2024 ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਤੇ ਆਮ ਆਦਮੀ ਪਾਰਟੀ ਲਹਿਰਾਏਗੀ ਜਿੱਤ ਦਾ ਝੰਡਾ - ਸ਼ਮਸ਼ੇਰ ਸਿੰਘ
ਰੋਹਿਤ ਗੁਪਤਾ
ਗੁਰਦਾਸਪੁਰ 13 ਮਈ 2023 - ਜਲੰਧਰ ਦੀ ਹੋਈ ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਜਸ਼ਨ ਮਨਾਉਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਅੱਜ ਦੀਨਾਨਗਰ ਹਲਕੇ ‘ਚ ਰੋਡ ਸ਼ੋਅ ਕੱਢਿਆ। ਸ਼ਮਸ਼ੇਰ ਸਿੰਘ ਦਾ ਵੱਖ-ਵੱਖ ਥਾਵਾਂ ‘ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ।
ਸ਼ਮਸ਼ੇਰ ਸਿੰਘ ਨੇ ਕਿਹਾ ਕਿ ਜਲੰਧਰ ਵਿੱਚ ਹੋਈ ਜਿੱਤ ਆਮ ਆਦਮੀ ਪਾਰਟੀ ਦੀ ਨਹੀਂ ਸਗੋਂ ਪੰਜਾਬ ਦੇ ਆਮ ਲੋਕਾਂ ਦੀ ਜਿੱਤ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੇ ਮਿਲ ਕੇ ਆਮ ਆਦਮੀ ਪਾਰਟੀ ਨੂੰ ਹਰਾਉਣ ਦੀ ਕੋਸ਼ਿਸ਼ ਕੀਤੀ ਸੀ। ਪਰ ਉਹ ਆਪਣੇ ਮਨਸੂਬੇ ਵਿੱਚ ਕਾਮਯਾਬ ਨਹੀਂ ਹੋ ਸਕੇ, ਕਿਉਂਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਪੰਜਾਬ ਦੀ ਸੁਰੱਖਿਆ ਅਤੇ ਵਿਕਾਸ ਦੀ ਵਾਗਡੋਰ ਆਮ ਆਦਮੀ ਪਾਰਟੀ ਦੇ ਹੱਥਾਂ ਵਿੱਚ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਕਾਂਗਰਸ ਦੀ ਵੱਡੀ ਨੀਂਹ ਨੂੰ ਆਮ ਆਦਮੀ ਪਾਰਟੀ ਨੇ ਹਿਲਾ ਕੇ ਰੱਖ ਦਿੱਤਾ ਹੈ ਅਤੇ 2024 ਚ ਬਾਕੀ ਸੰਸਦੀ ਸੀਟਾਂ ‘ਤੇ ਵੀ ਆਮ ਆਦਮੀ ਪਾਰਟੀ ਦਾ ਕਬਜ਼ਾ ਹੋਵੇਗਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਇੱਕ ਸਾਲ ਵਿੱਚ ਕੀਤੇ ਕੰਮਾਂ ਨੂੰ ਦੇਖਦਿਆਂ ਲੋਕਾਂ ਨੇ ਪਾਰਟੀ ਦੀ ਜਿੱਤ ’ਤੇ ਮੋਹਰ ਲਗਾਈ ਹੈ।
ਉਨ੍ਹਾਂ ਕਿਹਾ ਕਿ ਇਸ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਪੂਰੇ ਭਾਰਤ ਵਿੱਚ ਇੱਕੋ ਇੱਕ ਆਮ ਆਦਮੀ ਪਾਰਟੀ ਹੈ, ਜੋ ਲੋਕ ਹਿੱਤ ਵਿੱਚ ਫੈਸਲੇ ਲੈਂਦੀ ਹੈ ਅਤੇ ਆਪਣੇ ਇਮਾਨਦਾਰ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੰਦੀ ਹੈ।
ਲੋਕ ਵੀ ਪਾਰਟੀ ਦੇ ਕੰਮਾਂ ਤੋਂ ਸੰਤੁਸ਼ਟ ਹਨ ਅਤੇ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਸੁਖਦੇਵ ਰਾਜ, ਠਾਕੁਰ ਪਰਦੀਪ ਸਿੰਘ, ਮਨਮੋਹਨ ਸਿੰਘ, ਗੁਰਨਾਮ ਸਿੰਘ ਸ਼ਾਲਾ, ਬਲਜੀਤ ਸਿੰਘ ਸਾਲਾਂ, ਨਿਸ਼ਾਨ ਸਿੰਘ ਗੂੰਜਿਆ, ਬਲਜੀਤ ਸਿੰਘ ਫੋਜੀ, ਬਾਪੂ ਬਲਦੇਵ ਸਿੰਘ, ਜਸਬੀਰ ਸਿੰਘ, ਰਣਜੀਤ ਸਿੰਘ ਰਾਣਾ, ਸਿਮਰਨ ਸਿੰਘ ਸੇਖਾ , ਵਰਿੰਦਰ ਕਪੂਰ , ਜਗੀਰਾ , ਆਦਿ ਹਾਜਿਰ ਸਨ।