ਗੁਰੂ ਰਵਿਦਾਸ ਮੰਦਿਰ ਦੇ ਪੁਜਾਰੀ ਨਾਲ ਕੁੱਟਮਾਰ ਦਾ ਮਾਮਲਾ ਭਖਿਆ, ਮੁਲਜ਼ਮ ਨੂੰ ਐਸਐਸਪੀ ਦਫਤਰ ਫਿਰਦਿਆਂ ਵੇਖ ਹੋਰ ਭਖੇ ਲੋਕ
- ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨੇ ਦੌਰਾਨ ਦੋਸ਼ੀ ਨੂੰ ਐਸਐਸਪੀ ਦਫਤਰ ਫਿਰਦਿਆਂ ਵੇਖ ਹੋਰ ਭਖੇ ਲੋਕ
ਰਿਪੋਰਟਰ --- ਰੋਹਿਤ ਗੁਪਤਾ
ਗੁਰਦਾਸਪੁਰ, 28 ਫਰਵਰੀ 2024 - ਗੁਰਦਾਸਪੁਰ ਦੇ ਪਿੰਡ ਭੰਗਵਾ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਦੇ ਪੁਜਾਰੀ ਮੋਹਨ ਲਾਲ 'ਤੇ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਤੋਂ ਨਾਰਾਜ਼ ਐਸ ਸੀ ,ਬੀ ਸੀ ਭਾਈਚਾਰੇ ਦੇ ਲੋਕਾਂ ਨੇ ਐੱਸਐੱਸਪੀ ਦਫ਼ਤਰ ਗੁਰਦਾਸਪੁਰ ਦੇ ਬਾਹਰ ਧਰਨਾ ਦਿੱਤਾ। ਧਰਨਾਕਾਰੀਆਂ ਦਾ ਦੋਸ਼ ਹੈ ਕਿ ਘਟਨਾ ਨੂੰ ਚਾਰ ਦਿਨ ਬੀਤ ਜਾਣ ਤੋਂ ਬਾਅਦ ਵੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ ਹੈ ਤੇ ਨਾ ਹੀ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ ਜਦਕਿ ਮੁਲਜ਼ਮ ਸ਼ਰੇਆਮ ਘੁੰਮ ਰਿਹਾ ਹੈ।ਇਸ ਦੌਰਾਨ ਮੁੱਖ ਮੁਲਜ਼ਮ ਐੱਸਐੱਸਪੀ ਦਫ਼ਤਰ ਦੇ ਬਾਹਰ ਘੁੰਮ ਰਿਹਾ ਸੀ, ਜਿਸ ਨੂੰ ਦੇਖ ਕੇ ਪ੍ਰਦਰਸ਼ਨਕਾਰੀ ਹੋਰ ਗੁੱਸੇ ਵਿੱਚ ਆ ਗਏ ਅਤੇ ਪੁਲਸ ਖਿਲਾਫ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਥਿਤ ਦੋਸ਼ੀ ਨੂੰ ਖੁਦ ਹੀ ਫੜਨ ਦੀ ਕੋਸ਼ਿਸ਼ ਕਰਨ ਲੱਗ ਪਏ ਤਾਂ ਕਾਫੀ ਮੁਸ਼ੱਕਤ ਤੋਂ ਬਾਅਦ ਪੁਲਸ ਨੇ ਧਰਨਾ ਸ਼ਾਂਤ ਕਰਵਾਇਆ ਅਤੇ ਮਾਹੌਲ ਖਰਾਬ ਹੁੰਦਾ ਦੇਖ ਕੇ ਦੋਸ਼ੀ ਨੂੰ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ ਅਤੇ ਉਸ ਖਿਲਾਫ ਮਾਮਲਾ ਦਰਜ ਕਰਨ ਦਾ ਵਿਸ਼ਵਾਸ ਦਵਾ ਕੇ ਧਰਨਾ ਖਤਮ ਕਰਵਾਇਆ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/372248575797276
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਸੀ., ਬੀ.ਸੀ ਭਾਈਚਾਰਾ ਆਗੂ ਰਾਜੇਸ਼ ਭੰਗਵਾ ਨੇ ਦੱਸਿਆ ਕਿ 25 ਤਰੀਕ ਨੂੰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਦੇ ਹੀ ਕੁੱਝ ਵਿਅਕਤੀਆਂ ਵੱਲੋਂ ਪਿੰਡ ਵਿੱਚ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਦੇ ਪੁਜਾਰੀ ਮੋਹਨ ਲਾਲ ਦੀ ਕੁੱਟਮਾਰ ਕਰਨ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਸੀ | ਇਸ ਸਬੰਧੀ ਪੁਲਿਸ ਨੂੰ ਕਿਹਾ ਅਤੇ ਉਸਦੇ ਕੱਪੜੇ ਵੀ ਪਾੜ ਦਿੱਤੇ ਗਏ ਪਰ 4 ਦਿਨ ਬੀਤ ਜਾਣ ਦੇ ਬਾਵਜੂਦ ਵੀ ਦੋਸ਼ੀ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ, ਜਦਕਿ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ ਅਤੇ ਪੁਜਾਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇ ਰਹੇ ਹਨ, ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ ਨੂੰ ਲੈ ਕੇ ਅੱਜ ਉਨ੍ਹਾਂ ਨੇ ਇਕੱਠੇ ਹੋ ਕੇ ਐਸਐਸਪੀ ਦਫ਼ਤਰ ਦੇ ਬਾਹਰ ਇਨਸਾਫ਼ ਲਈ ਧਰਨਾ ਦਿੱਤਾ।ਇਸ ਦੌਰਾਨ ਇੱਕ ਮੁਲਜ਼ਮ ਐਸਐਸਪੀ ਦਫ਼ਤਰ ਵਿੱਚ ਘੁੰਮਦਾ ਨਜ਼ਰ ਆਇਆ, ਬਾਬਾ ਜੀ ਜਿਸ ਨੂੰ ਪੁਲਿਸ ਵੱਲੋਂ ਗ੍ਰਿਫਤਾਰਤਾ ਕਰ ਲਿਆ ਗਿਆ ਹੈ ਪਰ ਜੇਕਰ ਫਿਰ ਵੀ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਨਾ ਕੀਤਾ ਗਿਆ ਤਾਂ ਉਹ ਐੱਸਐੱਸਪੀ ਦਫ਼ਤਰ ਦੇ ਬਾਹਰ ਮੁੜ ਤੋਂ ਅਨਮਿੱਥੇ ਸਮੇਂ ਲਈ ਧਰਨੇ ਤੇ ਬੈਠ ਜਾਣਗੇ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਸਿਟੀ ਮੋਹਨ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।ਇਸ ਸਮੇਂ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਦਾ ਵਿਸ਼ਵਾਸ ਧਰਨਾਕਾਰੀਆਂ ਨੂੰ ਦੇ ਕੇ ਧਰਨਾ ਸਮਾਪਤ ਕਰਵਾ ਦਿੱਤਾ ਗਿਆ ਹੈ।