ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ 14 ਨਵੰਬਰ ਨੂੰ ਜਾਵੇਗਾ ਪਾਕਿਸਤਾਨ
ਅੰਮ੍ਰਿਤਸਰ, 5 ਨਵੰਬਰ-
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 14 ਨਵੰਬਰ 2024 ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪਾਸ ਪੁੱਜੇ ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਵਾਸਤੇ ਪਾਕਿਸਤਾਨ ਦੂਤਾਵਾਸ ਕੋਲ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਤਹਿ ਹੋਏ ਪ੍ਰੋਗਰਾਮ ਅਨੁਸਾਰ ਇਹ ਜਥਾ 14 ਨਵੰਬਰ ਨੂੰ ਵਾਹਗਾ ਬਾਰਡਰ ਰਸਤੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਵੇਗਾ ਜਿਥੇ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ। ਸ਼ਰਧਾਲੂਆਂ ਦਾ ਇਹ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 23 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ।