ਮਾਨਸਾ: ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਰਾਹਤ ਕੈਂਪਾਂ ਵਿਚ ਟੈਂਕਰਾਂ ਰਾਹੀਂ ਪਹੁੰਚਾਇਆ ਜਾ ਰਿਹੈ ਪੀਣ ਵਾਲਾ ਸਾਫ ਪਾਣੀ
- ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਟੀਮਾਂ 24 ਘੰਟੇ ਤੈਨਾਤ
ਮਾਨਸਾ, 20 ਜੁਲਾਈ 2023 - ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਦੇ ਆਦੇਸ਼ਾਂ ’ਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਟੈਂਕਰਾਂ ਰਾਹੀਂ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਕਾਰਜਕਾਰੀ ਇੰਜੀਨੀਅਰ ਕੇਵਲ ਗਰਗ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ ਸਮੱਸਿਆ ਆਉਂਦੀ ਹੈ। ਇਹ ਜ਼ਰੂਰੀ ਹੈ ਕਿ ਜਿੱਥੇ ਲੋਕਾਂ ਨੂੰ ਰਾਸ਼ਨ ਤੇ ਹੋਰ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਪੀਣ ਵਾਲਾ ਸਾਫ ਪਾਣੀ ਵੀ ਲੋਕਾਂ ਤੱਕ ਪਹੁੰਚਾਇਆ ਜਾਵੇ। ਇਸ ਦੇ ਲਈ ਵਿਭਾਗ ਦੇ ਸਾਰੇ ਐਸ.ਡੀ.ਓ, ਜੇ.ਈ., ਸ਼ੋਸਲ ਸਟਾਫ ਦੇ ਮੈਂਬਰ ਅਤੇ ਹੋਰ ਅਧਿਕਾਰੀ ਦਿਨਰਾਤ ਡਿਊਟੀ ਨਿਭਾਅ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਵਿਚ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਰਾਹਤ ਕੈਂਪਾਂ ਵਿਚ ਵੀ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।