ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 26 ਅਪ੍ਰੈਲ 2023 - ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਬੰਦ ਕਰ ਦਿੱਤੇ ਗਏ, ਜੋ ਭਲਕੇ 27 ਅਪ੍ਰੈਲ ਨੂੰ ਵੀ ਬੰਦ ਰਹਿਣਗੇ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਮੂਹ ਮੁਲਾਜ਼ਮਾਂ ਵੱਲੋਂ ਕੀਤੀ ਸ਼ੋਕ ਸਭਾ ਦੌਰਾਨ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਮਗਰੋਂ ਅਰਦਾਸ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕੀਤਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਸਿੱਖ ਸਿਆਸਤ ਦੇ ਉੱਘੇ ਆਗੂ ਸਨ, ਜਿਨ੍ਹਾਂ ਨੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਲਈ ਕਾਰਜ ਕੀਤੇ।