ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਆਪਣੇ ਆਪ ਤੋਂ ਕੀਤੀ ਜਾਵੇ ਸ਼ੁਰੂਆਤ : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ
- ਨੌਜਵਾਨਾਂ ਦੇ ਸਹਿਯੋਗ ਨਾਲ ਭ੍ਰਿਸ਼ਟਾਚਾਰ ਦੀ ਬੁਰਾਈ ਨੂੰ ਸੁਚਾਰੂ ਢੰਗ ਨਾਲ ਰੋਕਿਆ ਜਾ ਸਕਦੈ : ਐਸ.ਐਸ.ਪੀ ਰਾਜੇਸ਼ਵਰ ਸਿੱਧੂ
- ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕੇ. ਸੀ ਕਾਲਜ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ
ਪ੍ਰਮੋਦ ਭਾਰਤੀ
ਨਵਾਂਸ਼ਹਿਰ 30 ਅਕਤੂਬਰ ,2024 - ਵਿਜੀਲੈਂਸ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਯੂਨਿਟ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤੇ ਸਬੰਧੀ ‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ ਥੀਮ ਤਹਿਤ ਅੱਜ ਕੇ. ਸੀ ਕਾਲਜ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਵਰਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਗਏ ਇਸ ਸੈਮੀਨਾਰ ਵਿਚ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਐਸ. ਐਸ. ਪੀ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਰਾਜੇਸ਼ਵਰ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।
ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਮਾਗਮ ਦੌਰਾਨ ਮੌਜੂਦ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ, ਆਮ ਲੋਕਾਂ, ਸਮਾਜਿਕ ਪ੍ਰਤੀਨਿਧੀਆਂ ਆਦਿ ਨੂੰ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਆਪਣੇ ਆਪ ਤੋਂ ਸ਼ੁਰੂਆਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਰੇ ਪ੍ਰਣ ਲੈਣ ਕਿ ਉਹ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟ ਕਾਰਵਾਈ ਦਾ ਹਿੱਸਾ ਨਹੀਂ ਬਣਨਗੇ ਅਤੇ ਇਸ ਤਰ੍ਹਾਂ ਦੀ ਕਾਰਵਾਈ ਸਾਹਮਣੇ ਆਉਣ ’ਤੇ ਸਮਰੱਥ ਅਥਾਰਟੀ ਨੂੰ ਰਿਪੋਰਟ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿੰਦਗੀ ਦੇ ਹਰ ਖੇਤਰ ਵਿਚ ਨੇਕ ਨੀਅਤੀ ਅਤੇ ਵਿਧੀ ਵਿਧਾਨ ਦਾ ਪਾਲਣ ਕਰਦੇ ਹੋਏ ਸਾਰੇ ਕੰਮ ਇਮਾਨਦਾਰੀ ਅਤੇ ਪੂਰੀ ਪਾਰਦਰਸ਼ਤਾ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਐਸ.ਐਸ.ਪੀ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਰਾਜੇਸ਼ਵਰ ਸਿੰਘ ਸਿੱਧੂ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਸਹਿਯੋਗ ਨਾਲ ਇਸ ਸਮਾਜਿਕ ਬੁਰਾਈ ਨੂੰ ਸੁਚਾਰੂ ਢੰਗ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਤੇ ਵੀ ਇਸ ਤਰ੍ਹਾਂ ਦੀ ਕਾਰਵਾਈ ਉਨ੍ਹਾਂ ਦੇ ਧਿਆਨ ਵਿਚ ਆਉਂਦੀ ਹੈ, ਤਾਂ ਉਹ ਵਿਭਾਗ ਦੇ ਟੋਲ ਫਰੀ ਨੰਬਰ 1800-1800-1000, ਐਂਟੀ ਕਰੱਪਸ਼ਨ ਲਾਈਨ ਨੰਬਰ 95012-00200 ਜਾਂ ਵਿਜੀਲੈਂਸ ਬਿਊਰੋ ਦੇ ਨਜ਼ਦੀਕੀ ਦਫ਼ਤਰ ਵਿਚ ਇਸ ਦੀ ਜਾਣਕਾਰੀ ਦੇ ਸਕਦੇ ਹਨ।
ਉਨ੍ਹਾਂ ਕਿਹਾ ਕਿ ਸਾਰਿਆਂ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਦੇਸ਼, ਸਮਾਜ ਅਤੇ ਸਿਸਟਮ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਾਰਵਾਈਆਂ ਦੇ ਪ੍ਰਤੀ ਆਵਾਜ਼ ਬੁਲੰੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤਯੋਗ ਨਹੀਂ ਹੈ, ਜਿਸ ਦੇ ਖ਼ਾਤਮੇ ਲਈ ਸਾਰੇ ਵਰਗਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਦੌਰਾਨ ਭ੍ਰਿਸ਼ਟਾਚਾਰ ਖਿਲਾਫ ਸਹੁੰ ਵੀ ਚੁਕਾਈ ਗਈ ਅਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ।
ਇਸ ਮੌਕੇ ਕੇ. ਸੀ ਗਰੁੱਪ ਦੇ ਚੇਅਰਮੈਨ ਪ੍ਰੇਮ ਗਾਂਧੀ,ਐਸ.ਡੀ.ਐਮ ਬਲਾਚੌਰ ਪ੍ਰੀਤ ਇੰਦਰ ਸਿੰਘ ਬੈਂਸ, ਐਸ. ਪੀ (ਹੈਂਡ ਕੁਆਰਟਰ) ਸੋਹਣ ਲਾਲ, ਡੀ.ਐਸ.ਪੀ ਵਿਜੀਲੈਂਸ ਸ਼ਹੀਦ ਭਗਤ ਸਿੰਘ ਨਗਰ ਅਸ਼ਵਨੀ ਕੁਮਾਰ, ਜ਼ਿਲ੍ਹਾ ਲੋਕ ਸੰਪਰਕ ਅਫਸਰ ਹਰਦੇਵ ਸਿੰਘ ਆਸੀ, ਐਸ. ਏ. ਓ ਇੰਜ: ਰਜਿੰਦਰ ਕੁਮਾਰ ਮੂੰਮ, ਡਾ. ਕੁਲਜਿੰਦਰ ਕੌਰ, ਡਾ. ਬਲਜੀਤ ਕੌਰ, ਡਾ. ਰਾਜ ਕੁਮਾਰ, ਇੰਜ. ਜਫਤਾਰ ਅਹਿਮਦ, ਪ੍ਰਭਜੋਤ ਕੌਰ, ਮਨਿੰਦਰ ਪਾਲ ਸਿੰਘ, ਮੁਕੇਸ਼ ਕੁਮਾਰ, ਵਿਪਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਕਾਲਜ ਸਟਾਫ਼, ਵਿਦਿਆਰਥੀ ਅਤੇ ਹੋਰ ਪਤਵੰਤੇ ਮੌਜੂਦ ਸਨ।