ਹਰਸਿਮਰਤ ਨੇ ਭਾਜਪਾ ਕਾਂਗਰਸ ਅਤੇ ਆਪ ਤੋਂ ਮੰਗਿਆ ਪਾਣੀ ਅਤੇ ਬੰਦੀ ਸਿੰਘਾਂ ਵਰਗੇ ਮੁੱਦਿਆਂ 'ਤੇ ਸਪਸ਼ਟੀਕਰਨ
ਅਸ਼ੋਕ ਵਰਮਾ
ਬਠਿੰਡਾ, 28 ਮਈ 2024: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਆਮ ਆਦਮੀ ਪਾਰਟੀ (ਆਪ), ਕਾਂਗਰਸ ਤੇ ਭਾਜਪਾ ਨੂੰ ਆਖਿਆ ਕਿ ਉਹ ਪੰਜਾਬ ਦੇ ਦਰਿਆਈ ਪਾਣੀਆਂ, ਚੰਡੀਗੜ੍ਹ ਦੇ ਰੁਤਬ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਆਪਣੇ ਸਟੈਂਡ ਸਪਸ਼ਟ ਕਿਉਂ ਨਹੀਂ ਕਰ ਰਹੀਆਂ।
ਬਠਿੰਡਾ ਦੇ ਐਮ ਪੀ, ਜਿਹਨਾਂ ਨੇ ਬਠਿੰਡਾ ਦਿਹਾਤੀ ਹਲਕੇ ਵਿਚ ਛੇ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਆਪ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਸਰਕਾਰ ਇਕ ਜਾਅਲੀ ਸਰਵੇਖਣ ਰਹੀ ਹੈ ਜਿਸ ਲਈ ਨਹਿਰੀ ਪਟਵਾਰੀਆਂ ਨੂੰ ਮਜਬੂਰ ਕੀਤਾ ਜਾ ਰਿਹਾ ਹੈ ਕਿ ਅਜਿਹੀਆਂ ਰਿਪੋਰਟਾਂ ਲਿਖ ਕੇ ਦੇਣ ਕਿ ਸਮੁੱਚੇ ਪੰਜਾਬ ਵਿਚ ਖੇਤੀ ਜ਼ਮੀਨਾਂ ਨੂੰ ਨਹਿਰੀ ਪਾਣੀ ਨਾਲ ਸਿੰਜਿਆ ਜਾ ਰਿਹਾ ਹੈ ਜਦੋਂ ਕਿ ਸਿਰਫ 23 ਫੀਸਦੀ ਰਕਬਾ ਹੀ ਨਹਿਰੀ ਪਾਣੀ ਨਾਲ ਸਿੰਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਸਰਵੇਖਣ ਦੀ ਰਿਪੋਰਟ ਸੁਪਰੀਮ ਕੋਰਟ ਵਿਚ ਪੇਸ਼ ਕਰ ਕੇ ਕਿਹਾ ਜਾਵੇਗਾ ਕਿ ਪੰਜਾਬ ਕੋਲ ਪਾਣੀ ਸਰਪਲੱਸ ਹੈ ਤੇ ਇਸ ਤਰੀਕੇ ਐਸ ਵਾਈ ਐਲ ਦੀ ਉਸਾਰੀ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਇਸੇ ਤਰੀਕੇ ਕਾਂਗਰਸ-ਆਪ ਦੇ ਚੰਡੀਗੜ੍ਹ ਲਈ ਸਾਂਝੇ ਚੋਣ ਮਨੋਰਥ ਪੱਤਰ ਵਿਚ ਇਸਦੇ ਰਾਜਧਾਨੀ ਸ਼ਹਿਰ ’ਤੇ ਪੰਜਾਬ ਦੇ ਦਾਅਵੇ ਨੂੰ ਖਤਮ ਕੀਤਾ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਚੰਡੀਗੜ੍ਹ ਨੂੰ ਦਿੱਲੀ ਦੀ ਤਰਜ਼ ’ਤੇ ਸੂਬੇ ਦਾ ਦਰਜਾ ਦੁਆਇਆ ਜਾਵੇਗਾ। ਉਹਨਾਂ ਕਿਹਾ ਕਿ ਜਦੋਂ ਸੂਬੇ ਦਾ ਪੁਨਰਗਠਨ ਹੋਇਆ ਸੀ ਤਾਂ ਉਸ ਵੇਲੇ ਇਹ ਵਾਅਦਾ ਕੀਤਾ ਗਿਆ ਸੀ ਕਿ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕੀਤਾ ਜਾਵੇਗਾ। ਕੇਂਦਰ ਸਰਕਾਰ ਨੇ ਰਾਜੀਵ-ਲੌਂਗੋਵਾਲ ਸਮਝੌਤੇ ਵਿਚ ਵੀ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਗੱਲ ਕੀਤੀ ਸੀ।
ਬਾਦਲ ਨੇ ਭਾਜਪਾ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਆਪਣਾ ਸਟੈਂਡ ਸਪਸ਼ਟ ਕਰਨ ਲਈ ਵੀ ਆਖਿਆ ਕਿਉਂਕਿ ਕੇਂਦਰ ਸਰਕਾਰ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਵਾਅਦਾ ਕੀਤਾ ਸੀ ਕਿ ਸਾਰੇ ਬੰਦੀ ਸਿੰਘ ਰਿਹਾਅ ਕੀਤੇ ਜਾਣਗੇ। ਉਹਨਾਂ ਕਿਹਾ ਕਿ ਭਾਜਪਾ ਨੂੰ ਸਿੱਖ ਕੌਮ ਨੂੰ ਜਵਾਬ ਦੇਣਾ ਪਵੇਗਾ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦੇ ਆਪਣੇ ਵਾਅਦੇ ਤੋਂ ਕਿਉਂ ਪਲਟੀ।
ਬਾਦਲ ਨੇ ਕਾਂਗਰਸ ਤੇ ਆਪ ’ਤੇ ਵੀ ਤਿੱਖਾ ਹਮਲਾ ਕੀਤਾ ਤੇ ਦੋਵਾਂ ਪਾਰਟੀਆਂ ਨੂੰ ਘਰ ਘਰ ਬੇਰੋਜ਼ਗਾਰੀ ਤੇ ਘਰ-ਘਰ ਨਸ਼ੇ ਲਈ ਜ਼ਿੰਮੇਵਾਰ ਠਹਿਰਾਇਆ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰ ਘਰ ਨੌਕਰੀ ਦਾ ਵਾਅਦਾ ਕੀਤਾ ਸੀ ਪਰ ਕੀਤਾ ਕੱਖ ਵੀ ਨਹੀਂ। ਉਹਨਾਂ ਕਿਹਾ ਕਿ ਆਪ ਸਰਕਾਰ ਇਕ ਕਦਮ ਹੋਰ ਅੱਗੇ ਲੰਘ ਗਈ ਤੇ ਉਸਨੇ ਪੰਜਾਬ ਦੇ ਨੌਜਵਾਨਾਂ ਦੀ ਥਾਂ ਬਾਹਰਲਿਆਂ ਨੂੰ ਨੌਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਤੇ ਆਪ ਦੋਵਾਂ ਨੇ ਚਾਰ ਹਫਤਿਆਂ ਤੇ 10 ਦਿਨਾਂ ਵਿਚ ਨਸ਼ਾ ਖਤਮ ਕਰਨ ਦੇ ਵਾਅਦੇ ਕਰ ਕੇ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਉਹਨਾਂ ਕਿਹਾ ਕਿ ਹੁਣ ਹਾਲਾਤ ਅਜਿਹੇ ਹਨ ਕਿ ਨਸ਼ਾ 10 ਗੁਣਾ ਵੱਧ ਗਿਆ ਹੈ। ਉਹਨਾਂ ਕਿਹਾ ਕਿ ਇਸਦਾ ਕਾਰਣ ਇਹ ਹੈ ਕਿ ਆਪ ਦੇ ਅਹੁਦੇਦਾਰ ਤੇ ਵਿਧਾਇਕ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ ਤੇ ਉਹਨਾਂ ਤੋਂ ਮਹੀਨੇ ਲੈ ਰਹੇ ਹਨ।
ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਹਲਕੇ ਦਾ ਸਰਵ ਪੱਖੀ ਵਿਕਾਸ ਕੀਤਾ। ਉਹਨਾਂ ਕਿਹਾ ਕਿ ਭਾਵੇਂ ਏਮਜ਼ ਹੋਵੇ, ਕੇਂਦਰੀ ਯੂਨੀਵਰਸਿਟੀ, ਹਵਾਈ ਅੱਡੇ ਥਰਮਲ ਪਲਾਂਟ, ਸੜਕਾਂ, ਫਲਾਈ ਓਵਰ ਆਦਿ ਹਰ ਇਕ ਪ੍ਰਾਜੈਕਟ ਅਕਾਲੀ ਦਲ ਦੀ ਸਰਕਾਰ ਵੇਲੇ ਲੱਗਿਆ। ਉਹਨਾਂ ਕਿਹਾ ਕਿ ਪਿਛਲੇ ਸੱਤ ਸਾਲਾਂ ਵਿਚ ਕਾਂਗਰਸ ਤੇ ਆਪ ਬਠਿੰਡਾ ਲਈ ਕੁਝ ਵੀ ਕਰਨ ਵਿਚ ਨਾਕਾਮ ਰਹੇ ਹਨ।
ਇਸ ਮੌਕੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਭੱਟੀ ਅਤੇ ਮੋਹਿਤ ਗੁਪਤਾ ਵੀ ਸਰਦਾਰਨੀ ਬਾਦਲ ਦੇ ਨਾਲ ਸਨ।