ਸਿੱਖ ਧਾਰਮਿਕ ਸੰਸਥਾਵਾਂ ਨੂੰ RSS ਦੇ ਕੰਟਰੋਲ ਤੋਂ ਮੁਕਤ ਕਰੋ: ਸੁਖਬੀਰ ਸਿੰਘ ਬਾਦਲ ਨੇ PM Modi ਨੂੰ ਕੀਤੀ ਅਪੀਲ
ਕਿਹਾ ਕਿ ਅੰਗਰੇਜ਼ਾਂ ਦੀ ਵੀ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਹਿੰਮਤ ਨਹੀਂ ਪਈ ਜੋ ਭਾਜਪਾ ਸਰਕਾਰ ਨੇ ਕੀਤੀ
ਤਪਤੀ ਦੁਪਹਿਰ ਵਿਚ 48 ਡਿਗਰੀ ਤਾਪਮਾਨ ਦੇ ਬਾਵਜੂਦ ਐਨ ਕੇ ਸ਼ਰਮਾ ਦਾ ਵਿਸ਼ਾਲ ਸ਼ਕਤੀ ਪ੍ਰਦਰਸ਼ਨ
ਜਗਤਾਰ ਸਿੰਘ
ਪਟਿਆਲਾ, 26 ਮਈ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸਿੱਖ ਧਾਰਮਿਕ ਸੰਸਥਾਵਾਂ ਨੂੰ ਰਾਸ਼ਟਰੀ ਸਵੈਮਸੇਵਕ ਸੰਘ (ਆਰ ਐਸ ਐਸ) ਤੋਂ ਮੁਕਤੀ ਦੁਆਈ ਜਾਵੇ ਤੇ ਕਿਹਾ ਕਿ ਅੰਗਰੇਜ਼ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਹੀਂ ਤੋੜ ਸਕੇ ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅਜਿਹਾ ਕਰ ਦਿੱਤਾ ਹੈ।
ਅਕਾਲੀ ਦਲ ਦੇ ਪ੍ਰਧਾਨ ਜੋ ਤਪਤੀ ਦੁਪਹਿਰ ਵਿਚ 48 ਡਿਗਰੀ ਤਾਪਮਾਨ ਦੇ ਬਾਵਜੂਦ ਐਨ ਕੇ ਸ਼ਰਮਾ ਦੇ ਵਿਸ਼ਾਲ ਸ਼ਕਤੀ ਪ੍ਰਦਰਸ਼ਨ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਾਲ ਵਿਚ ਕੀਤੇ ਪੰਜਾਬ ਦੌਰੇ ਦੌਰਾਨ ਗੱਲ ਕੀਤੀ ਸੀ ਕਿ ਕਿਵੇਂ ਉਹਨਾਂ ਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਦੀ ਸਥਾਪਨਾ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਸੀ ਕਿ ਜੇਕਰ ਆਜ਼ਾਦੀ ਤੋਂ ਬਾਅਦ ਭਾਜਪਾ ਸੱਤਾ ਵਿਚ ਹੁੰਦੀ ਤਾਂ ਉਹ ਕਰਤਾਰਪੁਰ ਸਾਹਿਬ ਨੂੰ ਪਾਕਿਸਤਾਨ ਵਿਚ ਨਾ ਜਾਣ ਦਿੰਦੇ। ਉਹਨਾਂ ਕਿਹਾ ਕਿ ਹੋ ਸਕਦਾ ਹੈ ਕਿ ਇਹ ਸੱਚਾਈ ਹੋਵੇ ਪਰ ਇਹ ਵੀ ਇਕ ਅਸਲੀਅਤ ਹੈ ਕਿ ਕੇਂਦਰ ਸਰਕਾਰ ਨੇ ਸਿੱਖਾਂ ਦੇ ਗੁਰਧਾਮਾਂ ਖਾਸ ਤੌਰ ’ਤੇ ਤਖਤ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਆਰ ਐਸ ਐਸ ਹਵਾਲੇ ਕੀਤੇ ਹੋਏ ਹਨ। ਇਹ ਵੀ ਸੱਚਾਈ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵੀ ਆਰ ਐਸ ਐਸ ਦਾ ਕਬਜ਼ਾ ਹੋ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਲਈ ਵੱਖਰੀ ਕਮੇਟੀ ਬਣਾ ਦਿੱਤੀ ਗਈ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਗਰੇਜ਼ ਵੀ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਜੁਰੱਅਤ ਨਹੀਂ ਕਰ ਸਕੇ ਪਰ ਭਾਜਪਾ ਸਰਕਾਰ ਨੇ ਅਜਿਹਾ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਕਦਮ ਬਹੁਤ ਮੰਦਭਾਗੇ ਹਨ। ਉਹਨਾਂ ਕਿਹਾ ਕਿ ਧਿਆਨ ਸਿੰਘ ਮੰਡ, ਜਸਬੀਰ ਸਿੰਘ ਰੋਡੇ ਅਤੇ ਬਲਜੀਤ ਸਿੰਘ ਦਾਦੂਵਾਲ ਵਰਗੇ ਲੋਕ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ’ਤੇ ਲੱਗੇ ਹੋਏ ਹਨ ਤੇ ਇਹ ਕੇਂਦਰ ਦੀਆਂ ਏਜੰਸੀਆਂ ਲਈ ਕੰਮ ਕਰ ਰਹੇ ਹਨ।
ਸਰਦਾਰ ਬਾਦਲ ਨੇ ਆਮ ਆਦਮੀ ਪਾਰਟੀ (ਆਪ) ਵਿਚ ਆਈ ਨੈਤਿਕ ਗਿਰਾਵਟ ਦੀ ਗੱਲ ਕਰਦਿਆਂ ਕਿਹਾ ਕਿ ਆਪ ਦੇ ਮੰਤਰੀ ਬਲਕਾਰ ਸਿੰਘ ਦੀ ਵਾਇਰਲ ਅਸ਼ਲੀਲ ਵੀਡੀਓ ਨੇ ਪੰਜਾਬ ਦੀ ਰਾਜਨੀਤੀ ਵਿਚ ਗਿਰਾਵਟ ਦਾ ਇਕ ਨਵਾਂ ਅਧਿਆਏ ਜੋੜਿਆ ਹੈ। ਉਹਨਾਂ ਕਿਹਾ ਕਿ ਭਾਵੇਂ ਪਿਛਲੇ ਕਈ ਮਹੀਨਿਆਂ ਤੋਂ ਇਹ ਮੁੱਦਾ ਜਨਤਕ ਬਣਿਆ ਹੋਇਆ ਹੈ ਪਰ ਆਪ ਸਰਕਾਰ ਨੇ ਮਾਮਲੇ ਦੀ ਜਾਂਚ ਹੀ ਨਹੀਂ ਕਰਵਾਈ। ਉਹਨਾਂ ਕਿਹਾ ਕਿ ਹੁਣ ਮੰਤਰੀ ਦੀ ਅਸ਼ਲੀਲ ਵੀਡੀਓ ਜਨਤਕ ਹੈ। ਉਹਨਾਂ ਕਿਹਾ ਕਿ ਪਹਿਲਾਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵੀਡੀਓ ਜਨਤਕ ਹੋਈ ਸੀ ਤੇ ਉਸ ਵੇਲੇ ਆਪ ਸਰਕਾਰ ਨੇ ਮਾਮਲੇ ਦੀ ਜਾਂਚ ਵਾਸਤੇ ਐਸ ਆਈ ਟੀ ਦਾ ਗਠਨ ਕੀਤਾ ਸੀ ਜਿਸ ਰਾਹੀਂ ਸ਼ਿਕਾਇਤਾਂ ਨੂੰ ਡਰਾ ਧਮਕਾ ਕੇ ਸ਼ਿਕਾਇਤ ਵਾਪਸ ਕਰਵਾਈ ਗਈ।
ਸਰਦਾ ਬਾਦਲ ਪਟਿਆਲਾ ਹਲਕੇ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ ਜਿਸਨੇ ਇਕੱਠ ਦੇ ਲਿਹਾਜ਼ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਦੀਆਂ ਰੈਲੀਆਂ ਨਾਲੋਂ ਜ਼ਿਆਦਾ ਰਿਕਾਰਡ ਤੋੜ ਇਕੱਠ ਨਾਲ ਨਵਾਂ ਰਿਕਾਰਡ ਬਣਾਇਆ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਘੱਗਰ ਦੇ ਬੰਨ ਕੇ ਹੜ੍ਹਾਂ ਤੋਂ ਹਮੇਸ਼ਾ ਲਈ ਮੁਕਤੀ ਦੁਆਉਦ ਵਾਸਤੇ ਵਚਨਬੱਧ ਹੈ। ਉਹਨਾਂ ਨੇ ਜਨਤਕ ਜੀਵਨ ਖਾਸ ਤੌਰ ’ਤੇ ਮੁਹਾਲੀ ਤੇ ਜ਼ੀਰਕਪੁਰ ਦੇ ਵਿਕਾਸ ਵਿਚ ਐਨ ਕੇ ਸ਼ਰਮਾ ਦੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਐਨ ਕੇ ਸ਼ਰਮਾ ਨੇ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਕਿਸਾਨਾਂ ਨੂੰ ਪਟਿਆਲਾ ਰਿੰਗ ਰੋਡ ਲਈ 764 ਕਰੋੜ ਰੁਪਏ ਦੀ ਲਾਗਤ ਨਾਲ ਐਕਵਾਇਰ ਹੋਈ ਜ਼ਮੀਨ ਦਾ ਢੁਕਵਾਂ ਮੁਆਵਜ਼ਾ ਨਹੀਂ ਦਿੱਤਾ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਦੋਵਾਂ ਨੇ ਰਾਜਪੁਰਾ, ਘਨੌਰ, ਸਨੌਰ, ਸ਼ੁਤਰਾਣਾ ਤੇ ਦੇਵੀਗੜ੍ਹ ਇਲਾਕਿਆਂ ਵਿਚ ਹੜ੍ਹਾਂ ਦੀ ਰੋਕਥਾਮ ਵਾਸਤੇ ਕੋਈ ਕਦਮ ਨਹੀਂ ਚੁੱਕਿਆ ਹਾਲਾਂਕਿ ਇਸਦਾ ਵਾਅਦਾ ਕੀਤਾ ਗਿਆ ਸੀ। ਉਹਨਾਂ ਨੇ ਇਹ ਵੀ ਵਾਅਦਾ ਕੀਤਾ ਕਿ ਉਹ ਪਟਿਆਲਾ ਵਿਚ ਏਮਜ਼ ਵਰਗਾ ਹਸਪਤਾਲ ਸਥਾਪਿਤ ਕਰਵਾਉਣ ਲਈ ਯਤਨ ਕਰਨਗੇ।
ਇਸ ਮੌਕੇ ਸੀਨੀਅਰ ਆਗੂ ਸਰਦਾਰ ਸੁਰਜੀਤ ਸਿੰਘ ਰੱਖੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਮੈਦਾਨ ਵਿਚ ਨਿੱਤਰੇ ਉਮੀਦਵਾਰਾਂ ਦੇ ਕਿਰਦਾਰ ਤੇ ਕਾਰਗੁਜ਼ਾਰੀ ਦੀ ਤੁਲਨਾ ਕਰਨ। ਉਹਨਾਂ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਤੇ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਆਪੋ ਆਪਣੀਆਂ ਪਾਰਟੀਆਂ ਬਦਲ ਲਈਆਂ ਤੇ ਆਪਣੀ ਮਾਂ ਪਾਰਟੀ ਨਾਲ ਧੋਖਾ ਕੀਤਾ ਹੈ ਜਿਹਨਾਂ ’ਤੇ ਹੁਣ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ ਜਦੋਂ ਕਿ ਐਨ ਕੇ ਸ਼ਰਮਾ ਲਗਾਤਾਰ 30 ਸਾਲਾਂ ਤੋਂ ਸਮਾਜ ਦੀ ਬੇਹਤਰੀ ਵਾਸਤੇ ਕੰਮ ਕਰਦੇ ਆ ਰਹੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ, ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸ਼ੁਤਰਾਣਾ ਦੇ ਇੰਚਾਰਜ ਕਬੀਰ ਦਾਸ, ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਬਜਾਜ, ਨਾਭਾ ਦੇ ਇੰਚਾਰਜ ਮੱਖਣ ਸਿੰਘ ਲਾਲਕਾ, ਰਾਜਪੁਰਾ ਦੇ ਇੰਚਾਰਜ ਚਰਨਜੀਤ ਸਿੰਘ ਬਰਾੜ, ਘਨੌਰ ਦੇ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰਾ, ਜ਼ਿਲ੍ਹਾ ਪ੍ਰਧਾਨ ਤੇ ਸ਼਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਗੜ੍ਹੀ, ਜਸਮੇਰ ਸਿੰਘ ਲਾਛੜੂ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੋਟ ਸਮੇਤ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।