ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ
- ਖੇਤਾਂ ਨੂੰ ਦਿਨ ਵੇਲੇ ਲੋੜੀਂਦਾ ਪਾਣੀ ਅਤੇ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਆਪ ਸਰਕਾਰ ਦੀ ਪ੍ਰਮੁੱਖ ਤਰਜੀਹ
- ਅਮਨ ਅਰੋੜਾ ਦੀ ਅਗਵਾਈ ਵਿੱਚ ਸੁਨਾਮ ਹਲਕੇ ਦੇ ਪਿੰਡਾਂ ਵਿੱਚ ਚੋਣ ਰੈਲੀਆਂ
ਦਲਜੀਤ ਕੌਰ
ਸੁਨਾਮ, 21 ਮਈ, 2024: ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਿਸਾਨੀ ਪ੍ਰਮੁੱਖ ਤਰਜੀਹ ਹੈ। ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜਲ ਨਹੀਂ ਫੂਕਣਾ ਪਵੇਗਾ। ਉਨ੍ਹਾਂ ਕਿਹਾ ਕਿ ਖੇਤਾਂ ਨੂੰ ਦਿਨ ਵੇਲੇ ਲੋੜੀਂਦਾ ਪਾਣੀ ਅਤੇ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਸਾਡੀ ਤਰਜੀਹ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਟੇਲਾਂ ਤੱਕ ਪਾਣੀ ਭੇਜਦਿਆਂ 59 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਗਈ। ਮੀਤ ਹੇਅਰ ਅੱਜ ਸੁਨਾਮ ਹਲਕੇ ਦੇ ਪਿੰਡਾਂ ਵਿੱਚ ਵੱਡੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰ ਰਹੇ ਸਨ।
ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹਨ। ਜੋ ਕੰਮ 75 ਸਾਲਾਂ ਵਿੱਚ ਨਹੀਂ ਹੋਏ, ਉਹ ਕੰਮ ਸਾਡੀ ਸਰਕਾਰ ਨੇ ਸਿਰਫ਼ ਦੋ ਸਾਲਾਂ ਵਿੱਚ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਐਨਾ ਕੰਮ ਸਿਰਫ਼ ਦੋ ਸਾਲਾਂ ਵਿੱਚ ਇਸ ਲਈ ਸੰਭਵ ਹੋ ਸਕਿਆ ਹੈ ਕਿਉਂਕਿ ਸਾਡੀ ਸਰਕਾਰ ਦੇ ਇਰਾਦੇ ਨੇਕ ਅਤੇ ਸਾਫ਼ ਸਨ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਾਡੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। 830 ਮੁਹੱਲਾ ਕਲੀਨਿਕ ਖੋਲ੍ਹੇ ਅਤੇ ਸਕੂਲ ਆਫ਼ ਐਮਿਨੈਂਸ ਬਣਾਏ।