ਅਕਾਲੀ ਦਲ ਨੇ ਕਿਸਾਨਾਂ ਦੇ ਹੱਕ 'ਚ ਕੀਤਾ ਰੋਸ ਮਾਰਚ, SDM ਨੂੰ ਦਿੱਤਾ ਮੰਗ ਪੱਤਰ
ਰੋਹਿਤ ਗੁਪਤਾ
ਗੁਰਦਾਸਪੁਰ , 5 ਨਵੰਬਰ 2024- ਅਕਾਲੀ ਦਲ ਦੇ ਹਲਕਾ ਫ਼ਤਿਹਗੜ੍ਹ ਚੂੜੀਆਂ ਤੋਂ ਇੰਚਾਰਜ ਅਤੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ ਵਿਚ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਖਰੀਦ ਵਿੱਚ ਹੋ ਰਹੀ ਲੁੱਟ, ਝੋਨੇ ਦੀ ਲਿਫਟਿੰਗ ਸਮੇਂ ਸਿਰ ਨਾ ਹੋਣ, ਡੀ.ਏ.ਪੀ ਖਾਦ ਦੀ ਕਮੀ ਅਤੇ ਕਾਲਾ ਬਜ਼ਾਰੀ ਦੇ ਵਿਰੋਧ ਵਿੱਚ ਅਕਾਲੀ ਦਲ ਸਮਰਥਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਐਸ.ਡੀ.ਐਮ ਦਫ਼ਤਰ ਫ਼ਤਿਹਗੜ੍ਹ ਚੂੜੀਆਂ ਵਿਖੇ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਐਸ.ਡੀ.ਐਮ ਵੀਰਪਾਲ ਕੌਰ ਨੂੰ ਮੰਗ ਪੱਤਰ ਸੌਂਪਿਆ ਗਿਆ। ਜਿਸ ਵਿੱਚ ਉਨ੍ਹਾਂ ਨੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਕਿਹਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਵੱਡੀ ਬੇਇੰਸਾਫ਼ੀ ਹੋ ਰਹੀ ਹੈ, ਉਨ੍ਹਾਂ ਨੂੰ ਆਪਣੀ ਫ਼ਸਲ ਦਾ ਸਹੀ ਮੁੱਲ਼ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ ਅਤੇ ਨਕਲੀ ਡੀ.ਏ.ਪੀ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਇਸ ਵਾਸਤੇ ਸਰਕਾਰ ਨੂੰ ਅਗੇਤੇ ਪ੍ਰਬੰਧਾਂ ਦੀ ਜ਼ਰੂਰਤ ਸੀ, ਪਰ ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਵਿੱਚ ਫੇਲ੍ਹ ਸਾਬਿਤ ਹੋਈ ਹੈ।
ਲੋਧੀਨੰਗਲ ਨੇ ਕਿਹਾ ਕਿ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਕਿੱਲਾ ਘਾਟਾ ਪਿਆ ਹੈ, ਜੋ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਪਈ ਹੈ ਅਤੇ ਲੁੱਟ ਖਸੁੱਟ ਦੀ ਭਾਈਵਾਲ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਵੱਲ ਸਰਕਾਰ ਨੂੰ ਧਿਆਨ ਦੇਣ ਦੀ ਲੋੜ ਹੈ ।ਕਿਸਾਨਾਂ ਨੂੰ ਰੁਲਣ ਤੋਂ ਬਚਾਇਆ ਜਾਵੇ ਅਤੇ ਕਿਸਾਨਾਂ ਦਾ ਬਣਦਾ ਹੱਕ ਦਿੱਤਾ ਜਾਵੇ। ਲੋਧੀਨੰਗਲ ਨੇ ਕਿਹਾ ਕਿ ਸਰਕਾਰ ਤੋਂ ਆੜ੍ਹਤੀਆ, ਕਿਸਾਨ, ਮਜ਼ਦੂਰ, ਵਪਾਰੀ ਸਮੇਤ ਸਾਰਾ ਵਰਗ ਦੁਖੀ ਹੈ।
ਇਸ ਮੌਕੇ ਰਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਦਿਹਾਤੀ, ਲਖਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ, ਸੁਖਰਾਜ ਬਿਜਲੀਵਾਲ, ਸੰਤੋਖ ਸਿੰਘ ਦਮੋਦਰ, ਅਜੀਤ ਸਿੰਘ ਚੱਠਾ, ਪਰਮਜੀਤ ਸਿੰਘ ਰੰਧਾਵਾ, ਗੁਰਜੀਤ ਸਿੰਘ ਬਿਜਲੀਵਾਲ, ਅਮਨ ਵੜੈਚ, ਗੁਰਨਾਮ ਸਿੰਘ ਘਾੜਕੀਆਂ, ਗੁਰਮੀਤ ਸਿੰਘ ਸ਼ਮਸ਼ੇਰਪੁਰ, ਹਰਜੀਤ ਸਿੰਘ ਨੰਦਿਆਂਵਾਲੀ, ਗੁਰਵਿੰਦਰ ਸਿੰਘ ਸਰਪੰਚ ਘਾੜਕੀਆਂ, ਜਸਵੰਤ ਸਿੰਘ, ਗੁਰਵਿੰਦਰ ਵੀਲਾ, ਭਿੰਦਾ ਰੰਧਾਵਾ ਯੂਥ ਪ੍ਰਧਾਨ ਸ਼ਹਿਰੀ, ਨਰਿੰਦਰ ਆਜਮਪੁਰ, ਹਰਬੰਸ ਸਿੰਘ, ਮਨਦੀਪ ਸਿੰਘ ਪੀ.ਏ ਆਦਿ ਹਾਜ਼ਿਰ ਸਨ।