ਬੈਲਟ ਵੋਟਾਂ ਦੀ ਗਿਣਤੀ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਨੇ ਗਿਣਤੀ ਅਮਲੇ ਨੂੰ ਦਿੱਤੀ ਸਿਖਲਾਈ
ਸੁਚਾਰੂ ਗਿਣਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਵਧੀਕ ਡਿਪਟੀ ਕਮਿਸ਼ਨਰ
ਜਲੰਧਰ, 9 ਮਈ 2023 : ਲੋਕ ਸਭਾ ਜਿਮਨੀ ਚੋਣ ਲਈ ਬੁੱਧਵਾਰ ਨੂੰ ਵੋਟਾਂ ਪੈਣ ਉਪਰੰਤ 13 ਮਈ ਨੂੰ ਬੈਲਟ ਵੋਟਾਂ/ਈ.ਟੀ.ਪੀ.ਬੀ.ਐਸ. ਦੀ ਗਿਣਤੀ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੁੱਚੇ 9 ਵਿਧਾਨ ਸਭਾ ਹਲਕਿਆਂ ਲਈ ਗਿਣਤੀ ਅਮਲੇ ਲਈ ਸਿਖਲਾਈ ਸੈਸ਼ਨ ਕਰਵਾਇਆ ਗਿਆ।
ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਸਹਾਇਕ ਨੋਡਲ ਅਫ਼ਸਰ ਜਸਬੀਰ ਸਿੰਘ ਨੇ ਦੱਸਿਆ ਕਿ ਬੈਲਟ ਵੋਟਾਂ ਦੀ ਗਿਣਤੀ ਸੁਚੱਜੇ ਢੰਗ ਨਾਲ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਡਾਇਰੈਕਟਰ ਲੈਂਡ ਰਿਕਾਰਡ ਕੰਪਲੈਕਸ ਅੰਦਰ ਵਿਸ਼ੇਸ਼ ਗਿਣਤੀ ਕੇਂਦਰ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੈਲਟ ਵੋਟਾਂ/ਈ.ਟੀ.ਪੀ.ਬੀ.ਐਸ. ਦੀ ਗਿਣਤੀ ਸਬੰਧੀ ਸਮੁੱਚੀ ਪ੍ਰਕਿਰਿਆ ਬਾਰੇ ਸਬੰਧਤ ਅਧਿਕਾਰੀਆਂ ਨੂੰ ਜਾਣੂ ਕਰਵਾਇਆ।
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਾਂ ਦੀ ਗਿਣਤੀ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਾਊਂਡ ਵਾਈਜ਼ ਨਤੀਜੇ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਅਪਲੋਡ ਕੀਤੇ ਜਾਣਗੇ ਅਤੇ ਇਕ ਗੇੜ ਦੀ ਗਿਣਤੀ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਅਗਲੇ ਗੇੜ ਦੀ ਗਿਣਤੀ ਸ਼ੁਰੂ ਹੋਵੇਗੀ।
ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ ਲੁਪਿੰਦਰ ਕੁਮਾਰ, ਬਲਜੀਤ ਸਿੰਘ ਅਤੇ ਹੋਰ ਬੈਲਟ ਵੋਟਾਂ ਦੀ ਗਿਣਤੀ ਵਾਲਾ ਸਟਾਫ਼ ਮੌਜੂਦ ਸੀ।