ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਆਪ ਉਮੀਦਵਾਰ ਮਾਲਵਿੰਦਰ ਕੰਗ, ਅਕਾਲੀ ਦਲ ਦੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਜੇਪੀ ਦੇ ਸੁਭਾਸ਼ ਸ਼ਰਮਾ ਨੇ ਭਰੀ ਨਾਮਜ਼ਦਗੀ
- ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ
ਰੂਪਨਗਰ, 10 ਮਈ: ਲੋਕ ਸਭਾ ਚੋਣ ਹਲਕਾ (06) ਸ੍ਰੀ ਅਨੰਦਪੁਰ ਸਾਹਿਬ ਲਈ ਲੋਕ ਸਭਾ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਭਾਰਤੀਆ ਰਾਸ਼ਟਰੀ ਦਲ ਤੋਂ ਸੁਨੈਨਾ ਆਜ਼ਾਦ ਉਮੀਦਵਾਰ ਕੁਲਵਿੰਦਰ ਸਿੰਘ ਅਤੇ ਆਜ਼ਾਦ ਉਮੀਦਵਾਰ ਪਰਮਿੰਦਰ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕਵਰਿੰਗ ਉਮੀਦਵਾਰ ਬਲਜਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਵਰਿੰਗ ਉਮੀਦਵਾਰ ਬਲਵਿੰਦਰ ਕੌਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਉਮੀਦਵਾਰਾਂ ਵਲੋਂ ਦਾਇਰ ਹਲਫਨਾਮਿਆਂ ਦੀ ਜਾਣਕਾਰੀ ਮੁੱਖ ਚੋਣ ਦਫਤਰ ਦੀ ਵੈੱਬਸਾਈਟ www.ceopunjab.gov.in ਉਤੇ ਅਪਲੋਡ ਕੀਤੇ ਜਾਣਗੇ ਜਿਥੋਂ ਕੋਈ ਵੀ ਨਾਗਰਿਕ ਉਮੀਦਵਾਰਾਂ ਦੀ ਜਾਣਕਾਰੀ ਲੈ ਸਕਦਾ ਹੈ।
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਮਈ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ ਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ। ਉਨ੍ਹਾਂ ਕਿਹਾ ਕਿ 11 ਤੇ 12 ਮਈ ਦਿਨ ਸ਼ਨਿੱਚਰਵਾਰ ਤੇ ਐਤਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਣਗੇ।