ਪੰਜਾਬ 'ਚ ਡਾਕਟਰਾਂ ਦੀ ਹੜਤਾਲ ਜਾਰੀ! ਸਿਹਤ ਮੰਤਰੀ ਵੱਲੋਂ ਜਿਣਸੀ ਸ਼ੋਸ਼ਣ ਬਾਰੇ ਅੰਦਰੂਨੀ ਕਮੇਟੀ ਗਠਿਤ ਕਰਨ ਦੇ ਹੁਕਮ
ਚੰਡੀਗੜ੍ਹ, 11 ਸਤੰਬਰ 2024- ਪੰਜਾਬ ਚ ਡਾਕਟਰਾਂ ਦੀ ਹੜਤਾਲ ਜਾਰੀ ਹੈ। ਇਸ ਦੌਰਾਨ ਜਿਥੇ ਮਰੀਜ਼ਾਂ ਨੂੰ ਭਾਰੀ ਪ੍ਰੇਸਾ਼ਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਦੂਜੇ ਪਾਸੇ, ਤਿੰਨ ਘੰਟੇ ਓਪੀਡੀ ਬੰਦ ਰਹਿਣ ਦੇ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ।
ਇਸ ਮਾਮਲੇ ਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸਿਹਤ ਸੰਭਾਲ ਪੇਸ਼ੇਵਰਾਂ ਖ਼ਿਲਾਫ਼ ਕਿਸੇ ਵੀ ਕਿਸਮ ਦੀ ਹਿੰਸਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਕੰਮ ਵਾਲੀ ਥਾਂ ‘ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਬੋਰਡਾਂ ਦੇ ਗਠਨ ਸਬੰਧੀ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਇਨ੍ਹਾਂ ਬੋਰਡਾਂ 'ਚ ਐੱਸ. ਐੱਸ. ਪੀ., ਸਿਵਲ ਸਰਜਨ, ਮੈਡੀਕਲ ਕਾਲਜ ਦੇ ਪ੍ਰਿੰਸੀਪਲ/ਮੈਡੀਕਲ ਸੁਪਰੀਡੈਂਟ, ਜ਼ਿਲ੍ਹਾ ਪੀ. ਸੀ. ਐੱਮ. ਐੱਸ. ਪ੍ਰਧਾਨ/ਜ਼ਿਲ੍ਹਾ ਆਈ. ਐੱਮ. ਏ. ਪ੍ਰਧਾਨ ਦੇ ਨੁਮਾਇੰਦੇ, ਪੈਰਾ ਮੈਡੀਕਲ ਸਟਾਫ਼/ਐੱਨ. ਜੀ. ਓ. ਦੇ ਨੁਮਾਇੰਦੇ ਅਤੇ ਕਾਨੂੰਨੀ ਮਾਹਿਰ ਮੈਂਬਰ ਵਜੋਂ ਸ਼ਾਮਲ ਹੋਣਗੇ।
ਉਨ੍ਹਾਂ ਅੱਗੇ ਕਿਹਾ ਕਿ ਇਹ ਬੋਰਡ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਮਹੀਨਾਵਾਰ ਮੀਟਿੰਗ ਕਰਨਗੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ 'ਪੰਜਾਬ ਪ੍ਰੋਟੈਕਸ਼ਨ ਆਫ਼ ਮੈਡੀਕੇਅਰ ਸਰਵਿਸ ਪਰਸਨਜ਼ ਐਂਡ ਮੈਡੀਕੇਅਰ ਸਰਵਿਸ ਇੰਸਟੀਚਿਊਸ਼ਨਜ਼ (ਪ੍ਰੀਵੈਂਸ਼ਨ ਆਫ ਵਾਇਲੈਂਸ ਐਂਡ ਡੈਮੇਜ ਟੂ ਪ੍ਰਾਪਰਟੀ) ਐਕਟ, 2008' ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਰੀਆਂ ਸਿਹਤ ਸਹੂਲਤਾਂ ਵਿਖੇ ਅੰਗਰੇਜ਼ੀ ਅਤੇ ਪੰਜਾਬੀ ਦੋਵਾਂ ਭਾਸ਼ਾਵਾਂ ਵਿੱਚ ਡਿਸਪਲੇ ਬੋਰਡ ਲਗਾਏ ਜਾਣ, ਜਿਨ੍ਹਾਂ ‘ਤੇ ਇਸ ਐਕਟ ਦੀਆਂ ਧਾਰਾਵਾਂ, ਜੁਰਮਾਨੇ ਅਤੇ ਸਜ਼ਾਵਾਂ ਅਤੇ ਪੁਲਸ ਸਟੇਸ਼ਨਾਂ ਦੇ ਨੰਬਰਾਂ ਨੂੰ ਦਰਸਾਇਆ ਜਾਵੇ।
ਸਿਹਤ ਮੰਤਰੀ ਨੇ ਮਰੀਜ਼ਾਂ ਦੀ ਵੱਧ ਰਹੀ ਆਮਦ ਵਾਲੀਆਂ ਸਾਰੀਆਂ ਸਿਹਤ ਸੰਸਥਾਵਾਂ ਨੂੰ ਨਜ਼ਦੀਕੀ ਪੁਲਸ ਚੌਂਕੀ/ਸਟੇਸ਼ਨ ਨਾਲ ਜੋੜਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਸਿਹਤ ਸਹੂਲਤਾਂ 'ਤੇ ਹੋਮਗਾਰਡਾਂ ਦੀ ਤਾਇਨਾਤੀ, ਸੀ. ਸੀ. ਟੀ. ਵੀ. ਕੈਮਰੇ ਲਗਾਉਣ ਅਤੇ ਢੁਕਵੀਂ ਰੌਸ਼ਨੀ ਸਮੇਤ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ।
ਉਨ੍ਹਾਂ ਸੁਝਾਅ ਦਿੱਤਾ ਕਿ ਮਰੀਜ਼ਾਂ ਦੇ ਦਾਖ਼ਲੇ ਨੂੰ ਸੁਚਾਰੂ ਬਣਾਉਣ ਲਈ, ਇਨ-ਪੇਸ਼ੈਂਟ ਡਿਪਾਰਟਮੈਂਟ (ਆਈ. ਪੀ. ਡੀ.) ਖੇਤਰ ਵਿੱਚ ਮਰੀਜ਼ ਨਾਲ ਸਿਰਫ਼ ਇੱਕ ਵਿਅਕਤੀ ਨੂੰ ਹੀ ਜਾਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜਿਣਸੀ ਸ਼ੋਸ਼ਣ ਬਾਰੇ ਸਿਹਤ ਸਹੂਲਤ ਦੇ ਇੰਚਾਰਜ ਦੀ ਅਗਵਾਈ ਵਿੱਚ ਪੰਜ ਮੈਂਬਰੀ ਅੰਦਰੂਨੀ ਕਮੇਟੀ ਗਠਿਤ ਕਰਨ ਅਤੇ ਇਸ ਕਮੇਟੀ ਵਿੱਚ ਤਿੰਨ ਮਹਿਲਾ ਮੈਂਬਰਾਂ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ।