ਸਿਵਲ ਗੰਨਮੈਨ ਅਤੇ ਗਾਰਡ ਯੂਨੀਅਨ ਪੰਜਾਬ ਨੇ ਜ਼ਿਮਨੀ ਚੋਣ ਦੌਰਾਨ 'ਆਪ' ਨੂੰ ਸੈਂਕੜੇ ਮੁਲਾਜ਼ਮਾਂ ਸਮੇਤ ਸਮਰਥਨ ਦੇਣ ਦਾ ਕੀਤਾ ਐਲਾਨ
- ਸਮਾਲ ਸਕੇਲ ਇੰਡਸਟਰੀਜ਼ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ 'ਤੇ ਪ੍ਰੋਫੈਸਰ ਓਂਕਾਰ ਸਿੰਘ ਨੇ ਕੀਤਾ ਸਵਾਗਤ
- ਸਿਵਲ ਗੰਨਮੈਨ ਅਤੇ ਗਾਰਡ ਯੂਨੀਅਨ ਵਲੋਂ 'ਆਪ' ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਕੀਤਾ ਦਾਅਵਾ
ਜਲੰਧਰ, 7 ਮਈ 2023 - ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਆਮ ਆਦਮੀ ਪਾਰਟੀ ਨੂੰ ਵੱਡੇ ਪੱਧਰ 'ਤੇ ਹਲਕੇ ਦੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। 'ਆਪ' ਦੀਆਂ ਨੀਤੀਆਂ 'ਤੇ ਮਾਨ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋਕੇ ਹਲਕੇ ਦੀਆਂ ਵੱਖ ਵੱਖ ਜੱਥਬੰਦੀਆਂ ਵਲੋਂ 'ਆਪ' ਨੂੰ ਸਮਰਥਨ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹਲਕੇ ਦੇ ਨਕੋਦਰ ਸਥਿਤ ਲੱਦੜ ਪੈਲੇਸ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਸਮਾਲ ਸਕੇਲ ਇੰਡਸਟਰੀਜ਼ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਪ੍ਰੋਫੈਸਰ ਓਂਕਾਰ ਸਿੰਘ ਦੀ ਹਾਜ਼ਰੀ ਵਿੱਚ ਸਿਵਲ ਗੰਨਮੈਨ ਅਤੇ ਗਾਰਡ ਯੂਨੀਅਨ ਪੰਜਾਬ ਵੱਲੋਂ ਸੈਂਕੜਿਆਂ ਦੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਜਿਸ ਨਾਲ ਜਲੰਧਰ ਚੋਣ ਲਈ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ। ਯੂਨੀਅਨ ਦੇ ਅਹੁਦੇਦਾਰਾਂ ਨੇ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਪੱਧਰ ਵੋਟਾਂ ਪਾਕੇ ਜੇਤੂ ਬਣਾਉਣ ਦਾ ਦਾਅਵਾ ਕੀਤਾ। ਸਮਾਲ ਸਕੇਲ ਇੰਡਸਟਰੀਜ਼ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ 'ਤੇ ਪ੍ਰੋਫੈਸਰ ਓਂਕਾਰ ਸਿੰਘ ਨੇ ਉਨ੍ਹਾਂ ਸਾਰਿਆਂ ਦਾ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਲਛਮਣ ਸਿੰਘ ਨੇ ਕਿਹਾ ਕਿ ਉਹ ਪਿਛਲੇ ਇੱਕ ਸਾਲ ਵਿੱਚ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੇ ਲੋਕਾਂ ਅਤੇ ਮੁਲਾਜ਼ਮਾਂ ਲਈ ਕੀਤੇ ਗਏ ਸਲਾਘਾਂਯੋਗ ਕੰਮਾਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਨੂੰ ਸਮਰਥਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਉਹ ਸਾਰੇ ਆਮ ਆਦਮੀ ਪਾਰਟੀ ਦੇ ਮੋਢੇ ਨਾਲ ਮੋਢਾ ਜੋੜਕੇ ਖੜ੍ਹਨਗੇ ਅਤੇ ਪਾਰਟੀ ਦੀ ਮਜ਼ਬੂਰੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵਡੇ ਫ਼ਰਕ ਨਾਲ ਜੇਤੂ ਬਣਾ ਕੇ ਜਲੰਧਰ ਲੋਕ ਸਭਾ ਦੀ ਸੀਟ 'ਆਪ' ਦੀ ਝੋਲੀ ਵਿੱਚ ਪਾਉਣਗੇ। ਇਸਮੌਕੇ ਯੂਨੀਅਨ ਦੇ ਅਹੁਦੇਦਾਰਾਂ ਨੇ ਸਿਵਲ ਗੰਨਮੈਨ ਅਤੇ ਗਾਰਡ ਯੂਨੀਅਨ ਦੇ ਮੈਂਬਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ।
ਇਸ ਮੌਕੇ ਸਮਾਲ ਸਕੇਲ ਇੰਡਸਟਰੀਜ਼ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਪ੍ਰੋਫੈਸਰ ਓਂਕਾਰ ਸਿੰਘ ਨੇ ਯੂਨੀਅਨ ਦੇ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਦੌਰਾਨ ਜੱਥੇਬੰਦੀ ਦੀਆਂ ਮੰਗਾਂ ਪਹਿਲ ਦੇ ਅਧਾਰ 'ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਮਾਨ ਸਰਕਾਰ ਵਲੋਂ ਸੂਬੇ ਵਿੱਚ ਕੀਤੇ ਜਾ ਰਹੇ ਸਲਾਘਾਂਯੋਗ ਕੰਮਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸੂਬੇ ਦੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ, 29000 ਸਰਕਾਰੀ ਨੌਕਰੀਆਂ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਕੰਮ ਸ਼ੁਰੂ ਕਰਨਾ, 580 ਮੁਹੱਲਾਂ ਕਲੀਨਿਕ ਬਣਾਉਣੇ, ਰਿਸ਼ਵਤਖੋਰੀ 'ਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਆਦਿ ਵਾਅਦੇ ਪੂਰੇ ਕੀਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਬਾਕੀ ਰਹਿੰਦੇ ਸਾਰੇ ਵਾਅਦੇ ਵੀ ਪੂਰੇ ਕੀਤਾ ਜਾ ਰਹੇ ਹਨ। ਉਨ੍ਹਾਂ ਮੀਟਿੰਗ ਦੌਰਾਨ ਹਜ਼ਾਰ ਯੂਨੀਅਨ ਦੇ ਅਹੁਦੇਦਾਰਾਂ, ਮੈਂਬਰਾਂ 'ਤੇ ਹਲਕੇ ਦੇ ਲੋਕਾਂ ਨੂੰ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੋਟਾਂ ਪਾਕੇ ਜੇਤੂ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਜਲੰਧਰ ਹਲਕੇ ਦੀ ਆਵਾਜ ਪਾਰਲੀਮੈਂਟ ਤੱਕ ਪੁੱਜ ਸਕੇ ਅਤੇ ਹਲਕੇ ਦਾ ਵਿਕਾਸ ਹੋ ਸਕੇ।