ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਪ੍ਰਬੰਧਕਾਂ ਨੇ ਕੀਤੀ ਧਾਰਮਿਕ ਜਥੇਬੰਦੀਆਂ ਨਾਲ ਮੀਟਿੰਗ
14 ਨਵੰਬਰ ਨੂੰ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾਵੇਗਾ ਅਲੋਕਿਕ ਨਗਰ ਕੀਰਤਨ: ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 5 ਨਵੰਬਰ 2024:ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 555ਵੇਂ ਪ੍ਰਕਾਸ਼ ਪੂਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਧਾਰਮਿਕ ਜਥੇਬੰਦੀਆਂ ਨਾਲ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸਜੀਪੀਸੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਮੈਨੇਜਰ ਗੁਰਬਖਸ਼ ਸਿੰਘ, ਸੇਵਾ ਮੁਕਤ ਮੈਨੇਜਰ ਜਰਨੈਲ ਸਿੰਘ ਬੂਲੇ, ਅਡੀਸ਼ਨਲ ਮੈਨੇਜਰ ਚੰਚਲ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 555ਵਾਂ ਪ੍ਰਕਾਸ਼ ਪੂਰਬ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਉਹਨਾਂ ਦੱਸਿਆ ਕਿ 13 ਅਤੇ 14 ਨਵੰਬਰ ਦੀ ਦਰਮਿਆਨੀ ਰਾਤ ਨੂੰ ਢਾਈ ਵਜੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ,ਜਿਨਾਂ ਦੇ ਭੋਗ 15 ਅਤੇ 16 ਨਵੰਬਰ ਦੀ ਦਰਮਿਆਨੀ ਰਾਤ ਨੂੰ 1: 40 ਤੇ ਪਾਏ ਜਾਣਗੇ ਅਤੇ ਇਸ ਸਮੇਂ ਫੁੱਲਾਂ ਦੀ ਵਰਖਾ ਹੋਵੇਗੀ। ਉਹਨਾਂ ਦੱਸਿਆ ਕਿ 14 ਨਵੰਬਰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋ ਕੇ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਬਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਪੰਨ ਹੋਵੇਗਾ ਜਿਸ ਉੱਪਰ ਸਾਰੇ ਰਸਤੇ ਹਵਾਈ ਜਹਾਜ ਤੇ ਸੇਵਾਦਾਰਾਂ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ। ਇਸੇ ਦਿਨ ਸ਼ਾਮ ਦੇ 4 ਵਜੇ ਤੋਂ 16 ਨਵੰਬਰ ਨੂੰ ਸਵੇਰੇ 9 ਵਜੇ ਤੱਕ ਭਾਈ ਮਰਦਾਨਾ ਦੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸੱਜਣਗੇ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵਿਸ਼ਰੀ ਜਥੇ ਭਾਗ ਲੈਣਗੇ। ਉਹਨਾਂ ਦੱਸਿਆ ਕਿ 15 ਨਵੰਬਰ ਨੂੰ ਸ਼ਾਮ 7 ਵਜੇ ਸ਼ਾਨਦਾਰ ਦੀਪਮਾਲਾ ਹੋਵੇਗੀ ਅਤੇ ਆਤਿਸ਼ਬਾਜੀ ਚਲਾਈ ਜਾਵੇਗੀ। ਇਸੇ ਦਿਨ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਉਹਨਾਂ ਦੱਸਿਆ ਕਿ ਸੰਗਤਾਂ ਲਈ ਰਿਹਾਇਸ਼ ਅਤੇ ਲੰਗਰ ਦੇ ਪੂਰੇ ਪ੍ਰਬੰਧ ਕਰ ਲਏ ਗਏ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵੱਖ-ਵੱਖ ਜਥੇਬੰਦੀਆਂ ਦੀਆਂ ਸੇਵਾ ਲਈ ਡਿਊਟੀਆਂ ਲਗਾਈਆਂ ਗਈਆਂ।