ਖਡੂਰ ਸਾਹਿਬ, 29 ਮਈ 2024 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ ਬਾਰੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਕੁਝ ਤਾਕਤਾਂ ਪੰਜਾਬ ਨੂੰ ਮੁੜ ਅੱਗ ਦੀ ਭੱਠੀ 'ਚ ਸੁੱਟਣਾ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਵੱਖਵਾਦੀ ਸੋਚ ਰੱਖਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਆਰ.ਐਸ.ਐਸ. ਵੱਲੋਂ ਚੋਣਾਂ ਲੜਨ ਲਈ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਵਿੱਚ ਅਕਾਲੀ ਦਲ ਨੂੰ ਕਮਜ਼ੋਰ ਕਰਕੇ ਸਿੱਖਾਂ ਨੂੰ ਦੋ ਵਰਗਾਂ ਵਿੱਚ ਵੰਡਿਆ ਜਾ ਸਕੇ। ਇਸ ਪਿੱਛੇ ਆਰਐਸਐਸ ਦਾ ਸਿੱਧਾ ਹੱਥ ਹੈ।
ਇਸ ਮੌਕੇ ਉਨ੍ਹਾਂ ਨੇ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਨ ਦੀ ਅਪੀਲ ਕਰਨ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਨੂੰ ਬਚਾਉਣ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਰਿਆਣਾ ਵਿੱਚ ਸ਼੍ਰੋਮਣੀ ਕਮੇਟੀ ਦੇ ਟੁਕੜੇ ਕਰ ਦਿੱਤੇ ਗਏ ਹਨ, ਉਸੇ ਤਰ੍ਹਾਂ ਭਾਜਪਾ ਪੰਜਾਬ ਵਿੱਚ ਧਾਰਮਿਕ ਸਥਾਨਾਂ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰਾਂ ਸਬੰਧੀ ਜੇਲ੍ਹ ਸੁਪਰਡੈਂਟ ਨੇ ਖਡੂਰ ਸਾਹਿਬ ਦੇ ਰਿਟਰਨਿੰਗ ਅਫ਼ਸਰ ਨੂੰ ਫ਼ੋਨ ’ਤੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਕਾਗਜ਼ ਸਹੀ ਹਨ ਅਤੇ ਉਨ੍ਹਾਂ ਨੂੰ ਰੱਦ ਨਹੀਂ ਕੀਤਾ ਜਾਣਾ ਚਾਹੀਦਾ। ਇਸ ਤੋਂ ਸਾਬਤ ਹੁੰਦਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਰਐਸਐਸ ਦੇ ਮਾਲਵਾ ਇੰਚਾਰਜ ਰਾਜਦੇਵ ਸਿੰਘ ਖ਼ਾਲਸਾ ਨੇ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਮਿਲ ਕੇ ਅੰਮ੍ਰਿਤਪਾਲ ਆਜ਼ਾਦ ਦੇ ਚੋਣ ਲੜਨ ਦਾ ਐਲਾਨ ਕੀਤਾ ਹੈ। ਅਜਿਹੇ 'ਚ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਕੇਂਦਰੀ ਏਜੰਸੀਆਂ ਪੰਜਾਬ ਨੂੰ ਫਿਰ ਤੋਂ ਬਰਬਾਦ ਕਰਨਾ ਚਾਹੁੰਦੀਆਂ ਹਨ।