿ ਅਸੀਂ ਕਦੀ ਵੀ ਦੇਸ਼ ਚੋਂ ਬਾਹਰ ਜਾਣਾ ਹੋਵੇ ਜਾਂ ਦੇਸ਼ ਵਿੱਚ ਵਾਪਸ ਆਉਣਾ ਹੋਵੇ ਤਾਂ ਸਾਨੂੰ ਕੋਈ ਵੀ ਸਰਕਾਰ ਰੋਕ ਨਹੀਂ ਸਕਦੀਆਂ ਲੇਕਿਨ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਜਾਣ-ਬੁੱਝ ਕੇ ਸਾਡੇ ਨੌਜਵਾਨਾਂ ਨੂੰ ਅਤੇ ਸਾਡੀਆਂ ਧੀਆਂ ਭੈਣਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਸਿਆਲਕਾ ਨੇ ਕਿਹਾ ਕਿ ਹੁਣ ਜਲਦ ਹੀ ਉਹ ਇਹ ਸਾਰੇ ਪਰਿਵਾਰਿਕ ਮੈਂਬਰਾਂ ਨੂੰ ਜੇਲ ਚ ਲੈ ਕੇ ਜਾ ਕੇ ਉਹਨਾਂ ਦੇ ਬੱਚਿਆਂ ਦੇ ਨਾਲ਼ ਮੁਲਾਕਾਤ ਜ਼ਰੂਰ ਕਰਵਾਉਣਗੇ।