ਡਿਪਟੀ ਕਮਿਸ਼ਨਰ ਵੱਲੋਂ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰਾਜੈਕਟਾਂ ਦਾ ਜਾਇਜ਼ਾ
- ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ , 4 ਨਵੰਬਰ 2024 - ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਅੱਜ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਸਬੰਧੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ।
ਉਨ੍ਹਾਂ ਕਿਹਾ ਕਿ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜਰ ਸ਼ਹਿਰ ਵਿੱਚ ਸੜਕਾਂ ਦੀ ਮੁਰੰਮਤ , ਸੀਵਰੇਜ , ਸਾਫ ਸਫਾਈ ਦੇ ਪੁਖ਼ਤਾ ਇੰਤਜ਼ਾਮ ਸਮੇਂ ਤੋਂ ਪਹਿਲਾਂ ਪੂਰੇ ਕਰਨੇ ਯਕੀਨੀ ਬਣਾਏ ਜਾਣ ।
ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਸਟਾਰਮ ਸੀਵਰ ਪਾਏ ਜਾਣ ਪਿੱਛੋਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ਉੱਪਰ ਜਾਰੀ ਹੈ ਜਿਸਨੂੰ ਅਗਲੇ ਕੁਝ ਦਿਨਾਂ ਤੱਕ ਪੂਰਾ ਕਰ ਲਿਆ ਜਾਵੇਗਾ ਤਾਂ ਜੋ ਪ੍ਰਕਾਸ਼ ਪੁਰਬ ਮੌਕੇ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ । ਉਨਾਂ ਸ਼ਹੀਦ ਊਧਮ ਸਿੰਘ ਚੌਂਕ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਇੰਟਰਲਾਕ ਲਾਏ ਜਾਣ ਦਾ ਵੀ ਜਾਇਜ਼ਾ ਲਿਆ ਤੇ ਕੰਮ ਨੂੰ ਜਲਦ ਪੂਰਾ ਕਰਨ ਦੇ ਹੁਕਮ ਦਿੱਤੇ ।
ਡਿਪਟੀ ਕਮਿਸ਼ਨਰ ਨੇ ਸੁਲਤਾਨਪੁਰ ਲੋਧੀ ਨੂੰ ਬਾਰਾਸਤਾ ਫੱਤੂਢੀਂਗਾ ਤੇ ਰੇਲ ਕੋਚ ਫੈਕਟਰੀ ਆਉਣ ਵਾਲੀਆਂ ਸੜਕਾਂ ਜੋ ਕਿ 4 ਮਾਰਗੀ ਕਰ ਦਿੱਤੀਆਂ ਗਈਆਂ ਹਨ , ਦੇ ਬਕਾਇਆ ਰਹਿੰਦੇ ਕੰਮ ਨੂੰ ਜਲਦ ਪੂਰਾ ਕਰਨ ਦੇ ਹੁਕਮ ਦਿੱਤੇ ।
ਡਿਪਟੀ ਕਮਿਸ਼ਨਰ ਵੱਲੋਂ ਸੂਰਜੀ ਊਰਜਾ ਦੇ ਪ੍ਰਾਜੈਕਟਾਂ , ਕੇਂਦਰੀਕ੍ਰਿਤ ਕੰਟਰੋਲ ਸੈੰਟਰ ਦੀ ਸਥਾਪਨਾ ਤੇ ਸ਼ਹਿਰ ਵਿੱਚ ਸੀ ਸੀ ਟੀ ਵੀ ਕੈਮਰੇ ਲਾਉਣ ਦੇ ਕੰਮ ਦੀ ਵੀ ਸਮੀਖਿਆ ਕੀਤੀ ਤਾਂ ਜੋ ਸ਼ਹਿਰ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਜਾ ਸਕੇ ।
ਉਨ੍ਹਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੇ ਮੱਦੇਨਜਰ ਸੰਗਤ ਦੀ ਸਹੂਲਤ ਲਈ ਪਾਰਕਿੰਗ , ਆਵਾਜਾਈ , ਬਦਲਵੇਂ ਰੂਟ ਜਾਰੀ ਕਰਨ , ਪੀਣ ਵਾਲੇ ਪਾਣੀ , ਮੈਡੀਕਲ ਟੀਮਾਂ ਦੀ ਤਾਇਨਾਤੀ ਆਦਿ ਦਾ ਵੀ ਜਾਇਜ਼ਾ ਲਿਆ ।
ਉਨਾਂ ਐਸ ਡੀ ਐਮ ਸੁਲਤਾਨਪੁਰ ਲੋਧੀ ਨੂੰ ਨਿਰਦੇਸ਼ ਦਿੱਤੇ ਕਿ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਦੀ ਜ਼ਮੀਨੀ ਪੱਧਰ ਉੱਪਰ ਹਫਤਾਵਰੀ ਸਮੀਖਿਆ ਕੀਤੀ ਜਾਵੇ ਤਾਂ ਜੋ ਵਿਕਾਸ ਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ ।
ਇਸ ਮੌਕੇ ਐਸ ਡੀ ਐਮ ਅਪਰਣਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।