ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਂਗੇ ਤੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਾਂਗੇ: ਸੁਖਬੀਰ ਬਾਦਲ
- ਕਿਹਾਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਵੇਂ ਤਨਖਾਹ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ ਤੇ ਮੁਲਾਜ਼ਮਾਂ ਦੇ ਸਾਰੇ ਬਕਾਏ ਜਾਰੀ ਕੀਤੇ ਜਾਣਗੇ
ਚੰਡੀਗੜ੍ਹ, 30 ਮਈ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ ਅਤੇ ਠੇਕੇ ’ਤੇ ਕੰਮ ਕਰਦੇ ਸਾਰੇ ਮੁਲਾਜ਼ਮ ਰੈਗੂਲਰ ਕੀਤੇ ਜਾਣਗੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ ਏ) ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ ਤੇ ਮੁਲਾਜ਼ਮਾਂ ਦੇ ਸਾਰੇ ਬਕਾਏ ਅਕਾਲੀ ਦਲ ਦੇ ਸੱਤਾ ਵਿਚ ਆਉਣ ’ਤੇ ਤੁਰੰਤ ਜਾਰੀ ਕੀਤੇ ਜਾਣਗੇ। ਉਹਨਾਂ ਕਿਹਾ ਕਿ ਅਸੀਂ ਨਵਾਂ ਤਨਖਾਹ ਕਮਿਸ਼ਨ ਬਣਾਵਾਂਗੇ ਤੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਭੱਤਿਆਂ ਵਿਚ ਵਾਧਾ ਕਰਾਂਗੇ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਸਰਕਾਰਾਂ ਨੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ 2016 ਵਿਚ ਕਾਂਗਰਸ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀ ਸਥਾਪਲਾ ਕੀਤੀ ਪਰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਗਠਿਤ ਕੀਤੇ ਪੰਜਵੇਂ ਤਨਖਾਹ ਕਮਿਸ਼ਨ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਕੀਤਾ ਵਾਧਾ ਵਾਪਸ ਲੈ ਲਿਆ। ਉਹਨਾਂ ਕਿਹਾ ਕਿ ਤਨਖਾਹਾਂ ਵੱਧਣ ਮਗਰੋਂ ਮੁਲਾਜ਼ਮਾਂ ਦੇ ਬਕਾਏ ਵੀ ਪੈਂਡਿੰਗ ਪਏ ਹਨ।
ਪੁਰਾਣੀ ਪੈਨਸ਼ਨ ਸਕੀਮ (ਓ ਪੀ ਐਸ) ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ 18 ਨਵੰਬਰ 2022 ਨੂੰ ਓ ਪੀ ਐਸ ਸਕੀਮ ਦੀ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕਰ ਕੇ ਡਰਾਮਾ ਕੀਤਾ ਤੇ ਮੁਲਾਜ਼ਮਾਂ ਨੂੰ ਧੋਖਾ ਦਿੱਤਾ।
