ਪਟਿਆਲਾ: ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਸਹਾਇਤਾ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ 'ਚ
- ਪਿੰਡਾਂ ਦੀਆਂ ਸੱਥਾਂ ਤੇ ਖੇਤਾਂ ਜਾ ਕੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਰੱਖਿਆ ਰਾਬਤਾ
ਪਟਿਆਲਾ, 3 ਨਵੰਬਰ 2024 - ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਜਿੰਨੀ ਤੇਜ਼ੀ ਨਾਲ ਹੋ ਰਹੀ ਹੈ, ਉਸੇ ਤੇਜ਼ੀ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਰਾਬਤਾ ਰੱਖਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਫ਼ਸਲ ਵੱਢਣ ਤੋਂ ਬਾਅਦ ਤੁਰੰਤ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਜਾਂ ਐਕਸ ਸੀਟੂ ਤਕਨੀਕਾਂ ਨਾਲ ਕਰਨ ਲਈ ਲੋੜੀਂਦੀ ਮੁਸ਼ੀਨਰੀ ਉਪਲਬੱਧ ਕਰਵਾਈ ਜਾ ਸਕੇ। ਇਸ ਕੰਮ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ ਵਿੱਚ ਕੰਮ ਕਰ ਰਿਹਾ ਹੈ।
ਅੱਜ ਐਤਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਪਿੰਡ ਫ਼ਤਿਗੜ੍ਹ ਛੰਨਾ, ਬਮਣਾ, ਕੁਲਾਰਾ, ਕਕਰਾਲਾ ਤੇ ਪਿੰਡ ਗੰਗਰੋਲੀ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਪਰਾਲੀ ਪ੍ਰਬੰਧਨ ਕਰਨ ਵਾਲੇ ਪਿੰਡ ਫ਼ਤਿਹਗੜ੍ਹ ਛੰਨਾ ਤੇ ਬੁਜ਼ਰਕ ਦੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ। ਇਸੇ ਤਰ੍ਹਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਨੇ ਪਿੰਡ ਮੰਡੋਲੀ, ਗੁਰਦਿੱਤਪੁਰਾ ਸਮੇਤ ਰਾਜਪੁਰਾ ਸਬ ਡਵੀਜ਼ਨ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਸੱਥ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਸਬੰਧੀ ਜਾਣਕਾਰੀ ਦਿੱਤੀ।
ਐਸਡੀਐਮ ਪਟਿਆਲਾ ਮਨਜੀਤ ਕੌਰ ਨੇ ਪਿੰਡ ਲੰਗ ਸਮੇਤ ਕਰੀਬ ਅੱਧਾ ਦਰਜਨ ਪਿੰਡਾਂ ਦਾ ਦੌਰਾ ਕੀਤਾ। ਜਦਕਿ ਐਸਡੀਐਮ ਨਾਭਾ ਡਾ ਇਸਮਤ ਵਿਜੈ ਸਿੰਘ ਨੇ ਪਿੰਡ ਲੁਬਾਣਾ ਟੇਕੂ, ਧਨੌਰਾ ਸਮੇਤ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ। ਐਸਡੀਐਮ ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਪਿੰਡ ਪਠਾਣਮਾਜਰਾ, ਜਲਾਲਬਾਦ, ਕੋਟਲਾ ਸਮੇਤ ਅੱਧੀ ਦਰਜ਼ ਪਿੰਡਾਂ ਦੇ ਕਿਸਾਨਾਂ ਨਾਲ ਖੇਤ ਵਿੱਚ ਜਾ ਕੇ ਮੁਲਾਕਾਤ ਕੀਤੀ। ਐਸਡੀਐਮ ਪਾਤੜਾਂ ਅਸ਼ੋਕ ਕੁਮਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਨਾਲ ਬੈਠਕਾ ਕੀਤੀਆਂ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਵੱਲੋਂ ਲਗਾਤਾਰ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਸੁਚੇਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਕਰਨ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਦੇ ਸਕੀਏ।