ਸਰਹੱਦੀ ਪਿੰਡਾਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਸਾੜਿਆ ਪੁਤਲਾ
ਬਲਜੀਤ ਸਿੰਘ
ਤਰਨ ਤਾਰਨ , 18 ਫ਼ਰਵਰੀ 2024 : ਜਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਸਰਹੱਦੀ ਪਿੰਡਾਂ ਵਿੱਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਟਰਸਾਈਕਲ ਰੋਸ ਮਾਰਚ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ।
ਇਸ ਉਪਰੰਤ ਗੱਲਬਾਤ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਵਲਟੋਹਾ ਦੇ ਪ੍ਰਧਾਨ ਮੇਹਰ ਸਿੰਘ ਤਲਵੰਡੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਤੇ ਬੈਠੇ ਕਿਸਾਨਾਂ ਉੱਪਰ ਆਂਸੂ ਗੈਸ ਦੇ ਗੋਲੇ ਅਤੇ ਪਲਾਸਟਿਕ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਨੇ ਜਿਸ ਕਾਰਨ ਸਾਡੇ 500 ਦੇ ਕਰੀਬ ਕਿਸਾਨ ਜਖਮੀ ਹੋਇਆ ਹੈ ਅਤੇ ਇੱਕ ਕਿਸਾਨ ਸ਼ਹੀਦ ਹੋਇਆ ਹੈ ਜਿਸ ਦੇ ਰੋਸ ਵਿੱਚ ਅੱਜ ਉਹਨਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਝੂਠੀ ਹਮਦਰਦੀ ਦੇ ਰਹੀ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਬਜਾਏ ਦਿੱਲੀ ਨੂੰ ਜਾਣ ਵਾਲੇ ਸਾਰੇ ਰਸਤੇ ਸੀਲ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਉੱਪਰ ਲਾਠੀ ਚਾਰਜ ਕੀਤਾ ਜਾ ਰਿਹਾ ਹੈ ਜੋ ਕੇਂਦਰ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਦੀ ਮੰਸ਼ਾ ਜਾਹਰ ਕਰਦੀਆਂ ਹਨ ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਜਲਦੀ ਤੋਂ ਜਲਦੀ ਕਿਸਾਨਾਂ ਦੀਆਂ ਜੋ ਹੱਕੀ ਮੰਗਾਂ ਹਨ ਉਹਨਾਂ ਨੂੰ ਪੂਰਾ ਕਰੇ ਨਹੀਂ ਤਾਂ ਕਿਸਾਨਾਂ ਨੂੰ ਦਿੱਲੀ ਜਾਣ ਦਾ ਰਾਹ ਦੇਵੇ ਅਤੇ ਉੱਥੇ ਕਿਸਾਨਾਂ ਨੂੰ ਆਪਣਾ ਰੋਸ ਪ੍ਰਦਰਸ਼ਨ ਕਰਨ ਲਈ ਜਗ੍ਹਾ ਮੁਹਈਆ ਕਰਵਾਵੇ ਜੇ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਹ ਸੰਘਰਸ਼ ਹੋਰ ਵੀ ਤਿੱਖਾ ਹੋਵੇਗਾ ਅਤੇ ਦਿੱਲੀ ਵੱਲ ਰਸਤਿਆਂ ਉੱਪਰ ਲੱਗੇ ਬੈਰੀ ਗੇਟ ਕਿਸਾਨ ਖੁਦ ਹੀ ਤੋੜ ਦੇਣਗੇ ।