ਹੜ੍ਹਾਂ ਤੋਂ ਬਾਅਦ ਪੈਦਾ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ: ਸਿਹਤ ਮੰਤਰੀ ਡਾ. ਬਲਬੀਰ ਸਿੰਘ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਪੱਖੋਂ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ: ਬਲਬੀਰ ਸਿੰਘ
- ਸਿਹਤ ਮੰਤਰੀ ਵੱਲੋਂ ਅਧਿਕਾਰੀਆਂ, ਗੈਰ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ, ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਕੈਮਿਸਟ ਐਸੋਸੀਏਸ਼ਨਾਂ ਦੇ ਮੈਂਬਰਾਂ ਨਾਲ ਮੀਟਿੰਗ
ਦਲਜੀਤ ਕੌਰ
ਸੰਗਰੂਰ, 16 ਜੁਲਾਈ, 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ, ਗੈਰ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ, ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਕੈਮਿਸਟ ਐਸੋਸੀਏਸ਼ਨਾਂ ਦੇ ਮੈਂਬਰਾਂ ਨਾਲ ਹੜ੍ਹਾਂ ਤੋਂ ਬਾਅਦ ਪੈਦਾ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਸਰਕਾਰ ਦੇ ਪੱਧਰ ’ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਵਿਸਤ੍ਰਿਤ ਮੀਟਿੰਗ ਕੀਤੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉਹ ਰਾਜ ਦੇ ਵੱਖ ਵੱਖ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਦਾ ਦੌਰਾ ਕਰਕੇ ਫੀਡਬੈਕ ਲੈ ਰਹੇ ਹਨ ਅਤੇ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਜਿਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਸਮੂਹ ਮੰਤਰੀਆਂ, ਵਿਧਾਇਕਾਂ, ਪ੍ਰਸਾਸਨਿਕ ਅਧਿਕਾਰੀਆਂ ਵੱਲੋਂ ਹੜ੍ਹ ਪੀੜਤਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਮਦਦ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ ਉਥੇ ਹੀ ਸਮੂਹ ਸਮਾਜ ਸੇਵਕਾਂ, ਦਾਨੀ ਸੱਜਣਾਂ, ਆਈ.ਐਮ.ਏ ਤੇ ਕੈਮਿਸਟਾਂ ਨੇ ਖੁੱਲ੍ਹ ਦਿਲੀ ਵਿਖਾਉਂਦੇ ਹੋਏ ਖੁਦ ਅੱਗੇ ਆ ਕੇ ਮਦਦ ਲਈ ਹੱਥ ਵਧਾਇਆ ਹੈ ਜਿਸ ਦੀ ਉਹ ਸ਼ਲਾਘਾ ਕਰਦੇ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਸਾਂਝੇ ਉਦਮ ਸਦਕਾ ਜਲਦੀ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਜਿੰਦਗੀ ਲੀਹ ’ਤੇ ਆ ਜਾਵੇਗੀ ਅਤੇ ਸਭ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਜੇਕਰ ਕਿਸੇ ਵੀ ਤਰ੍ਹਾਂ ਦੀ ਵੈਕਟਰ ਅਤੇ ਵਾਟਰ ਬੋਰਨ ਡਿਜੀਜ਼ ਪੈਦਾ ਹੁੰਦੀ ਹੈ ਤਾਂ ਉਸ ਨੂੰ ਮੁਢਲੇ ਪੜਾਅ ’ਤੇ ਹੀ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਮੁਸਤੈਦੀ ਨਾਲ ਕਾਰਜਸ਼ੀਲ ਹਨ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਸਿਹਤ ਮੰਤਰੀ ਨੇ ਕਿਹਾ ਕਿ 24x7 ਘੰਟੇ ਮੈਡੀਕਲ ਸਟਾਫ਼ ਤੇ ਮੈਡੀਕਲ ਸੇਵਾਵਾਂ ਉਪਲਬਧ ਹਨ ਅਤੇ ਲੋੜ ਮੁਤਾਬਕ ਐਂਬੂਲੈਂਸਾਂ ਦਾ ਵੀ ਪ੍ਰਬੰਧ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਦੇ ਪੱਧਰ ’ਤੇ ਕਿਸੇ ਵੀ ਕਿਸਮ ਦੀ ਕਮੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਸਿਹਤ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਖੁਦ ਸਮੂਹ ਟੀਮਾਂ ਦੀ ਸਰਗਰਮ ਅਗਵਾਈ ਕਰ ਰਹੇ ਹਨ ਅਤੇ ਸਮੁੱਚਾ ਮੈਡੀਕਲ ਸਟਾਫ਼ ਤਨਦੇਹੀ ਨਾਲ ਲੋਕ ਸੇਵਾ ਵਿੱਚ ਜੁਟਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ ਪ੍ਰਾਈਵੇਟ ਹਸਪਤਾਲਾਂ ਨੇ ਵੀ ਇਸ ਸੰਕਟ ਦੇ ਸਮੇਂ ਵਿੱਚ ਮਦਦ ਲਈ ਆਪਣਾ ਜਬਰਦਸਤ ਹੁੰਗਾਰਾ ਭਰਿਆ ਹੈ ਅਤੇ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਪ੍ਰਸ਼ਾਸਨ ਦੀ ਤਰਫੋਂ ਚੱਲ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਵਿਸ਼ਵਾਸ ਦਿਵਾਇਆ ਕਿ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਸਿਹਤ ਨਾਲ ਸਬੰਧਤ ਸਮੱਸਿਆਵਾਂ ਸਮੇਤ ਹੋਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਆਪਕ ਪੱਧਰ ਤੇ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਸਿਵਲ ਸਰਜਨ ਡਾ. ਪਰਮਿੰਦਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਐਸ.ਐਮ.ਓ ਡਾ. ਕਿਰਪਾਲ ਸਿੰਘ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ, ਸੀਨੀਅਰ ਆਗੂ ਮਨਦੀਪ ਸਿੰਘ ਲੱਖੇਵਾਲ ਤੋਂ ਇਲਾਵਾ ਇੰਡੀਅਨ ਮੈਡੀਕਲ ਐਸੋਸੀਏਸ਼ਨ, ਜ਼ਿਲ੍ਹੇ ਦੀਆਂ ਕੈਮਿਸਟ ਐਸੋਸੀਏਸ਼ਨਾਂ ਤੇ ਐਨ.ਜੀ.ਓਜ਼ ਦੇ ਨੁਮਾਇੰਦੇ ਵੀ ਹਾਜ਼ਰ ਸਨ।