ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਗਾਰੰਟੀਆਂ ਤੋਂ ਵੱਧ ਕੰਮ ਕੀਤੇ: ਮੀਤ ਹੇਅਰ
- ਮੀਤ ਹੇਅਰ ਵੱਲੋਂ ਲਹਿਰਾਗਾਗਾ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ
- ਪਿੰਡ ਵਾਸੀਆਂ ਦੇ ਵੱਡੇ ਇਕੱਠਾਂ ਨੇ ਮੀਤ ਹੇਅਰ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
ਦਲਜੀਤ ਕੌਰ
ਲਹਿਰਾਗਾਗਾ/ਮੂਣਕ, 15 ਮਈ, 2024: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਲਹਿਰਾਗਾਗਾ ਹਲਕੇ ਦੇ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ ਗਿਅ। ਪਿੰਡਾਂ ਵਿੱਚ ਜੁੜੇ ਵੱਡੇ ਇਕੱਠਾਂ ਵਿੱਚ ਚੋਣ ਮੀਟਿੰਗਾਂ ਵੱਡੀਆਂ ਰੈਲੀਆਂ ਬਣ ਗਈਆਂ ਜਿਸ ਕਾਰਨ ਦੌਰੇ ਦੀ ਸਮਾਪਤੀ ਬੀਤੀ ਦੇਰ ਸ਼ਾਮ ਮੂਣਕ ਵਿਖੇ ਵੱਡੇ ਜਲਸੇ ਵਿੱਚ ਹੋਈ।
ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਸਮੁੱਚੇ ਹਲਕੇ ਦੇ ਵਿਧਾਇਕਾਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਦੋ ਸਾਲਾਂ ਵਿੱਚ ਮੁਫਤ ਬਿਜਲੀ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਜਿਹੀਆਂ ਗਾਰੰਟੀਆਂ ਪੂਰੀਆਂ ਕੀਤੀਆਂ। ਇਸ ਤੋਂ ਇਲਾਵਾ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਾਉਣ ਲਈ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਕੀਤੀ। ਟੋਲ ਪਲਾਜ਼ੇ ਬੰਦ ਕਰਵਾ ਕੇ ਲੋਕਾਂ ਦੇ ਪੈਸੇ ਦੀ ਬੱਚਤ ਵੀ ਕੀਤੀ ਹੈ। ਉਨ੍ਹਾਂ ਦੀ ਪਾਰਟੀ ਆਪਣੇ ਕੰਮਾਂ ਦੇ ਸਿਰ ਉਤੇ ਵੋਟਾਂ ਮੰਗ ਰਹੀ ਹੈ।
ਹਲਕਾ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਮੀਤ ਹੇਅਰ ਨੂੰ ਵਿਸ਼ਵਾਸ ਦਿਵਾਇਆ ਕਿ ਲਹਿਰਾਗਾਗਾ ਹਲਕੇ ਵਿੱਚੋਂ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਮਿਲੇਗੀ। ਉਨ੍ਹਾਂ ਕਿਹਾ ਕਿ ਅੱਜ ਦੇ ਇਕੱਠਾਂ ਨੇ ਇਹ ਗੱਲ ਸਾਬਤ ਵੀ ਕਰ ਦਿੱਤੀ ਹੈ ਅਤੇ ਪਿੰਡ ਵਾਸੀਆਂ ਨੇ ਵੱਡੇ ਇਕੱਠ ਕਰਕੇ ਮੀਤ ਹੇਅਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।