ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਉੱਪਰ ਸੂਬੇ ਦੇ ਮੁਲਾਜ਼ਮਾਂ ਦਾ ਗੁੱਸਾ ਜਵਾਲਾਮੁਖੀ ਬਣਕੇ ਫੁੱਟੇਗਾ: ਪ੍ਰੋ. ਚੰਦੂਮਾਜਰਾ
- ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਭੱਜੀ
ਖਰੜ 25 ਮਈ, 2024 - ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਕੁੱਬਾਹੇੜੀ ਵਿਖੇ ਹਲਕਾ ਇੰਚਾਰਜ਼ ਰਣਜੀਤ ਸਿੰਘ ਦੀ ਅਗਵਾਈ ਵਿੱਚ ਰੱਖੀ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਉੱਪਰ ਸੂਬੇ ਦੇ ਮੁਲਾਜ਼ਮਾਂ ਦਾ ਗੁੱਸਾ ਜਵਾਲਾਮੁਖੀ ਬਣਕੇ ਫੁੱਟੇਗਾ। ਉਨ੍ਹਾਂ ਸੂਬਾ ਸਰਕਾਰ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੰਦਾ ਆਖਿਆ ਕਿ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ, ਸੂਬੇ ਦੇ ਮੁਲਾਜ਼ਮਾਂ ਦੀਆ ਆਰਥਿਕ ਮੰਗਾਂ ਪੂਰੀਆਂ ਕਰਨ ਵਿੱਚ ਪੂਰੀ ਤਰ੍ਹਾਂ ਅਸਮਰੱਥ ਹੈ।
ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਸੋਸਲ ਮੀਡੀਆ ‘ਤੇ ਸੈਂਕੜੇ ਕਰੋੜਾਂ ਰੁਪਏ ਖਰਚ ਕਰਕੇ ਪੰਜਾਬ ਦੇ ਖ਼ਜਾਨੇ ਨੂੰ ਚੂਨਾ ਲਗਾਇਆ ਜਾ ਰਿਹਾ ਹੈ, ਪ੍ਰੰਤੂ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਅਤੇ ਪੈਂਨਸਨਾਂ ਦਾ ਭੁਗਤਾਨ ਕਰਨ ਤੋਂ ਹੱਥ ਪਿਛਾਂਹ ਖਿੱਚੇ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਨੌਕਰੀਆਂ ਵੰਡਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਤੋਂ ਵੀ ਭੱਜੀ। ਪ੍ਰੋ. ਚੰਦੂਮਾਜਰਾ ਨੇ ਆਖਿਆ ਸੂਬਾ ਸਰਕਾਰ ਆਪਣੇ ਦੋ ਸਾਲ ਵਿੱਚ ਸਰਕਾਰੀ ਨੌਕਰੀਆਂ ਕੱਢਣ ਦੇ ਆਂਕੜੇ ਜਨਤਕ ਕਰਨ ਤੋਂ ਟਾਲਾ ਵੱਟ ਰਹੀ ਹੈ । ਉਨ੍ਹਾਂ ਆਖਿਆ ਕਿ ਸ਼ਰੋਮਣੀ ਅਕਾਲੀ ਦਲ ਵੱਲੋਂ ਸੂਬੇ ਵਿੱਚ ਲਗਭਗ ਪੌਣੇ ਤਿੰਨ ਲੱਖ ਦੇ ਕਰੀਬ ਨੌਕਰੀਆਂ ਦਿੱਤੀਆਂ ਗਈਆਂ।
ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪ ਪਾਰਟੀ ਵੱਲੋਂ ਪੁਰਾਣੀ ਪੈਂਨਸਨ ਸਕੀਮ ਅਤੇ ਮਹਿੰਗਾਈ ਭੱਤੇ ਦੀਆਂ ਕਿਸਤਾਂ ਦੇਣ ਦੀਆਂ ਗਾਰੰਟੀਆਂ ਦਿੱਤੀਆਂ ਜਾ ਰਹੀਆ ਸਨ, ਪ੍ਰੰਤੂ ਹੁਣ ਮੁੱਖ ਮੰਤਰੀ ਮਾਨ ਮੁਲਜ਼ਾਮਾਂ ਨੂੰ ਦਿੱਤੀਆਂ ਗਾਰੰਟੀਆਂ ਸੱਤਾ ਦੇ ਨਸ਼ੇ ਵਿੱਚ ਆ ਕੇ ਭੁੱਲ ਚੁੱਕੇ ਹਨ। ਉਨ੍ਹਾਂ ਆਖਿਆ ਕਿ ਝੂਠ ਦੇ ਸਹਾਰੇ ਹਥਿਆਈ ਸੱਤਾ ‘ਤੇ ਆਪ ਦਾ ਜੱਕਾ ਜਿਆਦਾ ਦੇਰ ਤੱਕ ਨਹੀਂ ਚੱਲੇਗਾ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਫਾਇਆ ਹੋ ਜਾਵੇਗਾ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਆਖਿਆ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਚੋਣ ਮੀਟਿੰਗਾਂ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਨੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾਈ ਹੋਈ ਹੈ । ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਾਰੀ ਬਹੁਮਤ ਨਾਲ ਜਿੱਤਾ ਦੇਸ਼ ਦੀ ਪਾਰਲੀਮੈਂਟ ਵਿੱਚ ਭੇਜ ਹਲਕੇ ਦੀ ਆਵਾਜ਼ ਬੁਲੰਦ ਕਰਨ ਵਿਚ ਮੱਦਦ ਕਰਨ।
ਇਸ ਮੌਕੇ ਹਲਕਾ ਇੰਚਾਰਜ਼ ਰਣਜੀਤ ਸਿੰਘ ਗਿੱਲ, ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਐਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ, ਸਾਹਿਬ ਸਿੰਘ ਬਡਾਲੀ, ਸਰਪੰਚ ਗੁਰਦੇਵ ਸਿੰਘ, ਪੰਚ ਲਾਭ ਸਿੰਘ, ਪੰਚ ਚਮਨਪ੍ਰੀਤ ਸਿੰਘ, ਪੰਚ ਸਰਬਜੀਤ ਸਿੰਘ, ਗੁਰਜਿੰਦਰ ਸਿੰਘ ਤਾਜਲਪੁਰ, ਬਲਵਿੰਦਰ ਸਿੰਘ ਭੂਰਾ, ਲਾਭ ਸਿੰਘ ਚਕਲ, ਸੰਤ ਸਰੂਪ, ਜਗਜੀਤ ਸਿੰਘ, ਦਿਲਬਾਗ ਸਿੰਘ, ਗੁਰਤੇਜ ਸਿੰਘ, ਸੰਤ ਸਿੰਘ, ਬਲਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।