ਨਵੀਂ ਦਿੱਲੀ/ਚੰਡੀਗੜ੍ਹ, 23 ਅਗਸਤ, 2016 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਵਸ ਦੇ ਮੌਕੇ 'ਤੇ ਉਨ੍ਹਾਂ ਦੀ ਕਰਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਡਿਫੈਂਸ ਅਕੈਡਮੀ ਦੀ ਸਥਾਪਨਾ ਕੀਤੀ ਜਾਵੇ। ਇਸ ਸਬੰਧੀ ਪਾਰਟੀ ਦੇ ਪਾਰਲੀਮੈਂਟ ਮੈਂਬਰਾਂ ਦਾ ਇਕ ਵਫ਼ਦ ਮੁਲਕ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਉਨ੍ਹਾਂ ਦੇ ਦਿੱਲੀ ਸਥਿਤ ਦਫ਼ਤਰ ਵਿੱਚ ਮਿਲਿਆ।
ਪਾਰਟੀ ਦੇ ਜਨਰਲ ਸਕੱਤਰ ਤੇ ਬੁਲਾਰੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਫ਼ਦ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਡਿਫੈਂਸ ਅਕੈਡਮੀ ਦੀ ਸਥਾਪਨਾ ਜਿੱਥੇ ਇਸ ਖਿੱਤੇ ਦੇ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਜਾਣ ਲਈ ਪ੍ਰੇਰਿਤ ਤੇ ਸਿੱਖਿਅਤ ਕਰੇਗੀ, ਉਥੇ ਮੁਲਕ ਦੀ ਸੁਰੱਖਿਆ ਲਈ ਵੀ ਅਹਿਮ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਵਫ਼ਦ ਨੇ ਇਹ ਵੀ ਮੰਗ ਕੀਤੀ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਪੰਜਾਬ ਖਾਸ ਕਰਕੇ ਸਿੱਖ ਇਤਿਹਾਸ ਤੇ ਵਿਰਸੇ 'ਤੇ ਖੋਜ ਕਾਰਜਾਂ ਲਈ ਇਕ ਵਿਸ਼ੇਸ਼ ਖੋਜ ਕੇਂਦਰ ਬਣਾਇਆ ਜਾਵੇ। ਪਾਰਟੀ ਦੇ ਵਫ਼ਦ ਨੇ ਅਗਲੇ ਵਰ੍ਹੇ ਜਨਵਰੀ ਵਿੱਚ ਪਟਨਾ ਸਾਹਿਬ ਵਿਖੇ ਹੋਣ ਵਾਲੇ ਵਿਸ਼ੇਸ਼ ਸਮਾਗਮ ਦੇ ਪ੍ਰਬੰਧਾਂ ਸਬੰਧੀ ਚਰਚਾ ਕਰਦਿਆਂ ਮੰਗ ਕੀਤੀ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਵਿਸ਼ਵ ਭਰ ਵਿੱਚੋਂ ਲੱਖਾਂ ਦੀ ਗਿਣਤੀ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ਤੋਂ ਤਖ਼ਤ ਸਾਹਿਬ ਤੱਕ ਐਲਵੇਟਿਡ ਰੋਡ ਬਣਾਈ ਜਾਵੇ।
ਸ਼੍ਰੋਮਣੀ ਅਕਾਲੀ ਦਲ ਨੇ ਗ੍ਰਹਿ ਮੰਤਰੀ ਨੂੰ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਲਈ ਪੰਜਾਬ ਤੇ ਬਿਹਾਰ ਸੂਬਿਆਂ ਲਈ ਰਾਖਵੀਂ ਰੱਖੀ ਗਈ 100 ਕਰੋੜ ਰੁਪਏ ਦੀ ਰਾਸ਼ੀ ਛੇਤੀ ਜਾਰੀ ਕਰਾ ਦਿੱਤੀ ਜਾਵੇ। ਇਨ੍ਹਾਂ ਦੋਵਾਂ ਸਰਕਾਰਾਂ ਨੇ ਆਪਣੇ-ਆਪਣੇ ਸੂਬਿਆਂ ਵਿੱਚ ਇਸ ਇਤਿਹਾਸਕ ਦਿਹਾੜੇ ਨੂੰ ਵੱਡੀ ਪੱਧਰ 'ਤੇ ਮਨਾਉਣ ਲਈ ਪ੍ਰੋਗਰਾਮ ਉਲੀਕੇ ਹੋਏ ਹਨ ਅਤੇ ਇਨ੍ਹਾਂ ਪ੍ਰੋਗਰਾਮਾਂ ਲਈ ਬਜਟ ਵਿੱਚ ਰਾਸ਼ੀ ਵੀ ਰੱਖੀ ਹੋਈ ਹੈ। ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਅਕਾਲੀ ਦਲ ਦੇ ਵਫ਼ਦ ਵੱਲੋਂ ਉਠਾਏ ਸਾਰੇ ਮਾਮਲਿਆਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਇਸ ਸਬੰਧੀ ਤਜਵੀਜ਼ਾਂ ਬਣਾ ਕੇ ਕੇਂਦਰ ਸਰਕਾਰ ਨੂੰ ਛੇਤੀ ਭਿਜਵਾ ਦਿੱਤੀਆਂ ਜਾਣ ਤਾਂ ਕਿ ਉਨ੍ਹਾਂ 'ਤੇ ਫੈਸਲਾ ਕੀਤਾ ਜਾ ਸਕੇ।
ਅਕਾਲੀ ਆਗੂ ਨੇ ਦੱਸਿਆ ਕਿ ਗ੍ਰਹਿ ਮੰਤਰੀ ਤੋਂ ਇਹ ਵੀ ਮੰਗ ਕੀਤੀ ਗਈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿੱਚ ਦੋ ਸਿੱਖ ਪਾਰਲੀਮੈਂਟ ਮੈਂਬਰਾਂ ਨੂੰ ਚੁਣ ਕੇ ਭੇਜਣ ਦੀ ਪ੍ਰਕ੍ਰਿਆ ਛੇਤੀ ਤੋਂ ਛੇਤੀ ਬਹਾਲ ਕੀਤੀ ਜਾਵੇ। ਜੰਮੂ-ਕਸ਼ਮੀਰ ਦੇ ਸਿੱਖਾਂ ਦੀਆਂ ਸਮੱਸਿਆਵਾਂ ਗ੍ਰਹਿ ਮੰਤਰੀ ਦੇ ਧਿਆਨ ਵਿੱਚ ਲਿਆਉਂਦਿਆਂ ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਦਾ ਹੱਲ ਤੁਰੰਤ ਕੀਤਾ ਜਾਵੇ। ਵਫ਼ਦ ਨੇ ਕੌਮੀ ਮਾਰਗਾਂ 'ਤੇ ਲੱਗੇ ਟੌਲ ਪਲਾਜ਼ਿਆਂ ਦੇ ਠੇਕੇਦਾਰਾਂ ਵੱਲੋਂ ਕੰਬਾਈਨ ਮਾਲਕਾਂ ਦੀ ਕੀਤੀ ਜਾਂਦੀ ਲੁੱਟ ਨੂੰ ਤੁਰੰਤ ਬੰਦ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਨੂੰ ਖੇਤੀ ਮਸ਼ੀਨਰੀ ਦੀ ਸੂਚੀ ਵਿੱਚ ਸ਼ਾਮਲ ਕਰਦਿਆਂ ਟਰੈਕਟਰ-ਟਰਾਲੀ ਦੀ ਤਰਜ਼ 'ਤੇ ਟੌਲ ਪਲਾਜ਼ੇ ਤੋਂ ਮੁਕਤ ਕੀਤਾ ਜਾਵੇ।