ਮੁੱਖ ਮੰਤਰੀ ਮਾਨ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਮਾਲੀ ਇਮਦਾਦ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ (ਵੀਡੀਓ ਵੀ ਦੇਖੋ)
- ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਮੁੱਖ ਮੰਤਰੀ ਨੇ ਕੀਤਾ ਵਾਅਦਾ ਪੁਗਾਇਆ
ਚੰਡੀਗੜ੍ਹ, 9 ਜੁਲਾਈ 2024 - ਕਿਸਾਨ ਸ਼ੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨੂੰ ਵਿੱਤੀ ਸਹਾਇਤ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/510938074618560
ਅੱਜ ਇੱਥੇ ਪਰਿਵਾਰ ਨੂੰ ਚੈੱਕ ਅਤੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅੰਨਦਾਤਿਆਂ ਦੀ ਭਲਾਈ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੇ ਸਰਹੱਦ ਵਿਖੇ ਗੋਲੀਬਾਰੀ ਦੌਰਾਨ ਸ਼ਹਾਦਤ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿਲ ਦਹਿਲਾਉਣ ਵਾਲੀ ਇਸ ਘਟਨਾ ਨੇ ਸਮੂਹ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੀ ਸ਼ਹਾਦਤ ਪਰਿਵਾਰ ਲਈ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ ਜਿਸ ਦੀ ਕਿਸੇ ਵੀ ਕੀਮਤ ਉਤੇ ਭਰਪਾਈ ਨਹੀਂ ਕੀਤੀ ਜਾ ਸਕਦੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਜੀਅ ਨੂੰ ਸਰਕਾਰੀ ਨੌਕਰੀ ਦੇਣਾ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਦਾ ਨਿਮਾਣਾ ਜਿਹਾ ਯਤਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨ ਕਿਸਾਨ ਨੇ ਦੇਸ਼ ਦੇ ਕਿਸਾਨਾਂ ਦੀ ਖਾਤਰ ਵੱਡੀ ਕੁਰਬਾਨੀ ਦਿੱਤੀ ਹੈ ਜਿਸ ਕਰਕੇ ਪਰਿਵਾਰ ਦੀ ਮਦਦ ਕਰਨਾ ਸਰਕਾਰ ਆਪਣਾ ਫਰਜ਼ ਸਮਝਦੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਸਖ਼ਤ ਮਿਹਨਤ ਸਦਕਾ ਭਾਰਤ ਅਨਾਜ ਪੱਖੋਂ ਆਤਮ ਨਿਰਭਰ ਮੁਲਕ ਬਣਿਆ ਜਿਸ ਕਰਕੇ ਦੇਸ਼ਵਾਸੀ ਕਿਸਾਨਾਂ ਦੇ ਰਿਣੀ ਹਨ। ਉਨ੍ਹਾਂ ਨੇ ਦੁੱਖ ਜ਼ਾਹਰ ਕੀਤਾ ਕਿ ਆਪਣੇ ਸੀਮਤ ਕੁਦਰਤੀ ਵਸੀਲਿਆਂ ਦੇ ਬਾਵਜੂਦ ਸੂਬੇ ਦੇ ਕਿਸਾਨਾਂ ਨੇ ਦੇਸ਼ ਲਈ ਅਨਾਜ ਪੈਦਾ ਕਰਨ ਵਾਸਤੇ ਖੇਤਾਂ ਵਿੱਚ ਮੁੜਕਾ ਵਹਾਇਆ ਅਤੇ ਇੱਥੋਂ ਤੱਕ ਕਿ ਇਸ ਦੀ ਖਾਤਰ ਕਿਸਾਨਾਂ ਨੇ ਪਾਣੀ ਤੇ ਜਰਖੇਜ਼ ਮਿੱਟੀ ਨੂੰ ਵੀ ਦਾਅ ਉਤੇ ਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਇਸ ਔਖੀ ਘੜੀ ਵਿੱਚ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬਾਂਹ ਫੜੀ ਜਾਵੇ ਅਤੇ ਸੂਬਾ ਸਰਕਾਰ ਇਸ ਸਬੰਧ ਵਿੱਚ ਸਿਰਤੋੜ ਯਤਨ ਕਰ ਰਹੀ ਹੈ।