ਬਰਨਾਲਾ ਕਤਲ ਕਾਂਡ ਵਿੱਚ ਪੁਲਿਸ ਨੇ 7 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਬਰਨਾਲਾ, 1 ਨਵੰਬਰ 2024 : ਜ਼ਿਲ੍ਹੇ ਦੇ ਪਿੰਡ ਪੱਖੋ ਦੀ ਅਨਾਜ ਮੰਡੀ ਵਿੱਚ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਦੱਸ ਦੇਈਏ ਕਿ 28 ਅਕਤੂਬਰ ਦੀ ਰਾਤ ਨੂੰ ਪਿੰਡ ਪੱਖੋਕੇ ਦੀ ਦਾਣਾ ਮੰਡੀ ਵਿੱਚ ਇੱਕ ਟਰੈਕਟਰ ਦੇ ਡੈੱਕ ਨੂੰ ਬੰਦ ਕਰਨ ਨੂੰ ਲੈ ਕੇ ਦੋ ਧਿਰਾਂ ਵਿੱਚ ਲੜਾਈ ਹੋ ਗਈ ਸੀ। ਜਿਸ ਵਿੱਚ ਪਿੰਡ ਦੇ ਹੀ ਕੁਝ ਨੌਜਵਾਨਾਂ ਵੱਲੋਂ 25 ਸਾਲਾ ਜਸਮੀਨ ਸਿੰਘ ਜੱਸੂ ਦਾ ਕਤਲ ਕਰ ਦਿੱਤਾ ਗਿਆ ਸੀ।
ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦਾ ਪਿਤਾ ਸਾਬਕਾ ਫੌਜੀ ਹੈ ਅਤੇ ਉਸ ਦੀ ਭੈਣ ਕੈਨੇਡਾ ਰਹਿੰਦੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ 28 ਅਕਤੂਬਰ ਨੂੰ ਦਾਣਾ ਮੰਡੀ ਪੱਖੋਕੇ ਵਿੱਚ ਹੋਈ ਲੜਾਈ ਦੌਰਾਨ ਜਸਮੀਨ ਸਿੰਘ ਉਰਫ਼ ਜੱਸੂ ਪੁੱਤਰ ਗੁਰਚਰਨ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਚਰਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਰਮਨਜੀਤ ਸਿੰਘ ਉਰਫ ਰਮਨਾ ਪੁੱਤਰ ਸੁਖਦੇਵ ਸਿੰਘ ਵਾਸੀ ਪੱਖੋਕੇ ਅਤੇ ਉਸ ਦੇ 11 ਸਾਥੀਆਂ ਖਿਲਾਫ ਥਾਣਾ ਸਦਰ ਬਰਨਾਲਾ 'ਚ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਸ਼ੇਰਵਿੰਦਰ ਸਿੰਘ ਦੀ ਅਗਵਾਈ ਹੇਠ ਕਤਲ ਦੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਮੁਲਜ਼ਮ ਰਮਨਜੀਤ ਸਿੰਘ ਉਰਫ਼ ਰਮਨਾ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ ਉਰਫ਼ ਜਿੰਦਰ, ਹਰਮਨਦੀਪ ਸਿੰਘ ਉਰਫ਼ ਹੰਮੂ, ਏਕਪ੍ਰੀਤ ਸਿੰਘ, ਸੁਖਵਿੰਦਰ ਸਿੰਘ ਉਰਫ਼ ਸੁੱਖਾ ਅਤੇ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਡੀਐਸਪੀ ਬੈਂਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 3 ਨਵੰਬਰ ਤੱਕ ਰਿਮਾਂਡ ’ਤੇ ਲਿਆ ਗਿਆ ਹੈ ਅਤੇ ਇਸ ਮਾਮਲੇ ਵਿੱਚ ਬਾਕੀ ਮੁਲਜ਼ਮਾਂ ਦੀ ਭਾਲ ਲਈ ਪੁਲੀਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਇਸ ਕਤਲ ਸਬੰਧੀ ਹੋਰ ਪੁੱਛਗਿੱਛ ਕੀਤੀ ਜਾਵੇਗੀ।