Mohali: ਮੰਗਲਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੇ ਸੰਭਾਵੀ ਟੀਚੇ ਦਾ 81 ਫੀਸਦੀ ਦਾਣਾ ਖਰੀਦਿਆ ਗਿਆ
ਕਿਸਾਨਾਂ ਨੂੰ ਖਰੀਦੇ ਝੋਨੇ ਦੀ 383.15 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ
ਮੰਡੀਆਂ ਵਿੱਚੋਂ 71004 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਹੋਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਨਵੰਬਰ, 2024: ਮੰਗਲਵਾਰ ਸ਼ਾਮ ਤੱਕ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,74,511 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਜੋ ਕਿ ਇਸ ਸਾਲ ਦੇ ਸੰਭਾਵੀ ਟੀਚੇ ਦਾ 81.25 ਫੀਸਦੀ ਬਣਦਾ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸ਼ਾਮ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਵਾਰ ਦਾ ਝੋਨੇ ਦੀ ਸੰਭਾਵੀ ਆਮਦ ਦਾ ਟੀਚਾ 2,14,776 ਮੀਟਰਿਕ ਟਨ ਕਿਆਸਿਆ ਗਿਆ ਹੈ, ਜਿਸ ਵਿੱਚੋਂ ਹੁਣ ਤੱਕ 81.25 ਫੀਸਦੀ ਦੀ ਖਰੀਦ ਹੋ ਜਾਣ ਬਾਅਦ, ਹੁਣ ਕੇਵਲ ਇਸ ਸੰਭਾਵ ਆਮਦ ਦਾ 19% ਝੋਨਾ ਹੀ ਮੰਡੀਆਂ ਵਿੱਚ ਆਉਣਾ ਅਤੇ ਖਰੀਦਣਾ ਬਾਕੀ ਹੈ।
ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੁਣ ਤੱਕ 71004 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕਰ ਲਈ ਗਈ ਹੈ ਅਤੇ ਬਾਕੀ ਦੀ ਫ਼ਸਲ ਵੀ ਜਲਦ ਹੀ ਮੰਡੀਆਂ ਵਿੱਚੋਂ ਚੁੱਕ ਲਈ ਜਾਵੇਗੀ। ਡਿਪਟੀ ਕਮਿਸ਼ਨਰ ਅਨੁਸਾਰ ਇਸ ਖਰੀਦੇ ਗਏ ਝੋਨੇ ਦੀ ਹੁਣ ਤੱਕ ਕਿਸਾਨਾਂ ਨੂੰ 383.15 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਹਨਾਂ ਏਜੰਸੀ ਵਾਰ ਖਰੀਦ ਦੇ ਅੰਕੜੇ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 56980 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 41242 ਮੀਟ੍ਰਿਕ ਟਨ, ਪਨਸਪ ਵੱਲੋਂ 38305 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 15874 ਮੀਟ੍ਰਿਕ ਟਨ, ਭਾਰਤੀ ਖੁਰਾਕ ਨਿਗਮ ਵੱਲੋਂ 18733 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਪ੍ਰਾਈਵੇਟ ਵਪਾਰੀਆਂ ਵੱਲੋਂ ਇਸ ਸੀਜ਼ਨ ਦੌਰਾਨ ਕੁੱਲ 677 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨਾਂ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।