ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਨਿਰਵਿਘਨ ਅਤੇ ਸ਼ਾਂਤੀਪੂਰਨ ਵੋਟਿੰਗ ਲਈ ਵੋਟਰਾਂ ਅਤੇ ਅਧਿਕਾਰੀਆਂ ਦਾ ਕੀਤਾ ਧੰਨਵਾਦ
ਰਵਿੰਦਰ ਸਿੰਘ ਢਿੱਲੋਂ
ਖੰਨਾ, 1 ਜੂਨ 2024 - ਜ਼ਿਲ੍ਹਾ ਚੋਣ ਅਫਸਰ ਸਾਕਸ਼ੀ ਸਾਹਨੀ ਨੇ ਸ਼ਨੀਵਾਰ ਨੂੰ ਵੋਟਰਾਂ, ਪੋਲ ਅਤੇ ਸੁਰੱਖਿਆ ਸਟਾਫ਼, ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਲੋਕ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਸਾਹਨੀ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਪੋਲਿੰਗ ਘੰਟਿਆਂ ਦੌਰਾਨ ਪੋਲਿੰਗ ਸਟੇਸ਼ਨਾਂ ਜਾਂ ਏਕੀਕ੍ਰਿਤ ਕਮਾਂਡ ਕੰਟਰੋਲ ਰੂਮ ਦਾ ਦੌਰਾ ਕਰਕੇ ਪੂਰੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ।
ਉਨ੍ਹਾਂ ਇਹ ਯਕੀਨੀ ਬਣਾਇਆ ਕਿ ਇਹ ਚੋਣਾਂ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਵੋਟਰਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇ। ਜਿਲ੍ਹਾ ਚੋਣ ਅਫਸਰ ਨੇ ਪੋਲਿੰਗ ਸਟੇਸ਼ਨਾਂ ਦੇ ਦੌਰੇ ਦੌਰਾਨ ਪੋਲਿੰਗ ਸਟਾਫ਼, ਵੋਟਰਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਵੋਟਰਾਂ ਵੱਲੋਂ ਸ਼ਾਂਤਮਈ ਢੰਗ ਨਾਲ ਵੋਟਾਂ ਪਾਉਣਾ ਪੰਜਾਬੀਆਂ ਦੇ ਦੇਸ਼ ਪ੍ਰਤੀ ਫਰਜ਼ ਅਰੇ ਪਿਆਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਪੂਰੀ ਤਰ੍ਹਾਂ ਸ਼ਾਂਤਮਈ ਰਹੀ ਅਤੇ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਵੋਟਿੰਗ ਦੌਰਾਨ ਹਿੰਸਾ ਦੀ ਕੋਈ ਘਟਨਾ ਸਾਹਮਣੇ ਨਹੀਂ ਆਈ।