ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਚ ਦੇਣਗੇ ਫਤਵਾ: ਚੰਦੂਮਾਜਰਾ
- ਇਲਾਕੇ ਦੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਹੈ ਭਰਪੂਰ ਪਿਆਰ: ਚੰਦੂਮਾਜਰਾ
ਸ੍ਰੀ ਆਨੰਦਪੁਰ ਸਾਹਿਬ, 28 ਮਈ 2024 - ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਅੱਜ ਆਪਣੇ ਸਮਰਥਕਾਂ ਦੇ ਨਾਲ ਕੀਰਤਪੁਰ ਸਾਹਿਬ ਇੱਕ ਰੋਡ ਸ਼ੋਅ ਸ਼ੁਰੂ ਕੀਤਾ ਗਿਆ ਜੋ ਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਹੁੰਦਾ ਹੋਇਆ, ਗੰਗੂਵਾਲ, ਢੇਰ ਭਾਨੁਪਲੀ ਰਾਸਤੇ ਨੰਗਲ ਪੁੱਜ ਕੇ ਸਮਾਪਤ ਹੋਇਆ। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਚੰਦੂਮਾਜਰਾ ਨੇ ਹਲਕੇ ਦੇ ਲੋਕਾਂ ਨੂੰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਰੋਡ ਸ਼ੋਅ ਵਿੱਚ ਸ਼ਾਮਿਲ ਹੋਏ ਲੋਕਾਂ ਦਾ ਜੋਸ਼ ਦੇਖ ਕੇ ਇਸ ਗੱਲ ਦਾ ਅਹਿਸਾਸ ਹੁੰਦਾ ਹੈ ਕਿ ਪੰਜਾਬ ਦੇ ਲੋਕ ਇਸ ਵਾਰ ਚੋਣਾਂ ਵਿੱਚ ਫਤਵਾ ਸ਼੍ਰੋਮਣੀ ਅਕਾਲੀ ਦਲ ਨੂੰ ਦੇਣਗੇ।
ਉਹਨਾਂ ਕਿਹਾ ਕਿ ਹਲਕੇ ਵਿੱਚ ਉਹਨਾਂ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ ਕਿਉਂਕਿ ਲੋਕਾਂ ਨੇ ਉਹਨਾਂ ਵੱਲੋਂ ਹਲਕੇ ਦੀ ਬਿਹਤਰੀ ਲਈ ਕੀਤੇ ਗਏ ਕੰਮਾਂ ਨੂੰ ਦੇਖਿਆ ਹੈ ਤੇ ਲੋਕ ਇੱਕ ਵਾਰ ਫਿਰ ਉਹਨਾਂ ਦੇ ਹੱਕ ਵਿੱਚ ਵੋਟ ਪਾ ਕੇ ਉਹਨਾਂ ਨੂੰ ਜਿਤਾਉਣਗੇ। ਉਹਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਨੂੰ ਛੱਡ ਕੇ ਸੀਨੀਅਰ ਆਗੂ ਬਿਕਰਮ ਸਿੰਘ ਸੋਢੀ ਅਤੇ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਬਾਬੂ ਕਾਂਸ਼ੀ ਰਾਮ ਦੀ ਭੈਣ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦਿੱਤਾ ਗਿਆ ਹੈ ਜੋ ਕਿ ਇਸ ਗੱਲ ਦਾ ਸੰਕੇਤ ਹੈ ਕਿ ਇੱਕ ਵੱਡਾ ਕਾਫਿਲਾ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਬਣਦਾ ਜਾ ਰਿਹਾ।
ਚੰਦੂਮਾਜਰਾ ਨੇ ਮੌਜੂਦਾ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕੇਵਲ ਝੂਠ ਦੇ ਪ੍ਰਚਾਰ ਰਾਹੀਂ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ, ਤੇ ਅਸਲ ਵਿਚ 'ਚ ਇਹਨਾਂ ਨੇ ਕੋਈ ਕੰਮ ਨਹੀਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਕੰਮਾਂ ਨੂੰ ਹੀ ਆਮ ਆਦਮੀ ਪਾਰਟੀ ਵੱਲੋਂ ਆਪਣੇ ਕੰਮ ਦੱਸਿਆ ਜਾ ਰਿਹਾ ਹੈ ਪ੍ਰੰਤੂ ਮੌਜੂਦਾ ਸੂਬਾ ਸਰਕਾਰ ਕੋਲੋਂ ਇੱਕ ਇੱਟ ਵੀ ਨਹੀਂ ਲੱਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਜਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਬੀਬੀ ਕੁਲਵਿੰਦਰ ਕੌਰ, ਠੇਕੇਦਾਰ ਮਨਜੀਤ ਸਿੰਘ ਬਾਸੋਵਾਲ, ਬਲਬੀਰ ਸਿੰਘ ਬੀਰ ਸ਼ਾਹਪੁਰ, ਐਡਵੋਕੇਟ ਹਰਦੇਵ ਸਿੰਘ, ਆਦੇਸ਼ ਰਾਣਾ ਅਗਮਪੁਰ, ਦਵਿੰਦਰ ਸਿੰਘ ਢਿੱਲੋ, ਠੇਕੇਦਾਰ ਗੁਰਨਾਮ ਸਿੰਘ, ਜੋਗਿੰਦਰ ਸਿੰਘ ਮੰਮੁ, ਬਲਜੀਤ ਸਿੰਘ ਚੰਦੂ ਮਾਜਰਾ, ਸੁਖਬੀਰ ਸਿੰਘ ਕਲਮਾ ਅਤੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਇਸ ਰੋਡ ਸ਼ੋ ਵਿੱਚ ਮੌਜੂਦ ਸਨ।