ਉਹਨਾਂ ਕਿਹਾ ਕਿ ਇਹ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਹੋਈ। ਉਹਨਾਂ ਕਿਹਾ ਕਿ ਇਸ ਤੋਂ ਪਤਾ ਚਲਦਾ ਹੈ ਕਿ ਆਪ ਸਰਕਾਰ ’ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ ਅਤੇ ਇਹਨਾਂ ਦਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਕੋਈ ਇਰਾਦਾ ਨਹੀਂ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਸਰਕਾਰ ਬਣਨ ’ਤੇ ਤੁਰੰਤ ਓ ਪੀ ਐਸ ਸਕੀਮ ਲਾਗੂ ਕਰੇਗਾ।
ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿਅਕਾਲੀ ਦਲ ਦੀ ਸਰਕਾਰ ਬਣਨ ’ਤੇ ਠੇਕੇ ’ਤੇ ਕੰਮ ਕਰਦੇ ਸਾਰੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪਿਛਲੇ 7 ਸਾਲਾਂ ਤੋਂ 35 ਹਜ਼ਾਰ ਤੋਂ ਵੱਧ ਮੁਲਾਜ਼ਮ ਠੇਕੇ ’ਤੇ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਦੋਵਾਂ ਸਰਕਾਰਾਂ ਨੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ, ਅਸੀਂ ਸੱਤਾ ਵਿਚ ਆਉਂਦਿਆਂ ਉਹਨਾਂ ਦੀਆਂ ਸੇਵਾਵਾਂ ਰੈਗੂਲਰ ਕਰਾਂਗੇ।
ਅਕਾਲੀ ਦਲ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਜਿਹੜੀਆਂ ਮਹਿੰਗਾਈ ਭੱਤੇ (ਡੀ ਏ) ਦੀਆਂ ਤਿੰਨ ਕਿਸ਼ਤਾਂ ਪੈ਼ਡਿੰਗ ਹਨ ਤੇ ਹਰ ਮੁਲਾਜ਼ਮ ਦਾ ਇਸ ਵਾਸਤੇ ਹਰ ਮਹੀਨੇ 5 ਹਜ਼ਾਰ ਰੁਪਏ ਦਾ ਨੁਕਸਾਨ ਹੋ ਰਿਹਾ ਹੈ, ਉਹ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਦਿੱਤੀਆਂ ਜਾਣਗੀਆਂ।
ਉਹਨਾਂ ਕਿਹਾ ਕਿ ਪੇਅ ਕਮਿਸ਼ਨ ਦੇ ਹਰ ਮੁਲਾਜ਼ਮ ਦੇ ਤਿੰਨ ਲੱਖ ਰੁਪਏ ਬਕਾਇਆ ਹਨ। ਉਹਨਾਂ ਕਿਹਾ ਕਿ ਅਸੀਂ ਮੁਲਾਜ਼ਮਾਂ ਦੇ ਬਕਾਏ ਵੀ ਜਾਰੀ ਕਰਾਂਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਨੌਕਰੀ ਦੌਰਾਨ ਨਿਸ਼ਚਿਤ ਤਰੱਕੀ ਦੀ ਸਕੀਮ ਜੋ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਬਣਾਈ ਸੀ ਤੇ ਜਿਸ ਵਿਚ ਕਾਂਗਰਸ ਤੇ ਆਪ ਸਰਕਾਰਾਂ ਨੇ ਛੇੜਖਾਨੀ ਕੀਤੀ ਤੇ ਫਿਰ ਸਕੀਮ ਬੰਦ ਕਰ ਦਿੱਤੀ, ਅਸੀਂ ਇਸ ਸਕੀਮ ਨੂੰ ਮੁੜ ਸ਼ੁਰੂ ਕਰਾਂਗੇ।
ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੇ ਨਵੇਂ ਉਮੀਦਵਾਰਾਂ ਨਾਲ ਤਨਖਾਹਾਂ ਵਿਚ ਕੀਤੇ ਜਾ ਰਹੇ ਵਿਤਕਰੇ ਦੇ ਮਾਮਲੇ ਦੀ ਘੋਖ ਕਰ ਕੇ ਇਸਨੂੰ ਵੀ ਦਰੁੱਸਤ ਕੀਤਾ ਜਾਵੇਗਾ।
ਉਹਨਾਂ ਇਹ ਵੀ ਐਲਾਨ ਕੀਤਾ ਕਿ ਹਰ ਸ਼ਹਿਰ ਵਿਚ ਸਰਕਾਰੀ ਕੁਆਰਟਰ ਬਣਾ ਕੇ ਮੁਲਾਜ਼ਮਾਂ ਨੂੰ ਉਹਨਾਂ ਦੇ ਸਿਰਾਂ ’ਤੇ ਛੱਤ ਮੁਹੱਈਆ ਕਰਵਾਈ ਜਾਵੇਗੀ।