ਪ੍ਰੋ. ਚੰਦੂਮਾਜਰਾ ਵੱਲੋਂ ਪੰਜਾਬ-ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਨਾਲ ਮੁਲਾਕਾਤ
ਸੂਬਾ ਸਰਕਾਰ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਵਿਵਸਥਾ ‘ਤੇ ਖ਼ਾਮੋਸ
ਚੰਡੀਗੜ੍ਹ 13 ਮਈ 2024- ਅੱਜ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ-ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ, ਚੰਡੀਗੜ੍ਹ ਦੇ ਆਹੁਦੇਦਾਰਾਂ ਅਤੇ ਮੈਂਬਰਾਂ ਨਾਮ ਮੀਟਿੰਗ ਕੀਤੀ । ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਵਕੀਲ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਸਮਾਜ ਨੂੰ ਸਹੀ ਦਿਸ਼ਾ ਵਿੱਚ ਚਲਾਉਣ ਲਈ ਉਨ੍ਹਾਂ ਦੀ ਵੱਡੀ ਭੂਮਿਕਾ ਹੁੰਦੀ ਹੈ। ਪ੍ਰੋ. ਚੰਦੂਮਾਜਰਾ ਨੇ ਵਕੀਲਾਂ ਦੀਆਂ ਸੁਸਾਇਟੀਆਂ ਨੂੰ ਲੋੜੀਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਵਿਕਸਤ ਕਰਨ ਦਾ ਐਲਾਨ ਕਰਦਿਆਂ ਆਖਿਆ ਕਿ ਵਕੀਲ ਭਾਈਚਾਰੇ ਦੇ ਰਿਹਾਇਸ਼ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਵਕੀਲਾਂ ਲਈ ਟ੍ਰਾਂਸਪੋਰਟ ਸਹੂਲਤ ਦਾ ਪ੍ਰਬੰਧ ਕਰਨ ਦੀ ਵੀ ਗੱਲ ਆਖੀ। ਇਸ ਸਮੇਂ ਪ੍ਰੋ. ਚੰਦੂਮਾਜਰਾ ਨੇ ‘ਐਡਵੋਕੇਟ ਪ੍ਰੋਟੈਕਸ਼ਨ ਐਕਟ’ ਨੂੰ ਪਾਰਲੀਮੈਂਟ ਵਿੱਚ ਉਠਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਆਖਿਆ ਕਿ ਉਹ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਜਿੱਤ ਕਿ ਵਕੀਲਾਂ ਦੀਆਂ ਸਮੱਸਿਆਂ ਅਤੇ ਮੰਗਾਂ ਨੂੰ ਪਹਿਲਾ ਦੇ ਆਧਾਰ ‘ਤੇ ਸੰਸਦ ਵਿੱਚ ਉਠਾਉਣਗੇ ।
ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਪੰਜਾਬ ਵਿੱਚ ਦਿਨੋਂ ਦਿਨ ਵਿਗੜ ਰਹੀ ਅਮਨ ਕਾਨੂੰਨ ਦੀ ਵਿਵਸਥਾ ‘ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਆਖਿਆ ਕਿ ਸੂਬੇ ਵਿੱਚ ਵਧ ਰਹੇ ਕ੍ਰਾਈਮ ਨੇ ਆਮ ਨਾਗਰਿਕਾਂ ਦਾ ਬਾਹਰ ਨਿਕਲਣਾ ਮੁਸ਼ਕਿਲ ਕੀਤਾ ਹੋਇਆ ਹੈ, ਪਰ ਆਪ ਸਰਕਾਰ ਦੀ ਖ਼ਾਮੋਸੀ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਆਖਿਆ ਕਿ ਹਰ ਨਾਗਰਿਕ ਨੂੰ ਸੁਰੱਖਿਆ ਪ੍ਰਦਾਨ ਕਰਵਾਉਣਾ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ।
ਇਸ ਮੌਕੇ ਬਾਰ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਜਸਦੇਵ ਸਿੰਘ ਬਰਾੜ, ਸੈਕਟਰੀ ਸਵਰਨ ਸਿੰਘ ਟਿਵਾਣਾ, ਜੁਇੰਟ ਸੈਕਟਰੀ ਪਰਵੀਨ ਦਹੀਆ, ਸੀਨੀਅਰ ਐਡਵੋਕੇਟ ਬਲਤੇਜ ਸਿੱਧੂ, ਸੀਨੀਅਰ ਐਡਵੋਕੇਟ ਐੱਸਐੱਸ ਗਰੇਵਾਲ, ਰਿਟਾ. ਜੱਜ ਲਛਮਣ ਸਿੰਘ, ਸੀਨੀਅਰ ਐਡੋਵਕੇਟ ਜਸਮੀਤ ਭਾਟੀਆ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਵਿਕਰਮ ਬਾਜਵਾ, ਸਤਵੰਤ ਸਿੰਘ ਰੰਗੀ, ਰਾਜਪ੍ਰੀਤ ਸਿੰਘ ਸਿੱਧੂ, ਰਣਬੀਰ ਸਿੰਘ ਸੇਖੋਂ ਤੋਂ ਇਲਾਵਾ ਸੀਨੀਅਰ ਐਡਵੋਕੇਟ ਅਤੇ ਬਾਰ ਕੌਂਸਲ ਦੇ ਆਹੁਦੇਦਾਰ ਹਾਜ਼ਰ ਸਨ।