DC ਤੇ ਐਸ.ਐਸ.ਪੀ. ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ
ਦੀਵਾਲੀ ਅਤੇ ਤਿਉਹਾਰਾਂ ਦਾ ਸੀਜਨ ਲੋਕਾਂ ਲਈ ਖੁਸ਼ੀਆਂ, ਤਰੱਕੀ ਤੇ ਚੰਗੀ ਸਿਹਤ ਦੇ ਸੁਨੇਹੇ ਲੈਕੇ ਆਵੇ-ਡੀ.ਸੀ., ਐਸ.ਐਸ.ਪੀ
ਪਟਿਆਲਾ, 30 ਅਕਤੂਬਰ 2024: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਹੈ ਕਿ ਆਉਣ ਵਾਲਾ ਸਮਾਂ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।
ਡਿਪਟੀ ਕਮਿਸ਼ਨਰ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਦੀਵਾਲੀ ਸਮੂਹ ਲੋਕਾਂ ਲਈ ਖੁਸ਼ੀਆਂ ਅਤੇ ਬਰਕਤਾਂ ਲੈ ਕੇ ਆਵੇ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਦੀਵਾਲੀ ਸਮੇਂ ਪਟਾਕੇ ਚਲਾਉਣ ਤੋਂ ਬਚਿਆ ਜਾਵੇ। ਉਨ੍ਹਾਂ ਦੱਸਿਆ ਕਿ ਚਾਈਨਜ਼ ਪਟਾਕਿਆਂ 'ਤੇ ਪੂਰਨ ਪਾਬੰਦੀ ਹੈ ਇਸ ਲਈ ਸ਼ੋਰ ਅਤੇ ਪ੍ਰਦੂਸ਼ਨ ਫੈਲਾਉਣ ਵਾਲੇ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਇਹ ਦੀਵਾਲੀ ਸਾਫ਼-ਸੁਥਰੀ ਤੇ ਸਵੱਛ ਮਨਾਈ ਜਾਵੇ ਅਤੇ ਲੋਕਾਂ ਨਾਲ ਮਿਲ ਜੁਲਕੇ ਇਕ ਦੂਜੇ ਨੂੰ ਵਧਾਈਆਂ ਦੇ ਕੇ ਆਪਸੀ ਭਾਈਚਾਰਕ ਸਾਂਝ ਕਾਇਮ ਰੱਖੀ ਜਾਵੇ।
ਇਸੇ ਦੌਰਾਨ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਦੀ ਕੋਸ਼ਿਸ਼ ਰਹਿੰਦੀ ਹੈ ਕਿ ਹਮੇਸ਼ਾ ਲੋਕਾਂ ਦੀ ਸਾਂਝ ਅਤੇ ਸਹਿਯੋਗ ਨਾਲ ਅਮਨ-ਸ਼ਾਂਤੀ ਅਤੇ ਕਾਨੂੰਨ ਨੂੰ ਬਰਕਰਾਰ ਰੱਖਿਆ ਜਾ ਸਕੇ।
ਦੋਵਾਂ ਜ਼ਿਲ੍ਹਾ ਅਧਿਕਾਰੀਆਂ ਨੇ ਲੋਕਾਂ ਨੂੰ ਪ੍ਰਦੂਸ਼ਣ ਘਟਾਉਣ ਵੱਲ ਆਪਣਾ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਇਸ ਦਾ ਇਨ ਸੀਟੂ ਜਾਂ ਐਕਸ ਸੀਟੂ ਤਕਨੀਕਾਂ ਨਾਲ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ।