ਰੇਡੀਓ ਚਿਤਕਾਰਾ ਵੱਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਕੀਤਾ ਜਾ ਰਿਹੈ ਜਾਗਰੂਕ
ਰਾਜਪੁਰਾ/ਪਟਿਆਲਾ, 30 ਅਕਤੂਬਰ:
ਵਾਤਾਵਰਣ ਲਈ ਸਮਾਜ ਦੇ ਹਰੇਕ ਵਰਗ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰੇਡੀਓ ਚਿਤਕਾਰਾ ਵੱਲੋਂ ਰੋਜ਼ਾਨਾ ਅੱਧੇ ਘੰਟੇ ਦਾ ਪ੍ਰੋਗਰਾਮ ਵਿਸ਼ੇਸ਼ ਤੌਰ ’ਤੇ ਵਾਤਾਵਰਣ ਅਤੇ ਪਰਾਲੀ ਪ੍ਰਬੰਧਨ ’ਤੇ ਕੀਤਾ ਜਾ ਰਿਹਾ ਹੈ।
ਚਿਤਕਾਰਾ ਐਫ ਐਮ 107.8 ਰਾਹੀਂ ਚਿਤਕਾਰਾ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਮਿਲਣ ਵਾਲੀ ਮਸ਼ੀਨਰੀ ਸਮੇਤ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਜ਼ਮੀਨ, ਵਾਤਾਵਰਣ, ਪਸ਼ੂ-ਪੰਛੀਆਂ ਅਤੇ ਮਨੁੱਖੀ ਸਰੀਰ ’ਤੇ ਪੈਣ ਵਾਲੇ ਪ੍ਰਭਾਵ ਸਬੰਧੀ ਸੁਚੇਤ ਕੀਤਾ ਜਾ ਰਿਹਾ ਹੈ। ਰੇਡੀਓ ਚਿਤਕਾਰਾ ਦੇ ਅਨਾਊਸਰ ਤੇ ਪ੍ਰੋਫੈਸਰ ਆਸ਼ੂਤੋਸ਼ ਮਿਸ਼ਰਾ ਨੇ ਦੱਸਿਆ ਕਿ ਇਸ ਮੁਹਿੰਮ ਰਾਹੀ ਕਿਸਾਨਾਂ ਨੂੰ ਨਾਲ ਜੋੜਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਰੇਡੀਓ ਵੱਲੋਂ ਪਰਾਲੀ ਪ੍ਰਬੰਧਨ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਦੇ ਹਰੇਕ ਵਰਗ ਵਿੱਚ ਜਾਗਰੂਕਤਾ ਪੈਦਾ ਕਰਦੇ ਹਨ ਤੇ ਰੇਡੀਓ ਵੱਡੀ ਗਿਣਤੀ ਲੋਕਾਂ ਤੱਕ ਸੁਨੇਹਾ ਪਹੁੰਚਾਉਣ ਦਾ ਚੰਗਾ ਸਾਧਨ ਹੈ ਤੇ ਇਸ ਨਾਲ ਵਿਦਿਆਰਥੀਆਂ ਨੂੰ ਵੀ ਅਜਿਹੀ ਮੁਹਿੰਮ ਨਾਲ ਜੁੜਨ ਦਾ ਮੌਕਾ ਮਿਲਦਾ ਹੈ।