ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਬਾਓਪੁਰ ਅਤੇ ਗੁਲਾਹੜ 'ਚ ਸੈਂਕੜੇ ਫੁੱਟ ਦੇ ਪਏ ਪਾੜ ਪੂਰੇ
- ਜ਼ਿਲ੍ਹਾ ਪ੍ਰਸ਼ਾਸ਼ਨ ਨੇ ਘੱਗਰ ਦਰਿਆ ਦੇ ਦੋ ਹੋਰ ਵੱਡੇ ਪਾੜ ਪੂਰੇ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ
ਦਲਜੀਤ ਕੌਰ
ਮੂਨਕ/ਖਨੌਰੀ/ਸੰਗਰੂਰ, 20 ਜੁਲਾਈ, 2023: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਘੱਗਰ ਦਰਿਆ ਵਿੱਚ ਸਮਰੱਥਾ ਤੋਂ ਜਿਆਦਾ ਪਾਣੀ ਆਉਣ ਕਾਰਨ ਆਏ ਹੜ੍ਹਾਂ ਤੋਂ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਗਰੂਰ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਦੇ ਹੜ੍ਹ ਦੀ ਮਾਰ ਹੇਠ ਆਏ ਖਨੌਰੀ ਤੇ ਮੂਨਕ ਦੇ ਇਲਾਕਿਆਂ ’ਚ ਰਾਹਤ ਕਾਰਜਾਂ ਦੇ ਨਾਲ-ਨਾਲ ਘੱਗਰ ਨਦੀ ਦੇ ਕਿਨਾਰਿਆਂ ’ਚ ਪਏ ਪਾੜਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ ਵੱਲੋਂ ਦੋ ਹੋਰ ਪਾੜਾਂ ਨੂੰ ਕਾਮਯਾਬੀ ਨਾਲ ਪੂਰ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਬਾਓਪੁਰ ਵਿਖੇ ਤਕਰੀਬਨ 180 ਫੁੱਟ ਦਾ ਪਾੜ ਪੈ ਗਿਆ ਸੀ ਜਿਸਨੂੰ ਪੂਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ ਵੱਲੋਂ ਕਿਨਾਰਿਆਂ ਦੇ ਉਪਰਲੇ ਪਾਸੇ ਗੋਲਾਕਾਰ ਢੰਗ ਨਾਲ ਮਿੱਟੀ ਦੀਆਂ ਬੋਰੀਆ ਲਾ ਕੇ ਪਾਣੀ ਦੇ ਤੇਜ਼ ਵਹਾਅ ਨੂੰ ਬਾਹਰ ਵਗਣ ਤੋਂ ਰੋਕ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਗੁਲਾਹੜ ਵਿਖੇ ਪਏ ਤਕਰੀਬਨ 250 ਫੁੱਟ ਦੇ ਇੱਕ ਵੱਡੇ ਪਾੜ ਨੂੰ ਇਸੇ ਢੰਗ ਨਾਲ ਪੂਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਘੱਗਰ ਦਰਿਆ ਵਿੱਚ ਪਏ ਬਾਕੀ ਪਾੜਾਂ ਨੂੰ ਪੂਰਨ ਦਾ ਕੰਮ ਦਿਨ ਰਾਤ ਇੱਕ ਕਰਕੇ ਕਰਵਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਘੱਗਰ ਦਰਿਆ ਵਿੱਚ ਪਏ ਪਾੜਾਂ ਨੂੰ ਪੂਰਨ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਰਾਹਤ ਅਤੇ ਮੁੜ ਵਸੇਬੇ ਦੇ ਕੰਮ ਵੀ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਹੜ੍ਹ ਦੀ ਮਾਰ ਹੇਠ ਆਏ ਇਲਾਕਿਆਂ ’ਚ ਸਿਹਤ ਵਿਭਾਗ ਦੇ ਨਾਲ-ਨਾਲ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੀਆਂ ਟੀਮਾਂ 24 ਘੰਟੇ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਪਾਣੀ ਵਿੱਚ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਲਗਾਤਾਰ ਦਵਾਈਆਂ ਦੀ ਸਪਰੇਅ ਅਤੇ ਫੌਗਿੰਗ ਕਰਵਾਈ ਜਾ ਰਹੀ ਹੈ ਅਤੇ ਨਾਲ ਹੀ ਲੋਕਾਂ ਨੂੰ ਮੱਛਰਾਂ ਤੋਂ ਬਚਾਉਣ ਲਈ ਮੱਛਰਦਾਨੀਆਂ ਵੀ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੜ੍ਹਾਂ ਕਾਰਨ ਤਬਾਹ ਹੋਏ ਝੋਨੇ ਦੀ ਫ਼ਸਲ ਦੀ ਮੁੜ ਲਵਾਈ ਲਈ ਪਨੀਰੀ ਮੁਹੱਈਆ ਕਰਵਾਉਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ।