ਜੰਮੂ-ਕਸ਼ਮੀਰ ਚੋਣਾਂ ਤੋਂ ਪਹਿਲਾਂ ਫਾਰੂਕ ਅਬਦੁੱਲਾ ਵਿਰੁਧ ਅਦਾਲਤ ਪਹੁੰਚੀ ED
ਸ਼੍ਰੀਨਗਰ : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਕੇਂਦਰੀ ਜਾਂਚ ਏਜੰਸੀ ਈਡੀ ਨੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਖ਼ਿਲਾਫ਼ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਈਡੀ ਫਾਰੂਕ ਖ਼ਿਲਾਫ਼ ਮਨੀ ਲਾਂਡਰਿੰਗ ਸਮੇਤ ਦੋ ਨਵੇਂ ਦੋਸ਼ਾਂ ਨੂੰ ਲੈ ਕੇ ਅਦਾਲਤ ਪਹੁੰਚੀ ਹੈ। ਈਡੀ ਨੇ ਅਦਾਲਤ ਨੂੰ ਨਵੇਂ ਦੋਸ਼ਾਂ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ।
ਜੇਕਰ ਅਦਾਲਤ ਪਟੀਸ਼ਨ ਸਵੀਕਾਰ ਕਰ ਲੈਂਦੀ ਹੈ ਤਾਂ ਫਾਰੂਕ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾ ਸਕਦੀ ਹੈ। ਦੱਸ ਦੇਈਏ ਕਿ ਪਿਛਲੇ ਮਹੀਨੇ ਜੰਮੂ-ਕਸ਼ਮੀਰ ਹਾਈ ਕੋਰਟ ਨੇ ਈਡੀ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਸੀ।
ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਈਡੀ ਨੇ ਜੰਮੂ-ਕਸ਼ਮੀਰ ਕ੍ਰਿਕਟ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 411 (ਬੇਈਮਾਨੀ ਨਾਲ ਚੋਰੀ ਦੀ ਜਾਇਦਾਦ ਪ੍ਰਾਪਤ ਕਰਨਾ) ਦੇ ਤਹਿਤ ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ਼੍ਰੀਨਗਰ ਦੀ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ।