ਸਰਕਾਰੀ ਨੌਕਰੀਆਂ ਤੋਂ ਬਾਅਦ ਹੁਣ ਮਾਨ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ 2.77 ਲੱਖ ਪ੍ਰਾਈਵੇਟ ਨੌਕਰੀਆਂ ਮੁਹੱਈਆ ਕਰੇਗੀ
- ਹੁਨਰਮੰਦ ਨੌਜਵਾਨੀ ਦੇ ਪਰਵਾਸ (ਬਰੇਨ ਡਰੇਨ) ਨੂੰ ਰੋਕਣ ਲਈ ਸੂਬੇ ਵਿੱਚ ਪਹਿਲੀ ਵਾਰ ਸਰਕਾਰ ਦੇ ਪਹਿਲੇ ਸਾਲ ਵਿੱਚ ਰਿਕਾਰਡ ਨੌਕਰੀਆਂ ਪੈਦਾ ਕੀਤੀਆਂ ਗਈਆਂਃ ਮੁੱਖ ਮੰਤਰੀ
- ਸੂਬਾ ਸਰਕਾਰ ਅਤੇ ਨੌਜਵਾਨਾਂ ਵੱਲੋਂ ਮਿਲ ਕੇ ਗਤੀਸ਼ੀਲ, ਸ਼ਾਂਤਮਈ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਕਰਨ ਦੀ ਉਮੀਦ ਪ੍ਰਗਟਾਈ
ਚੰਡੀਗੜ੍ਹ, 9 ਜੂਨ 2023 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਸੂਬਾ ਸਰਕਾਰ ਹੁਣ ਨੌਜਵਾਨਾਂ ਲਈ ਪ੍ਰਾਈਵੇਟ ਸੈਕਟਰ ਵਿੱਚ ਵੀ 2.77 ਲੱਖ ਨੌਕਰੀਆਂ ਯਕੀਨੀ ਬਣਾਏਗੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ......
ਸਰਕਾਰੀ ਨੌਕਰੀਆਂ ਤੋਂ ਬਾਅਦ ਹੁਣ ਮਾਨ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ 2.77 ਲੱਖ ਪ੍ਰਾਈਵੇਟ ਨੌਕਰੀਆਂ ਮੁਹੱਈਆ ਕਰੇਗੀ (ਵੀਡੀਓ ਵੀ ਦੇਖੋ)
ਪੰਜਾਬ ਦੇ ਨੌਜਵਾਨਾਂ ਦੇ ਨਾਮ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਜਵਾਨਾਂ ਨੂੰ 29,000 ਤੋਂ ਵੱਧ ਨੌਕਰੀਆਂ ਮੁਹੱਈਆ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਖ਼ਾਸ ਕਰਕੇ ਪਹਿਲੇ ਸਾਲ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਯੋਗਤਾ ਅਤੇ ਪਾਰਦਰਸ਼ਤਾ ਦੇ ਆਧਾਰ 'ਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਇਹ ਕਾਫ਼ੀ ਨਹੀਂ ਹੈ, ਇਸ ਲਈ ਸੂਬਾ ਸਰਕਾਰ ਪ੍ਰਾਈਵੇਟ ਸੈਕਟਰ ਵਿੱਚ ਵੀ ਨਵੀਆਂ ਨੌਕਰੀਆਂ ਪੈਦਾ ਕਰਨ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਵੱਡੇ ਯਤਨਾਂ ਸਦਕਾ ਹੁਣ ਤੱਕ ਪੰਜਾਬ ਵਿੱਚ ਲਗਭਗ 48,000 ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ 2.77 ਲੱਖ ਨਵੀਆਂ ਨੌਕਰੀਆਂ ਪੈਦਾ ਹੋਣਗੀਆਂ, ਜਿਸ ਨਾਲ ਉਨ੍ਹਾਂ ਦੀ ਅਥਾਹ ਸ਼ਕਤੀ ਨੂੰ ਸਾਕਾਰਾਤਮਕ ਦਿਸ਼ਾ ਵਿੱਚ ਲਾਇਆ ਜਾ ਸਕੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਕਰੀਆਂ ਸਮੁੱਚੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਸ਼ਵ ਪੱਧਰ 'ਤੇ ਉਭਾਰਨ ਲਈ ਪਹਿਲਾਂ ਹੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਿਹਨਤੀ ਅਤੇ ਸਮਰਪਿਤ ਨੌਜਵਾਨਾਂ ਦੇ ਹੱਥਾਂ ਵਿੱਚ ਡਿਗਰੀਆਂ ਅਤੇ ਬਾਅਦ ਵਿੱਚ ਨਿਯੁਕਤੀ ਪੱਤਰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਜ਼ੋਰ ਸੂਬੇ ਵਿੱਚੋਂ ਹੁਨਰਮੰਦ ਨੌਜਵਾਨੀ ਦੇ ਪਰਵਾਸ (ਬਰੇਨ ਡਰੇਨ) ਦੇ ਰੁਝਾਨ ਨੂੰ ਪਲਟਣ ਉਤੇ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਹੁਣ ਨੌਕਰੀਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਉਨ੍ਹਾਂ ਨੂੰ ਇੱਥੇ ਉਨ੍ਹਾਂ ਦੇ ਵਤਨ ਵਿੱਚ ਹੀ ਮੁਨਾਫ਼ੇ ਵਾਲੀਆਂ ਨੌਕਰੀਆਂ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਸਰਕਾਰ ਅਤੇ ਨੌਜਵਾਨ ਮਿਲ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨਗੇ ਅਤੇ ਇੱਕ ਗਤੀਸ਼ੀਲ, ਅਗਾਂਹਵਧੂ ਅਤੇ ਸ਼ਾਂਤਮਈ ਪੰਜਾਬ ਦੀ ਸਿਰਜਣਾ ਕਰਨਗੇ।