ਪੰਜਾਬ ਸਰਕਾਰ ਹੜ੍ਹਾਂ ਦੇ ਗੰਭੀਰ ਹਾਲਾਤਾਂ ਦੌਰਾਨ ਸੂਬੇ ਦੇ ਲੋਕਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਵਚਨਬੱਧ - ਸਿਹਤ ਮੰਤਰੀ
- ਆਈ.ਐਮ.ਏ. ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਸੇਵਾਵਾਂ ਦੇਣ ਦੀ ਅਪੀਲ
- ਡਿਪਟੀ ਕਮਿਸ਼ਨਰ ਅਤੇ ਵਿਧਾਇਕਾਂ ਵੱਲੋਂ ਜ਼ਿਲ੍ਹੇ ਅੰਦਰ ਹੜ੍ਹਾਂ ਦੀ ਸਥਿਤੀ ਨੂੰ ਨਜਿੱਠਣ ਲਈ ਕੀਤੇ ਸਮੁੱਚੇ ਪ੍ਰਬੰਧਾਂ ’ਤੇ ਸੰਤੁਸ਼ਟੀ ਪ੍ਰਗਟਾਈ
ਮਾਨਸਾ, 16 ਜੁਲਾਈ 2023 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਦੇ ਗੰਭੀਰ ਹਾਲਾਤਾਂ ਦੌਰਾਨ ਲੋਕਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਸਰਕਾਰੀ ਤੇ ਗੈਰ ਸਰਕਾਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਨਿਰੰਤਰ ਮੈਡੀਕਲ ਕੈਂਪ ਲਗਾ ਰਹੀ ਹੈ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ, ਆਈ.ਐਮ.ਏ, ਕੈਮਿਸਟ ਐਸੋਸੀਏਸ਼ਨ ਦੇ ਅਧਿਕਾਰੀਆਂ ਨਾਲ ਰੱਖੀ ਮੀਟਿੰਗ ਦੌਰਾਨ ਕੀਤਾ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੂੰ ਅਪੀਲ ਕਰਦਿਆਂ ਕਿਹਾ ਕਿ ਆਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਸਟਾਫ਼ ਦੀ ਤਾਇਨਾਤੀ ਦਵਾਈਆਂ ਸਮੇਤ ਐਂਬੂਲੈਂਸਾਂ ਨਾਲ ਕੀਤੀ ਜਾਵੇ ਅਤੇ ਲੋੜ ਪੈਣ ’ਤੇ ਹੋਰ ਜ਼ਰੂਰੀ ਸੇਵਾਵਾਂ ਵੀ ਮੁਹੱਈਆ ਕਰਵਾਉਣ ਵਿੱਚ ਸਹਿਯੋਗ ਦਿੱਤਾ ਜਾਵੇ। ਇੰਡੀਅਨ ਮੈਡੀਕਲ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਨੇ ਸਿਹਤ ਮੰਤਰੀ ਨੂੰ ਦੱਸਿਆ ਕਿ 1 ਐਂਬੂਲੈਂਸ ਸਿਹਤ ਵਿਭਾਗ ਨੂੰ ਮੁਹੱਈਆ ਕਰਵਾਈ ਗਈ ਹੈ ਅਤੇ 51 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿੱਚ ਹੜ੍ਹ ਪੀੜ੍ਹਤਾਂ ਲਈ ਭੇਜੇ ਗਏ ਹਨ। ਇਸ ਤੋਂ ਇਲਾਵਾ 13 ਪ੍ਰਾਈਵੇਟ ਹਸਪਤਾਲਾਂ ਦੀ ਸੂਚੀ ਸਿਵਲ ਸਰਜਨ ਮਾਨਸਾ ਨੂੰ ਭੇਜ ਦਿੱਤੀ ਜਾਵੇਗੀ ਜਿੱਥੇ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਇਲਾਜ ਦੀ ਸੁਵਿਧਾ ਦਿੱਤੀ ਜਾਵੇਗੀ।
ਸਿਹਤ ਮੰਤਰੀ ਨੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਅਤੇ ਵਿਧਾਇਕਾਂ ਵੱਲੋਂ ਜ਼ਿਲ੍ਹੇ ਅੰਦਰ ਹੜ੍ਹਾਂ ਨਾਲ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਅਤੇ ਉਥੇ ਰਹਿਣ ਵਾਲੇ ਵਸਨੀਕਾਂ ਲਈ ਖਾਣ, ਪੀਣ ਅਤੇ ਰਹਿਣ ਲਈ ਬਣਾਏ ਰਾਹਤ ਕੈਂਪਾਂ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ’ਤੇ ਸੰਤੁਸ਼ਟੀ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।
ਉਨ੍ਹਾਂ ਕਿਹਾ ਕਿ ਪਾਣੀ ਅਤੇ ਮੱਛਰ ਮੱਖੀਆਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੇ ਇਲਾਜ਼ ਲਈ ਸਿਹਤ ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬੇ ਅੰਦਰ 500 ਤੋਂ ਵਧੇਰੇ ਐਮਰੀਜੈਂਸੀ ਰਿਸਪੌਂਸ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਲੋੜੀਂਦੀਆਂ ਸਾਰੀਆਂ ਦਵਾਈਆਂ ਉਪਲੱਬਧ ਕਰਵਾਈਆਂ ਗਈਆਂ ਹਨ।
ਇਸ ਮੌਕੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰੀ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਵਾਲੀ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ, ਸ੍ਰੀ ਗੁਰਪ੍ਰੀਤ ਸਿੰਘ ਭੁੱਚਰ ਸਮੇਤ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਸਨ।