ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ ’ਚ ਸੂਬਾ ਤੇ ਕੇਂਦਰ ਸਰਕਾਰ ਖਿਲਾਫ ਵਿਸ਼ਾਲ ਧਰਨਾ
ਅੰਨਦਾਤਾ ਤੋਂ ਜਾਣ ਬੁੱਝ ਕੇ ਕਿਸਾਨੀ ਅੰਦੋਲਨ ਦਾ ਬਦਲਾ ਲਿਆ ਜਾ ਰਿਹੈ: ਡਾ. ਦਲਜੀਤ ਸਿੰਘ ਚੀਮਾ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ, 5 ਨਵੰਬਰ 2024: ਸ਼੍ਰੋਮਣੀ ਅਕਾਲੀ ਦਲ ਦੀ ਰੋਪੜ ਇਕਾਈ ਵੱਲੋਂ ਅੱਜ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਕਿਸਾਨਾਂ ਦੇ ਹੱਕ ਵਿਚ ਤੇ ਸੂਬਾ ਤੇ ਕੇਂਦਰ ਸਰਕਾਰ ਦੇ ਖਿਲਾਫ ਵਿਸ਼ਾਲ ਧਰਨਾ ਦਿੱਤਾ ਗਿਆ।
ਇਸ ਧਰਨੇ ਨੂੰ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਕੇਂਦਰ ਸਰਕਾਰ ਨੇ ਅੰਨਦਾਤਾ ਨੂੰ ਮੰਡੀਆਂ ਵਿਚ ਰੋਲ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਅੰਨਦਾਤਾ ਤੋਂ ਕਿਸਾਨੀ ਅੰਦੋਲਨ ਦਾ ਬਦਲਾ ਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਜਿਣਸ ਐਮ ਐਸ ਪੀ ਨਾਲੋਂ ਘੱਟ ਰੇਟ ’ਤੇ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਤੇ ਪ੍ਰਤੀ ਕੁਇੰਟਲ ਪਿੱਛੇ ਤਿੰਨ ਤੋਂ ਲੈ ਕੇ ਪੰਜ ਰੁਪਏ ਤੱਕ ਦੇ ਕੱਟ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹ ਸਾਰਾ ਕੁਝ ਇਕ ਗਿਣੀ ਮਿਥੀ ਸਾਜ਼ਿਸ਼ ਦਾ ਹਿੱਸਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹਾ ਰਿਹਾ ਹੈ ਤੇ ਹਮੇਸ਼ਾ ਹੀ ਰਹੇਗਾ।
ਉਹਨਾਂ ਕਿਹਾ ਕਿ ਇਹ ਇਕ ਬਹੁਤ ਹੀ ਡੂੰਘੀ ਤੇ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹੈ। ਇਕ ਪਾਸੇ ਤਾਂ ਸਾਡੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੋਫਾੜ ਕਰ ਕੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾ ਦਿੱਤੀ ਗਈ ਤੇ ਦੂਜੇ ਪਾਸੇ ਆਪਣੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਆਗੂ ਵਿਹੂਣਾ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।
ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਇਸ ਧਰਨੇ ਨੂੰ ਇੰਨਾ ਵਿਸ਼ਾਲ ਬਣਾ ਕੇ ਸਫਲ ਬਣਾਉਣ ਵਾਸਤੇ ਰੋਪੜ ਇਕਾਈ ਦੇ ਸਮੁੱਚੇ ਅਹੁਦੇਦਾਰਾਂ ਤੇ ਮੈਂਬਰਾਂ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਸਮੁੱਚੇ ਵਰਕਰਾਂ, ਇਸਤਰੀ ਵਿੰਗ, ਯੂਥ ਵਿੰਗ, ਐਸ ਸੀ ਵਿੰਗ ਸਮੇਤ ਪਾਰਟੀ ਦੇ ਹਰ ਵਰਕਰ ਤੇ ਆਗੂ ਦਾ ਧੰਨਵਾਦ ਕੀਤਾ।