ਖੇਤੀਬਾੜੀ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਝੋਨੇ ਦੇ ਹੋਏ ਨੁਕਸਾਨ ਦਾ ਸਰਵੇਖਣ ਕਰਕੇ ਪਨੀਰੀ ਦਾ ਪ੍ਰਬੰਧ ਕਰਨ ਦੀ ਹਦਾਇਤ
- ਮੂਨਕ ਸਬ ਡਵੀਜ਼ਨ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਅਤੇ ਸਿਹਤ ਸਾਵਧਾਨੀਆਂ ਸਬੰਧੀ ਐਮਰਜੈਂਸੀ ਮੀਟਿੰਗ ਹੋਈ
- ਵਿਧਾਇਕ ਬਰਿੰਦਰ ਗੋਇਲ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸੁਰੇਂਦਰ ਲਾਂਬਾ ਨੇ ਹਮੀਰਗੜ੍ਹ ਵਿੱਚ ਕੀਤੀ ਮੀਟਿੰਗ
- ਪਾਣੀ ਘਟਣ ਮਗਰੋਂ ਸੰਭਾਵੀ ਚੁਣੌਤੀਆਂ ਦੇ ਸੁਚੱਜੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ
ਦਲਜੀਤ ਕੌਰ
ਹਮੀਰਗੜ੍ਹ/ਮੂਨਕ, 16 ਜੁਲਾਈ, 2023: ਮੂਨਕ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਆਏ ਹੜਾਂ ਕਾਰਨ ਹੋਏ ਨੁਕਸਾਨ ਅਤੇ ਸਿਹਤ ਸਾਵਧਾਨੀਆਂ ਸਬੰਧੀ ਹਮੀਰਗੜ੍ਹ ਵਿਖੇ ਐਮਰਜੈਂਸੀ ਮੀਟਿੰਗ ਦੌਰਾਨ ਵਿਧਾਇਕ ਬਰਿੰਦਰ ਗੋਇਲ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸੁਰੇਂਦਰ ਲਾਂਬਾ ਨੇ ਮੌਜੂਦਾ ਸਥਿਤੀ ਅਤੇ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਪੈਦਾ ਹੋਣ ਵਾਲੀਆਂ ਸੰਭਾਵੀ ਚੁਣੌਤੀਆਂ ਦੇ ਯੋਜਨਾਬੱਧ ਢੰਗ ਬਾਰੇ ਅਧਿਕਾਰੀਆਂ ਨਾਲ ਐਮਰਜੈਂਸੀ ਮੀਟਿੰਗ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ ਕਿਉਂਕਿ ਪਾਣੀ ਦਾ ਪੱਧਰ ਕੱਲ੍ਹ ਸ਼ਾਮ ਤੱਕ ਘਟਣਾ ਸ਼ੁਰੂ ਹੋ ਜਾਵੇਗਾ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਅਗੇਤੇ ਤੌਰ ਤੇ ਮੂਨਕ ਤੇ ਖਨੌਰੀ ਵਿਚ ਨਿਰੰਤਰ ਫੌਗਿੰਗ ਕਰਵਾਈ ਜਾਵੇ ਅਤੇ ਲਾਰਵੇ ਨੂੰ ਨਸ਼ਟ ਕਰਨ ਲਈ ਸਰਗਰਮ ਕਦਮ ਚੁੱਕੇ ਜਾਣ। ਡਿਪਟੀ ਕਮਿਸ਼ਨਰ ਨੇ ਮ੍ਰਿਤਕ ਪਸ਼ੂਆਂ ਨੂੰ ਕਢਵਾਉਣ, ਬਿਮਾਰ ਪਸ਼ੂਆਂ ਦਾ ਢੁਕਵਾਂ ਇਲਾਜ, ਹਰੇ ਚਾਰੇ ਤੇ ਫੀਡ ਦਾ ਪ੍ਰਬੰਧ, ਜਲ ਸਪਲਾਈ ਦੀਆਂ ਲਾਈਨਾਂ ਦੀ ਜਾਂਚ, ਪਾਣੀ ਦੀ ਟੈਸਟਿੰਗ, ਪਾਣੀ ਦਾ ਪੱਧਰ ਨੀਵਾਂ ਹੋਣ ਤੋਂ ਬਾਅਦ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ, ਦਵਾਈਆਂ ਦੀ ਉਪਲਬਧਤਾ ਆਦਿ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਵਾ ਕੇ ਖਰਾਬ ਹੋਏ ਝੋਨੇ ਸਬੰਧੀ ਜਾਇਜ਼ਾ ਲਿਆ ਜਾਵੇ ਅਤੇ ਲੋੜੀਂਦੀ ਮਾਤਰਾ ਵਿੱਚ ਝੋਨੇ ਦੀ ਪਨੀਰੀ ਤਿਆਰ ਕਰਵਾਉਣ ਦੇ ਇੰਤਜ਼ਾਮ ਕਰਵਾਏ ਜਾਣ ਤਾਂ ਜੋ ਲੋੜਵੰਦ ਕਿਸਾਨਾਂ ਨੂੰ ਮੁੜ ਬਿਜਾਈ ਲਈ ਪਨੀਰੀ ਉਪਲਬਧ ਹੋ ਸਕੇ।ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਗਿਰਦਾਵਰੀ ਦੇ ਆਦੇਸ਼ ਦਿੱਤੇ ਜਾਣ ਤੋਂ ਬਾਅਦ ਸਾਂਝੇ ਤੌਰ 'ਤੇ ਗਿਰਦਾਵਰੀ ਪ੍ਰਕਿਰਿਆ ਨੂੰ ਤਰਜੀਹ ਦੇ ਆਧਾਰ ਤੇ ਅਮਲ ਵਿੱਚ ਲਿਆਂਦਾ ਜਾਵੇ ਅਤੇ ਕੋਈ ਵੀ ਯੋਗ ਕੇਸ ਮੁਆਵਜ਼ੇ ਤੋਂ ਵਾਂਝਾ ਨਾ ਰਹੇ।
ਮੀਟਿੰਗ ਦੌਰਾਨ ਅਵਾਜਾਈ ਦੇ ਸੁਚਾਰੂ ਪ੍ਰਬੰਧਨ, ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਪਾਣੀ ਕਾਰਨ ਨੈਸ਼ਨਲ ਹਾਈਵੇ, ਮੁੱਖ ਸੜਕਾਂ ਤੇ ਲਿੰਕ ਸੜਕਾਂ ਦੇ ਹੋਏ ਨੁਕਸਾਨ ਦੀ ਅਸੈਸਮੈਂਟ ਪ੍ਰਕਿਰਿਆ ਬਾਰੇ ਵੀ ਹਦਾਇਤਾਂ ਦਿੱਤੀਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਜੇਕਰ ਹੁਣ ਵੀ ਕਿਸੇ ਥਾਂ ਤੇ ਪਾੜ ਪੈਂਦਾ ਹੈ ਤਾਂ ਉਸਨੂੰ ਜਲਦੀ ਤੋਂ ਜਲਦੀ ਪੂਰਨ ਲਈ ਕੋਸ਼ਿਸ਼ਾਂ ਹੋਰ ਤੇਜ਼ ਕੀਤੀਆਂ ਜਾਣ। ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਸਮੁੱਚੀ ਪ੍ਰਸ਼ਾਸ਼ਨਿਕ ਟੀਮ 24 ਘੰਟੇ ਲੋਕਾਂ ਦੀ ਸੁਵਿਧਾ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੌਜੂਦ ਹੈ। ਉਨ੍ਹਾਂ ਕਿਹਾ ਕਿ ਹਰ ਵਿਭਾਗ ਤਾਲਮੇਲ ਨਾਲ ਜੁਟਿਆ ਹੋਇਆ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹਤ ਕੇਂਦਰ, ਮੈਡੀਕਲ ਸੇਵਾਵਾਂ, ਕਿਸ਼ਤੀਆਂ ਰਾਹੀਂ ਲੋਕਾਂ ਨੂੰ ਸੁਰੱਖਿਅਤ ਰਾਹਤ ਕੇਂਦਰਾਂ ਵਿੱਚ ਲਿਆਉਣ ਸਮੇਤ ਹੋਰ ਪ੍ਰਬੰਧ ਸਹੀ ਢੰਗ ਨਾਲ ਚੱਲ ਰਹੇ ਹਨ।
ਇਸ ਮੌਕੇ ਐਸ ਐਸ ਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਸੰਗਰੂਰ ਪੁਲਿਸ ਲੋਕਾਂ ਦੀ ਮਦਦ ਲਈ ਮੌਜੂਦ ਹੈ। ਉਨ੍ਹਾਂ ਕਿਹਾ ਕਿ ਸਾਡੇ ਜਵਾਨਾਂ ਵੱਲੋਂ ਸਿਵਲ ਪ੍ਰਸ਼ਾਸਨ, ਫੌਜ, ਐਨ ਡੀ ਆਰ ਐਫ ਦੀਆਂ ਟੀਮਾਂ ਨਾਲ ਮਿਲਜੁਲ ਕੇ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡੂੰਘੇ ਪਾਣੀ ਵਿੱਚ ਜਾਣ ਦੀ ਕਿਸੇ ਨੂੰ ਆਗਿਆ ਨਹੀਂ ਦਿੱਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਐਸ ਡੀ ਐਮ ਮੂਨਕ ਸੂਬਾ ਸਿੰਘ, ਐਸਡੀਐਮ ਸੰਗਰੂਰ ਨਵਰੀਤ ਕੌਰ ਸੇਖੋਂ, ਫੌਜ, ਐਨ ਡੀ ਆਰ ਐਫ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।