ਜਿਸ ‘ਆਪ’ ਨੂੰ ਪੰਜਾਬ ਨੇ ਛੱਪਰ ਫਾੜ ਕੇ ਬਹੁਮਤ ਦਿੱਤਾ, ਉਸਦਾ ਅਸਲੀ ਚਿਹਰਾ ਇਕ ਸਾਲ 'ਚ ਹੀ ਹੋਇਆ ਬੇਨਕਾਬ: ਗਜੇਂਦਰ ਸ਼ੇਖਾਵਤ
- 'ਆਪ' ਨੇ ਦਿੱਲੀ ਅਤੇ ਪੰਜਾਬ 'ਚ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ: ਸ਼ੇਖਾਵਤ
ਜਲੰਧਰ, 5 ਮਈ 2023 - ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਹੈ ਕਿ ਜਿਸ ਤਰ੍ਹਾਂ 13 ਮਹੀਨੇ ਪਹਿਲਾਂ ਪੰਜਾਬ ਦੇ ਲੋਕਾਂ ਨੇ ਛੱਪਰ ਫਾੜ ਕੇ ਆਮ ਆਦਮੀ ਪਾਰਟੀ ਨੂੰ ਇਕਤਰਫਾ ਬਹੁਮਤ ਦਿੱਤਾ ਸੀ, ਅੱਜ ਉਸ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਅਸਲੀ ਚਿਹਰਾ ਸਭ ਦੇ ਸਾਹਮਣੇ ਬੇਨਕਾਬ ਹੋ ਚੁੱਕਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਅਤੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਨ੍ਹਾਂ ਦੇ ਆਪਣੇ ਮੰਤਰੀ ਜੇਲ੍ਹਾਂ ਵਿੱਚ ਹਨ। ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਗਏ। ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਗਈ ਹੈ, ਮਾਫੀਆ ਰਾਜ ਸਿਖਰਾਂ 'ਤੇ ਹੈ। ਪੰਜਾਬ ਦੇ ਲੋਕ ਹੁਣ ਇੱਕ ਸਾਲ ਵਿੱਚ ਹੀ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।
ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੋ ਆਮ ਆਦਮੀ ਵਾਂਗ ਰਹਿਣ ਦੀ ਗੱਲ ਕਰਦੀ ਸੀ, ਹੁਣ ਉਸ ਦੇ ਦਿੱਲੀ ਦੇ ਮੁੱਖ ਮੰਤਰੀ ਨੇ ਆਪਣੇ ਸ਼ਾਹੀ ਮਹਿਲ ਦੀ ਮੁਰੰਮਤ 'ਤੇ 45 ਕਰੋੜ ਰੁਪਏ ਖਰਚ ਕੀਤੇ ਹਨ। ਮਹਿੰਗੇ ਪਰਦੇ, ਟੀ.ਵੀ., ਬਾਥਰੂਮ ਆਦਿ ਸਾਰੀਆਂ ਸਹੂਲਤਾਂ ਦਾ ਆਨੰਦ ਮਾਣ ਰਹੇ ਹਨ। ਹੁਣ ਇਹ ਲੋਕ ਚਾਰਟਰਡ ਜਹਾਜ਼ ਤੋਂ ਹੇਠਾਂ ਪੈਰ ਨਹੀਂ ਧਰਦੇ। ਉਹ ਦਿੱਲੀ ਅਤੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਨਾਲ ਇਕੱਠੇ ਕੀਤੇ ਪੈਸੇ ਨੂੰ ਗੁਜਰਾਤ, ਹਿਮਾਚਲ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਹੋਰ ਰਾਜਾਂ ਵਿੱਚ ਚੋਣ ਪ੍ਰਚਾਰ ਵਿੱਚ ਖਰਚ ਕਰਕੇ ਆਪਣੀ ਤਾਕਤ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਸ਼ੇਖਾਵਤ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਭ ਕੁਝ ਸਮਝ ਚੁੱਕੇ ਹਨ ਅਤੇ ਇਹਨਾਂ ਦਾ ਅਸਲੀ ਚਿਹਰਾ ਵੀ ਦੇਖ ਚੁੱਕੇ ਹਨ। ਇਸ ਲਈ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਜੋ ਇਹਨਾਂ ਨਾਲ ਸੰਗਰੂਰ ਲੋਕ ਸਭਾ ਜਿਮਣੀ ਚੋਣ 'ਚ ਕੀਤਾ ਸੀ, ਉਹੀ ਹਾਲ ਹੁਣ ਇਹਨਾਂ ਜਲੰਧਰ ਲੋਕ ਸਭਾ ਦੀ ਜਿਮਣੀ ਚੋਣ 'ਚ ਵੀ ਕਰਨਗੇ। ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸੂਬੇ ਦੇ ਲੋਕਾਂ ਲਈ ਪੰਜਾਬ ਦੀ ਗੂੰਗੀ-ਬੋਲੀ ਸਰਕਾਰ ਨੂੰ ਜਗਾਉਣ ਦਾ ਸੁਨਹਿਰੀ ਮੌਕਾ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਇੱਕ ਸਾਲ ਪਹਿਲਾਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਦਾ ਵੋਟ ਪ੍ਰਤੀਸ਼ਤ ਬੁਰੀ ਤਰ੍ਹਾਂ ਡਿੱਗਿਆ ਸੀ, ਉੱਥੇ ਹੀ ਭਾਰਤੀ ਜਨਤਾ ਪਾਰਟੀ ਨੇ ਆਪਣੀ ਵੋਟ ਪ੍ਰਤੀਸ਼ਤਤਾ ਵਿੱਚ ਵਾਧਾ ਕੀਤਾ ਸੀ। ਉਨ੍ਹਾਂ ਕਿਹਾ ਕਿ ਭਾਂਵੇਂ ਭਾਜਪਾ ਦੇ ਸਿਰਫ਼ ਦੋ ਵਿਧਾਇਕ ਹੀ ਚੁਣੇ ਗਏ ਪਰ ਇਸਦੇ ਬਾਵਜੂਦ ਭਾਜਪਾ ਨੇ ਇਹ ਚੋਣ ਆਪਣੀ ਪੂਰੀ ਸਮਰੱਥਾ ਨਾਲ ਲੜੀ। ਉਨ੍ਹਾਂ ਕਿਹਾ ਕਿ ਅੱਜ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਸਹੀ ਵਿਰੋਧੀ ਧਿਰ ਦੀ ਭੂਮਿਕਾ ਨਿਭਾ ਰਹੀ ਹੈ, ਜੋ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਸੜਕ ਤੋਂ ਲੈ ਕੇ ਵਿਧਾਨਸਭਾ ਤੱਕ ਪ੍ਰਦਰਸ਼ਨ ਕਰ ਰਹੀ ਹੈ। ਅੱਜ ਭਾਰਤੀ ਜਨਤਾ ਪਾਰਟੀ ਦੀ ਲੋਕਪ੍ਰਿਅਤਾ ਬਹੁਤ ਵਧ ਗਈ ਹੈ। ਉਨ੍ਹਾਂ ਕਿਹਾ ਕਿ ਜਨਤਾ ਨੇ ਹੁਣ ਭਾਰਤੀ ਜਨਤਾ ਪਾਰਟੀ ਨੂੰ ਜੋ ਪਿਆਰ ਦੇਣਾ ਸ਼ੁਰੂ ਕਰ ਦਿੱਤਾ ਹੈ, ਉਸ ਨਾਲ ਨਾ ਸਿਰਫ ਭਾਰਤੀ ਜਨਤਾ ਪਾਰਟੀ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਜਿੱਤੇਗੀ, ਸਗੋਂ 2024 ਦੀਆਂ ਲੋਕ ਸਭਾ ਚੋਣਾਂ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੀ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਚੰਗਾ ਪ੍ਰਦਰਸ਼ਨ ਕਰੇਗੀ ਅਤੇ ਪੰਜਾਬ ‘ਚ ਸਰਕਾਰ ਬਣਾਏਗੀ।
ਗਜੇਂਦਰ ਸਿੰਘ ਸ਼ੇਖਾਵਤ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਜਲੰਧਰ ਦੀ ਖੁਸ਼ਹਾਲੀ, ਤਰੱਕੀ ਅਤੇ ਵਿਕਾਸ ਲਈ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਜੋ ਜਲੰਧਰ ਦੇ ਸੰਸਦ ਮੈਂਬਰ ਨਰਿੰਦਰ ਮੋਦੀ ਤੋਂ ਗ੍ਰਾਂਟਾਂ ਅਤੇ ਫੰਡ ਲਿਆ ਕੇ ਸ਼ਹਿਰ ਦਾ ਵਿਕਾਸ ਕਰ ਸਕਣ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸਮਾਰਟ ਸਿਟੀ ਬਣਾਉਣ ਲਈ ਜੋ 900 ਕਰੋੜ ਦਾ ਫੰਡ ਦਿੱਤਾ ਗਿਆ ਹੈ, ਜੇਕਰ ਭਾਜਪਾ ਦੀ ਐਮ.ਪੀ ਬਣਦਾ ਹੈ ਤਾਂ ਉਸਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ ਅਤੇ ਜਲੰਧਰ ਨੂੰ ਸਮਾਰਟ ਸਿਟੀ ਬਣਾਇਆ ਜਾਵੇਗਾ।
ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਸੂਬਾ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ, ਡਾ. ਰਾਜ ਕੁਮਾਰ ਵੇਰਕਾ, ਸੂਬਾ ਬੁਲਾਰੇ ਅਨਿਲ ਸਰੀਨ ਅਤੇ ਮੀਡੀਆ ਇੰਚਾਰਜ ਜਨਾਰਦਨ ਸ਼ਰਮਾ ਵੀ ਹਾਜ਼ਰ ਸਨI