ਕੇਂਦਰੀ ਮੰਤਰੀ ਸਮੇਤ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੁੱਖ ਸਾਂਝਾ
ਅਸ਼ੋਕ ਵਰਮਾ
ਬਾਦਲ (ਸ੍ਰੀ ਮੁਕਤਸਰ ਸਾਹਿਬ), 30 ਅਪ੍ਰੈਲ 2023: ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਅੱਜ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਪਹੁੰਚ ਕੇ ਉਹਨਾਂ ਕੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਅਨੁਰਾਗ ਠਾਕੁਰ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਵਿਚ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇਸ਼ ਦੇ ਸਭ ਤੋਂ ਵੱਡੇ ਸਿਆਸਤਦਾਨ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਸਿਰਫ ਪਰਿਵਾਰ ਜਾਂ ਪੰਜਾਬ ਹੀ ਨਹੀਂ ਬਲਕਿ ਦੇਸ਼ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਹਨਾਂ ਕਿਹਾ ਕਿ ਸਰਦਾਰ ਬਾਦਲ ਆਪਣੇ ਆਪ ਵਿਚ ਇਕ ਸੰਸਥਾ ਸਨ ਜਿਹਨਾਂ ਨੇ ਦੇਸ਼ ਦੇ ਅਣਗਿਣਤ ਲੋਕਾਂ ਦਾ ਮਾਰਗ ਦਰਸ਼ਨ ਕੀਤਾ ਤੇ ਉਹਨਾਂ ਨੂੰ ਸਮਾਜ ਦੀ ਭਲਾਈ ਵਾਸਤੇ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਉਹਨਾਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ, ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ, ਪੰਜਾਬ ਦੇ ਸਾਬਕਾ ਮੰਤਰੀ ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ, ਨਵਜੋਤ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਅਸ਼ਵਨੀ ਸੇਖੜੀ, ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਹਰਵਿੰਦਰ ਸਿੰਘ ਲਾਡੀ, ਨਵਤੇਜ ਸਿੰਘ ਚੀਮਾ, ਸੁਰਜੀਤ ਧੀਮਾਨ, ਗੁਰਬਿੰਦਰ ਸਿੰਘ ਅਟਵਾਲ, ਹਰਿਆਣਾ ਦੇ ਸਾਬਕਾ ਮੰਤਰੀ ਕੈਪਟਨ ਅਭਿਮੰਨੂ, ਸੁਨੀਲ ਦੱਤ, ਆਰ ਐਸ ਐਸ ਪੰਜਾਬ ਦੇ ਆਗੂ ਨਰੇਂਦਰ ਸ਼ਰਮਾ ਤੇ ਇਕਬਾਲ ਸਿੰਘ ਨੇ ਵੀ ਦੁੱਖ ਪ੍ਰਗਟਾਇਆ।
ਇਹ ਹਸਤੀਆਂ ਵੀ ਪੁੱਜੀਆਂ
, ਪੰਜਾਬ ਤੇ ਦਿੱਲੀ ਤੋਂ ਸੀਨੀਅਰ ਆਈ ਏ ਐਸ ਅਧਿਕਾਰੀਆਂ, ਬਠਿੰਡਾ ਪ੍ਰੈਸ ਕਲੱਬ ਦੇ ਮੈਂਬਰ, ਉੱਤਮ ਹਿੰਦੂ ਅਖਬਾਰ ਦੇ ਮੁੱਖ ਸੰਪਾਦਕ ਇਰਵਿਨ ਖੰਨਾ, ਦੈਨਿਕ ਸਵੇਰਾ ਦੇ ਮੁੱਖ ਸੰਪਾਦਕ ਸ਼ੀਤਲ ਵਿੱਜ, ਬਾਬੂਸ਼ਾਹੀ ਨੈਟਵਰਕ ਦੇ ਸੰਪਾਦਕ ਬਲਜੀਤ ਬੱਲੀ, ਅਮਰੀਕਾ ਦੇ ਉੱਘੇ ਧਨਾਢ ਵਪਾਰੀ ਦਰਸ਼ਨ ਸਿੰਘ ਧਾਲੀਵਾਲ, ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ, ਸੰਤ ਸਤਵਿੰਦਰ ਸਿੰਘ ਹੀਰਾ ਤੇ ਸੰਤ ਸਰਵਣ ਦਾਸ ਤੋਂ ਇਲਾਵਾ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਹਸਤੀਆਂ ਨੇ ਵੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਤੇ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ।