ਹੁਸ਼ਿਆਰਪੁਰ: ਐਡੀਸ਼ਨਲ ਸੀ.ਈ.ਓ. ਪੰਜਾਬ ਹਰੀਸ਼ ਨਈਅਰ ਨੇ ਡਿਪਟੀ ਕਮਿਸ਼ਨਰ ਨਾਲ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦਾ ਕੀਤਾ ਨਿਰੀਖਣ
ਹੁਸ਼ਿਆਰਪੁਰ, 30 ਮਈ 2024 - ਵਧੀਕ ਸੀ.ਈ.ਓ. ਪੰਜਾਬ ਹਰੀਸ਼ ਨਈਅਰ ਨੇ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਹੁਸ਼ਿਆਰਪੁਰ ਕੋਮਲ ਮਿੱਤਲ ਨਾਲ ਅੱਜ ਰਿਆਤ-ਬਾਹਰਾ ਗਰੁੱਪ ਆਫ ਇੰਸਟੀਚਿਊਟ ਹੁਸ਼ਿਆਰਪੁਰ ਵਿਚ ਬਣਾਏ ਗਏ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੋਟਿੰਗ ਮਸ਼ੀਨਾਂ ਦੀ ਪੂਰੀ ਸੁਰੱਖਿਆ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਲਗਾਏ ਜਾ ਰਹੇ ਕਾਊਂਟਿੰਗ ਟੇਬਲ, ਬੈਰੀਕੇਡਿੰਗ, ਸੁਰੱਖਿਆ, ਮੀਡੀਆ ਸੈਂਟਰ, ਪਾਰਕਿੰਗ, ਵਾਸ਼ਰੂਮ ਅਤੇ ਹੋਰ ਪ੍ਰਬੰਧਾਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ-2024 ਤਹਿਤ ਪੂਰੇ ਸੂਬੇ ਵਿਚ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 4 ਜੂਨ 2024 ਨੂੰ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਲਈ ਦੋ ਥਾਵਾਂ ’ਤੇ ਗਿਣਤੀ ਕੇਂਦਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ, ਮੁਕੇਰੀਆਂ, ਦਸੂਹਾ, ਉੜਮੁੜ, ਚੱਬੇਵਾਲ, ਭੁਲੱਥ ਅਤੇ ਫਗਵਾੜਾ ਦੀ ਗਿਣਤੀ ਰਿਆਤ-ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਹੋਵੇਗੀ, ਜਦਕਿ ਵਿਧਾਨ ਸਭਾ ਹਲਕੇ ਸ੍ਰੀ ਹਰਗੋਬਿੰਦਪੁਰ ਅਤੇ ਸ਼ਾਮਚੁਰਾਸੀ ਦੀ ਗਿਣਤੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਆਈ.ਟੀ.ਆਈ ਹੁਸ਼ਿਆਰਪੁਰ ਵਿਖੇ ਹੋਵੇਗੀ। ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ-ਕਮ-ਏ.ਆਰ ਓ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਨਾਇਬ ਤਹਿਸੀਲਦਾਰ ਵਿਜੇ ਕੁਮਾਰ, ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ,ਚੋਣ ਕਾਨੂੰਗੋ ਦੀਪਕ ਕੁਮਾਰ ਅਤੇ ਹਰਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।