ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ
- ਕਿਹਾ: ਭਾਜਪਾ ਦਾ 10 ਸਾਲ ਦਾ ਸ਼ਾਸਨ ਖਾਸ ਕਰਕੇ ਔਰਤਾਂ ਲਈ ਸਭ ਤੋਂ ਮਾੜਾ ਸਾਬਤ ਹੋਇਆ
ਚੰਡੀਗੜ੍ਹ, 25 ਅਪ੍ਰੈਲ 2024: ਕੇਂਦਰ ਦੀ ਕਾਂਗਰਸ/ਇੰਡੀਆ ਦੀ ਸਰਕਾਰ ਕੇਂਦਰ ਸਰਕਾਰ ਦੀਆਂ ਨੌਕਰੀਆਂ ਵਿੱਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇਵੇਗੀ।
ਇਹ ਪ੍ਰਗਟਾਵਾ ਅੱਜ ਇੱਥੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਨੇ ਕੀਤਾ। ਲਾਂਬਾ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਨੰਦਿਤਾ ਹੁੱਡਾ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਇੱਥੇ ਪੁੱਜੇ ਸਨ।
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਦੇਸ਼ ਦੇ ਹਰ ਵਰਗ ਦੇ ਲੋਕਾਂ ਨੂੰ ਥਾਂ ਦਿੱਤੀ ਗਈ ਹੈ। ਖਾਸ ਕਰਕੇ ਇਸ ਵਿੱਚ ‘ਨਾਰੀ ਨਿਆਂ’ ਤਹਿਤ ਔਰਤਾਂ ਲਈ ਵਿਸ਼ੇਸ਼ ਵਿਵਸਥਾਵਾਂ ਹਨ।
ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰੀ ਨੌਕਰੀਆਂ ਵਿੱਚ 50 ਫੀਸਦੀ ਰਾਖਵਾਂਕਰਨ ਦੇਣ ਤੋਂ ਇਲਾਵਾ, ਦੇਸ਼ ਭਰ ਦੇ ਹਰ ਗਰੀਬ ਪਰਿਵਾਰ ਦੀ ਇੱਕ ਔਰਤ ਨੂੰ ਹਰ ਸਾਲ ਉਸ ਦੇ ਬੈਂਕ ਖਾਤੇ ਵਿੱਚ 1 ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਪੂਰੇ ਪਰਿਵਾਰ ਦੀਆਂ ਆਰਥਿਕ ਲੋੜਾਂ ਪੂਰੀਆਂ ਹੋ ਸਕਣਗੀਆਂ।
ਇਸ ਦੌਰਾਨ ਮਹਿਲਾ ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਮੋਦੀ ਸ਼ਾਸਨ ਦੇ ਪਿਛਲੇ 10 ਸਾਲ ਦੇਸ਼ ਲਈ ਮਾੜੇ ਰਹੇ ਹਨ, ਜਿਸ ਵਿੱਚ ਖਾਸ ਕਰਕੇ ਔਰਤਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ।
ਉਨ੍ਹਾਂ ਨੇ ਖੁਲਾਸਾ ਕੀਤਾ ਕਿ ਕਿਵੇਂ ਭਾਜਪਾ ਦੇ ਸ਼ਾਸਨਕਾਲ ਦੌਰਾਨ ਬਲਾਤਕਾਰ ਦੇ ਦੋਸ਼ੀਆਂ ਨੂੰ ਸੁਰੱਖਿਆ ਦਿੱਤੀ ਗਈ ਸੀ। ਉਨ੍ਹਾਂ ਨੇ ਮਹਿਲਾ ਓਲੰਪੀਅਨਾਂ ਦੇ ਵਿਰੋਧ ਦਾ ਜ਼ਿਕਰ ਕੀਤਾ ਅਤੇ ਜ਼ਿਕਰ ਕੀਤਾ ਕਿ ਕਿਵੇਂ ਮੋਦੀ ਸਰਕਾਰ ਨੇ ਉਨ੍ਹਾਂ ਨਾਲ ਬੇਰਹਿਮੀ ਵਾਲਾ ਸਲੂਕ ਕੀਤਾ ਤੇ ਦੋਸ਼ੀਆਂ ਨੂੰ ਬਚਾਇਆ।
ਇਸ ਮੌਕੇ 'ਤੇ ਬੋਲਦਿਆਂ, ਸਾਬਕਾ ਕੇਂਦਰੀ ਮੰਤਰੀ ਅਤੇ ਚੰਡੀਗੜ੍ਹ ਸੰਸਦੀ ਸੀਟ ਤੋਂ ਇੰਡੀਆ ਗਠਜੋੜ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਨੇ ਮਹਿਲਾ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਸਰਗਰਮ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਕਾਂਗਰਸ ਦੀ ਔਰਤਾਂ ਦੀ ਭਲਾਈ ਅਤੇ ਉੱਨਤੀ ਲਈ ਕੰਮ ਕਰਨ ਦੀ ਪਰੰਪਰਾ ਅਤੇ ਇਤਿਹਾਸ ਹੈ। ਉਨ੍ਹਾਂ ਖੁਲਾਸਾ ਕਿ ਇਹ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੀ ਸਨ, ਜਿਨ੍ਹਾਂ ਨੇ ਸਥਾਨਕ ਸੰਸਥਾਵਾਂ ਵਿੱਚ ਔਰਤਾਂ ਲਈ ਰਾਖਵੇਂਕਰਨ ਦੀ ਸ਼ੁਰੂਆਤ ਕੀਤੀ ਸੀ ਤੇ ਇਹ ਪਰੰਪਰਾ ਆਖਰਕਾਰ ਪਾਰਲੀਮੈਂਟ ਅਤੇ ਸੂਬਾ ਵਿਧਾਨ ਸਭਾਵਾਂ ਵਰਗੀਆਂ ਵਿਧਾਨਕ ਸੰਸਥਾਵਾਂ ਵਿੱਚ ਔਰਤਾਂ ਲਈ ਰਾਖਵੇਂਕਰਨ ਵੱਲ ਵੱਧ ਰਹੀ ਹੈ।
ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ ਲੱਕੀ, ਪੰਜਾਬ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਗੁਰਦਰਸ਼ਨ ਕੌਰ, ਹਰਿਆਣਾ ਦੀ ਪ੍ਰਧਾਨ ਸੁਧਾ ਭਾਰਦਵਾਜ, ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਚੰਡੀਗੜ੍ਹ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਬਲਵਿੰਦਰ ਕੌਰ, ਚੰਡੀਗੜ੍ਹ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਮੀਨਾਕਸ਼ੀ ਚੌਧਰੀ, ਸੁਮਨ ਲਤਾ, ਮਮਤਾ ਰਾਣਾ, ਸੋਨੀਆ ਜੈਸਵਾਲ, ਬਬੀਤਾ, ਲਲਿਤਾ ਰਾਣੀ, ਪਰਵਿੰਦਰ ਚੀਨਾ ਆਦਿ ਹਾਜ਼ਰ ਸਨ|