ਰੂਪਨਗਰ: ਝੋਨੇ ਦੀ ਖਰੀਦ ਬਦਲੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 305.14 ਕਰੋੜ ਰੁਪਏ ਦੀ ਅਦਾਇਗੀ
- 1 ਲੱਖ 43 ਹਜਾਰ 249 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ, 1 ਲੱਖ 42 ਹਜਾਰ 532 ਮੀਟ੍ਰਿਕ ਟਨ ਦੀ ਹੋਈ ਖਰੀਦ
ਰੂਪਨਗਰ, 3 ਨਵੰਬਰ 2024: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1 ਲੱਖ 43 ਹਜਾਰ 249 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 1 ਲੱਖ 42 ਹਜਾਰ 532 ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ ਜਿਸ ਦੇ ਬਦਲੇ ਕਿਸਾਨਾਂ ਨੂੰ 305.14 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਸ਼੍ਰੀ ਹਿਮਾਂਸ਼ੂ ਜੈਨ ਨੇ ਲਿਫਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੱਕ 71 ਹਜਾਰ 916 ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਦਿਨ ਹੀ 6 ਹਜਾਰ 992 ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ ਗਈ, ਜਿਸ ਵਿਚੋਂ ਪਨਗ੍ਰੇਨ ਨੇ 2 ਹਜਾਰ 456 ਮੀਟ੍ਰਿਕ ਟਨ, ਮਾਰਕਫੈਡ ਨੇ 1 ਹਜਾਰ 470 ਮੀਟ੍ਰਿਕ ਟਨ, ਪਨਸਪ ਨੇ 1 ਹਜਾਰ 648 ਮੀਟ੍ਰਿਕ ਟਨ, ਵੇਅਰ ਹਾਊਸ ਨੇ 1 ਹਜਾਰ 116 ਮੀਟ੍ਰਿਕ ਟਨ ਤੇ ਐਫਸੀਆਈ ਨੇ 302 ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ।
ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਕਈ ਭਿਆਨਕ ਬਿਮਾਰੀਆਂ ਲੱਗਣ ਦਾ ਖਤਰਾ ਰਹਿੰਦਾ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਵੀ ਨੁਕਸਾਨ ਹੁੰਦਾ ਹੈ।