ਆਮ ਆਦਮੀ ਪਾਰਟੀ ਦੀ ਚੋਣ ਮੀਟਿੰਗ ਰੈਲੀ 'ਚ ਤਬਦੀਲ, ਸੈਂਕੜੇ ਤੋਂ ਵੱਧ ਲੋਕਾਂ ਨੇ ਕੀਤੀ ਸ਼ਮੂਲੀਅਤ
ਜ਼ਿਲ੍ਹਾ ਪ੍ਰਧਾਨ ਨੇ ਲੋਕਾਂ ਨੂੰ ਦਿੱਤਾ ਸੱਦਾ, ਕਿ ਉਹ ‘ਆਪ’ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਜਲੰਧਰ ਨੂੰ ਵਿਕਾਸ ਦੇ ਨਵੇਂ ਰਾਹ ’ਤੇ ਤੋਰਨ
ਜਲੰਧਰ , 8 ਮਈ 2023 : ਬਸਤੀ ਮਿੱਠੂ ਵਿੱਚ ਆਮ ਆਦਮੀ ਪਾਰਟੀ ਦੀ ਚੋਣ ਮੀਟਿੰਗ ਸੋਮਵਾਰ ਨੂੰ ਇੱਕ ਵਿਸ਼ਾਲ ਰੈਲੀ ਵਿੱਚ ਬਦਲ ਗਈ ਜਦੋਂ ਸੈਂਕੜੇ ਤੋਂ ਵੱਧ ਲੋਕ ਪਾਰਟੀ ਨੂੰ ਆਪਣਾ ਸਮਰਥਨ ਪ੍ਰਗਟ ਕਰਨ ਲਈ ਪੁੱਜੇ। ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਇਹ ਜਨ ਸਭਾ ਕੀਤੀ ਗਈ । ਉਨ੍ਹਾਂ ਲੋਕਾਂ ਨੂੰ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕੀਤੀ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਰਿੰਕੂ ਦੀ ਇਹ ਜਿੱਤ ਜਲੰਧਰ ਦੀ ਜਿੱਤ ਹੋਵੇਗੀ ਅਤੇ ਆਉਣ ਵਾਲੇ ਸਮੇਂ 'ਚ ਜਲੰਧਰ ਨੂੰ ਵਿਕਾਸ ਦੇ ਨਵੇਂ ਰਾਹ 'ਤੇ ਲੈ ਕੇ ਜਾਵੇਗੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿਰਫ਼ ਇੱਕ ਸਾਲ ਵਿੱਚ ਆਪਣੇ ਲੋਕ ਹਿੱਤ ਕਾਰਜਾਂ ਨਾਲ ਪੰਜਾਬ ਦੇ ਲੋਕਾਂ ਦਾ ਦਿਲ ਜਿੱਤ ਲਿਆ ਹੈ, ਭਾਵੇਂ ਉਹ ਭ੍ਰਿਸ਼ਟਾਚਾਰ ਹੋਵੇ ਜਾਂ ਅਮਨ-ਕਾਨੂੰਨ ਦਾ ਮੁੱਦਾ, ਸਿਰਫ਼ ਇੱਕ ਸਾਲ ਵਿੱਚ ਹੀ ਇਸ ਦੇ ਨਤੀਜੇ ਦੇਖਣ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਆਪਣੇ ਲਗਭਗ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਬਾਕੀ ਰਹਿੰਦੇ ਵਾਅਦੇ ਵੀ ਜਲਦੀ ਪੂਰੇ ਕੀਤੇ ਜਾਣਗੇ।
ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਪਾਰਟੀ ਦੇ ਸੀਨੀਅਰ ਆਗੂ ਮੁਕੇਸ਼ ਸੇਠੀ ਨੇ ਸਾਂਝੇ ਤੌਰ ’ਤੇ ਇਸ ਜਨ ਸਭਾ ਨੂੰ ਸਫ਼ਲ ਬਣਾਇਆ। ਦੋਵਾਂ ਆਗੂਆਂ ਨੇ ਦੱਸਿਆ ਕਿ ਕਿਸ ਤਰ੍ਹਾਂ ਆਮ ਆਦਮੀ ਪਾਰਟੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਪਾਰਟੀ ਹੈ, ਇਸ ਲਈ ਇਸ ਲੋਕ ਸਭਾ ਜ਼ਿਮਨੀ ਚੋਣ ਵਿੱਚ ਪਾਰਟੀ ਨੂੰ ਜੇਤੂ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਜਨ ਸਭਾ ਵਿੱਚ ਹਾਜ਼ਰ ਸਮੂਹ ਲੋਕਾਂ ਨੇ ਹੱਥ ਖੜ੍ਹੇ ਕਰਕੇ ਪਾਰਟੀ ਨੂੰ ਸਮਰਥਨ ਦਿੱਤਾ ਅਤੇ ਚੋਣ ਵਿੱਚ ਵੱਡੇ ਫਰਕ ਨਾਲ ਜਿੱਤ ਦਰਜ ਕਰਨ ਦਾ ਭਰੋਸਾ ਦਿੱਤਾ।