ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ 18 ਦਿਨਾਂ ਵਿੱਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ
- 1.14 ਲੱਖ ਤੋਂ ਜ਼ਿਆਦਾ ਲੋਕਾਂ ਦਾ ਇਲਾਜ
- ਕੁੱਲ 1475 ਪਿੰਡਾਂ 'ਚ ਪਈ ਹੜ੍ਹਾਂ ਦੀ ਮਾਰ
ਚੰਡੀਗੜ੍ਹ, 28 ਜੁਲਾਈ 2023 - ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਪਸ਼ੂ ਪਾਲਣ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 10 ਜੁਲਾਈ ਤੋਂ 27 ਜੁਲਾਈ ਤੱਕ ਕੁੱਲ 29380 ਪਸ਼ੂਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਜਦਕਿ 1,15,361 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ।
ਇਸੇ ਤਰ੍ਹਾਂ ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਹੁਣ ਤੱਕ ਓਪੀਡੀ ਦੀ ਗਿਣਤੀ 1,14,580 ਤੱਕ ਪੁੱਜ ਗਈ ਹੈ।
ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਹੁਣ ਤੱਕ ਸੂਬੇ ਦੇ ਕੁੱਲ 1475 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ।
ਹੁਣ ਤੱਕ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1277 ਲੋਕ ਰਹਿ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ। ਜਿਹੜੇ 19 ਜ਼ਿਲ੍ਹਿਆਂ ਨੇ ਹੜ੍ਹਾਂ ਦੀ ਮਾਰ ਝੱਲੀ ਹੈ ਜਾਂ ਝੱਲ ਰਹੇ ਹਨ ਉਨ੍ਹਾਂ ਵਿਚ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸ਼ਾਮਲ ਹਨ।
ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 44 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 22 ਵਿਅਕਤੀ ਜ਼ਖ਼ਮੀ ਹੋਏ ਹਨ।