ਨਾਮਜ਼ਦਗੀਆਂ ਦੇ ਚੌਥੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਪੰਜ ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ
ਪਟਿਆਲਾ, 10 ਮਈ 2024 - ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਹੈ ਕਿ ਆਗਾਮੀ 1 ਜੂਨ 2024 ਨੂੰ ਲੋਕ ਸਭਾ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਅੱਜ ਨਾਮਜ਼ਦਗੀ ਦਾਖਲ ਕਰਨ ਦੇ ਚੌਥੇ ਦਿਨ ਲੋਕ ਸਭਾ ਹਲਕਾ ਪਟਿਆਲਾ-13 ਤੋਂ ਚੋਣ ਲੜਨ ਲਈ ਪੰਜ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸੇ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਲਾਗੂ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣ।
ਰਿਟਰਨਿੰਗ ਅਫ਼ਸਰ ਨੇ ਅੱਗੇ ਦੱਸਿਆ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਿੰਦਰ ਕੁਮਾਰ ਸ਼ਰਮਾ ਪੁੱਤਰ ਵਿਸ਼ਵਾ ਨਾਥ ਸ਼ਰਮਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਉਨ੍ਹਾਂ ਦੇ ਨਾਲ ਬਬੀਤਾ ਸ਼ਰਮਾ ਪਤਨੀ ਨਰਿੰਦਰ ਕੁਮਾਰ ਸ਼ਰਮਾ ਨੇ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ।
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਆਜ਼ਾਦ ਉਮੀਦਵਾਰ ਵਿਸ਼ਾਲ ਸ਼ਰਮਾ ਪੁੱਤਰ ਵਿਸ਼ਵਜੀਤ ਸ਼ਰਮਾ ਵੱਲੋਂ ਨਾਮਜ਼ਦਗੀ ਦਾਖਲ ਕਰਨ ਸਮੇਤ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਜਗਜੀਤ ਸਿੰਘ ਪੁੱਤਰ ਸ਼ੀਤਲ ਸਿੰਘ ਅਤੇ ਇਨ੍ਹਾਂ ਦੇ ਨਾਲ ਸੁਖਜੀਤ ਸਿੰਘ ਪੁੱਤਰ ਸ਼ੀਤਲ ਸਿੰਘ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਜਮ੍ਹਾਂ ਕਰਵਾਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 11 ਮਈ ਨੂੰ ਦੂਜੇ ਸ਼ਨੀਵਾਰ ਦੀ ਛੁੱਟੀ ਅਤੇ 12 ਮਈ ਨੂੰ ਐਤਵਾਰ ਹੋਣ ਕਰਕੇ ਛੁੱਟੀ ਹੋਵੇਗੀ ਅਤੇ ਇਨ੍ਹਾਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਜਮ੍ਹਾਂ ਨਹੀਂ ਹੋ ਸਕਣਗੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ 14 ਮਈ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾਖਲ ਕਰਵਾਈਆਂ ਜਾ ਸਕਣਗੀਆਂ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ। ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਵਾਪਸ ਲੈ ਸਕਣਗੇ, ਇਸੇ ਦਿਨ ਸਾਰੇ ਉਮੀਦਵਾਰਾਂ ਦੀ ਸੂਚੀ ਫਾਈਨਲ ਹੋ ਜਾਵੇਗੀ ਅਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।